ਮਹਿਲਾ ਸਮਰਿਧੀ ਯੋਜਨਾ ਲਈ 5,100 ਕਰੋੜ ਰੁਪਏ ਨੂੰ ਮਨਜ਼ੂਰੀ: ਨੱਢਾ
Saturday, Mar 08, 2025 - 04:21 PM (IST)

ਨਵੀਂ ਦਿੱਲੀ- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਸ਼ਨੀਵਾਰ ਨੂੰ ਕਿਹਾ ਕਿ ਦਿੱਲੀ ਕੈਬਨਿਟ ਨੇ ਮਹਿਲਾ ਸਮ੍ਰਿਧੀ ਯੋਜਨਾ ਨੂੰ ਲਾਗੂ ਕਰਨ ਲਈ 5,100 ਕਰੋੜ ਰੁਪਏ ਦੇ ਅਲਾਟਮੈਂਟ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਦੇ ਤਹਿਤ ਰਾਸ਼ਟਰੀ ਰਾਜਧਾਨੀ 'ਚ ਔਰਤਾਂ ਨੂੰ ਹਰ ਮਹੀਨੇ 2,500 ਰੁਪਏ ਮਿਲਣਗੇ। ਕੌਮਾਂਤਰੀ ਮਹਿਲਾ ਦਿਵਸ ਮੌਕੇ ਇੱਥੇ ਆਯੋਜਿਤ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਨੱਢਾ ਨੇ ਦਿੱਲੀ ਦੀਆਂ ਔਰਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਯੋਜਨਾ ਨੂੰ ਤੁਰੰਤ ਸ਼ੁਰੂ ਕੀਤਾ ਜਾਵੇਗਾ।
ਨੱਢਾ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਦਿੱਲੀ 'ਚ ਮਹਿਲਾ ਸਸ਼ਕਤੀਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਮੌਕੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਹੋਰ ਸੀਨੀਅਰ ਆਗੂ ਮੌਜੂਦ ਸਨ। ਭਾਜਪਾ ਦੀ ਚੋਣਾਵੀ ਸਫਲਤਾ ਵਿਚ ਔਰਤਾਂ ਦੀ ਭੂਮਿਕਾ ਨੂੰ ਸਵੀਕਾਰ ਕਰਦੇ ਹੋਏ ਨੱਢਾ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ 'ਚ ਜਿੱਤ ਔਰਤਾਂ ਦੇ ਸਮਰਥਨ ਤੋਂ ਬਿਨਾਂ ਸੰਭਵ ਨਹੀਂ ਸੀ।
ਪਿਛਲੇ ਮਹੀਨੇ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਔਰਤਾਂ ਨੂੰ ਪ੍ਰਤੀ ਮਹੀਨਾ 2,500 ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਜੋ ਕਿ ਆਮ ਆਦਮੀ ਪਾਰਟੀ (ਆਪ) ਦੀ 2,100 ਰੁਪਏ ਦੀ ਪੇਸ਼ਕਸ਼ ਤੋਂ ਵੱਧ ਸੀ। ਭਾਜਪਾ ਦੀ ਰਣਨੀਤੀ ਸਫਲ ਰਹੀ ਅਤੇ ਇਸ ਨੇ 70 'ਚੋਂ 48 ਸੀਟਾਂ ਜਿੱਤੀਆਂ ਅਤੇ 27 ਸਾਲ ਬਾਅਦ ਦਿੱਲੀ ਵਿਚ ਸੱਤਾ ਵਿਚ ਵਾਪਸੀ ਕੀਤੀ।