ਦਿੱਲੀ ਕਮੇਟੀ ਭੁੱਲਰ ਦੇ ਮਾਮਲੇ ਸਬੰਧੀ ਸੁਪਰੀਮ ਕੋਰਟ ’ਚ ਅਪੀਲ ਦਾਖਲ ਕਰੇਗੀ : ਸਿਰਸਾ

12/18/2019 9:36:47 PM

ਨਵੀਂ ਦਿੱਲੀ/ਜਲੰਧਰ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ’ਤੇ ਰੋਕ ਲਾਉਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਇਸ ਖਿਲਾਫ ਸੁਪਰੀਮ ਕੋਰਟ ਵਿਚ ਅਪੀਲ ਦਾਇਰ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ।

ਇਸ ਸਬੰਧੀ ਸਿਰਸਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਇਕ ਪਾਸੇ ਤਾਂ ਅੱਤਵਾਦ ਦੇ ਵਿਰੋਧ ਦੀ ਗੱਲ ਕੀਤੀ ਜਾਂਦੀ ਹੈ ਜਦਕਿ ਦੂਜੇ ਪਾਸੇ ਭੁੱਲਰ ਵਰਗੇ ਜੋ ਸਿੱਖ ਮੁੱਖ ਧਾਰਾ ਵਿਚ ਵਾਪਸ ਆਉਣਾ ਚਾਹੁੰਦੇ ਹਨ, ਦੇ ਰਾਹ ਵਿਚ ਰੁਕਾਵਟਾਂ ਖੜ੍ਹੀਆਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰੋ. ਭੁੱਲਰ ਨੇ ਆਪਣੇ ਜੀਵਨ ਦਾ ਵੱਡਾ ਹਿੱਸਾ ਜੇਲ ਵਿਚ ਬਿਤਾਇਆ ਹੈ ਤੇ ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪ੍ਰੋ. ਭੁੱਲਰ ਨੇ ਜੋ ਲੜਾਈ ਲੜੀ, ਉਹ ਸਰਕਾਰੀ ਅੱਤਵਾਦ ਦੇ ਖਿਲਾਫ ਸੀ ਤੇ ਉਨ੍ਹਾਂ ਦੀ ਰਿਹਾਈ ਦੇ ਖਿਲਾਫ ਪਟੀਸ਼ਨ ਦਾਇਰ ਕਰਨਾ ਤੇ ਰਿਹਾਈ ਰੋਕਣਾ ਬਹੁਤ ਹੀ ਮੰਦਭਾਗਾ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਪ੍ਰੋ. ਭੁੱਲਰ ਦੀ ਮੌਤ ਦੀ ਸਜ਼ਾ ਉਮਰ ਕੈਦ ਵਿਚ ਇਸ ਕਰ ਕੇ ਤਬਦੀਲ ਕੀਤੀ ਸੀ ਕਿ ਉਨ੍ਹਾਂ ਦਾ ਕਿਰਦਾਰ ਚੰਗਾ ਰਿਹਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਜਦੋਂ ਕਾਲੇ ਦੌਰ ਵਿਚ ਬੇਮੁਖ ਹੋਏ ਵਿਅਕਤੀਆਂ ਨੂੰ ਮੁੱਖ ਧਾਰਾ ਵਿਚ ਲਿਆਉਣ ਦੇ ਯਤਨ ਹੋ ਰਹੇ ਹਨ ਤਾਂ ਉਨ੍ਹਾਂ ਦੇ ਰਾਹ ਵਿਚ ਰੁਕਾਵਟਾਂ ਖੜ੍ਹੀਆਂ ਕਰਨਾ ਬੱਜਰ ਪਾਪ ਹੈ।

ਸਿਰਸਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਵੀ ਤਾਬੜਤੋੜ ਹਮਲੇ ਕਰਦਿਆਂ ਆਖਿਆ ਕਿ ਪਹਿਲਾਂ ਤਾਂ ਕੈਪਟਨ ਅਮਰਿੰਦਰ ਸਿੰਘ, ਜੋ ਕਿ ਪੰਜਾਬ ਦੇ ਇਕ ਸਿੱਖ ਮੁੱਖ ਮੰਤਰੀ ਹਨ, ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਤਬਦੀਲ ਕਰਨ ਦਾ ਵਿਰੋਧ ਕੀਤਾ ਤੇ ਹੁਣ ਪ੍ਰੋ. ਭੁੱਲਰ ਦੇ ਮਾਮਲੇ ਵਿਚ ਵੀ ਨਾਂਹ-ਪੱਖੀ ਭੂਮਿਕਾ ਅਦਾ ਕੀਤੀ ਹੈ।

Inder Prajapati

This news is Content Editor Inder Prajapati