1984 ਸਿੱਖ ਕਤਲੇਆਮ : ਕੋਰਟ ਨੇ ਟਾਈਲਟਰ ਖ਼ਿਲਾਫ਼ ਦੋਸ਼ ਤੈਅ ਕਰਨ ਦਾ ਫ਼ੈਸਲਾ ਰੱਖਿਆ ਸੁਰੱਖਿਅਤ
Friday, Jul 19, 2024 - 05:16 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਸ਼ੁੱਕਰਵਾਰ ਨੂੰ ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ 'ਚ ਕਾਂਗਰਸ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਤੈਅ ਕਰਨ ਬਾਰੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ। ਦੰਗਿਆਂ ਦੇ ਇਸ ਮਾਮਲੇ 'ਚ ਤਿੰਨ ਲੋਕ ਮਾਰੇ ਗਏ ਸਨ। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਮਾਮਲਿਆਂ ਦੇ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਕੇਂਦਰੀ ਜਾਂਚ ਏਜੰਸੀ ਅਤੇ ਬਚਾਅ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ। ਅਦਾਲਤ ਦੇ 2 ਅਗਸਤ ਨੂੰ ਫ਼ੈਸਲਾ ਸੁਣਾਉਣ ਦੀ ਸੰਭਾਵਨਾ ਹੈ। ਸੀ.ਬੀ.ਆਈ. ਨੇ ਇਕ ਗਵਾਹ ਦੇ ਹਵਾਲੇ ਤੋਂ ਦੋਸ਼ ਪੱਤਰ 'ਚ ਦੋਸ਼ ਲਗਾਇਆ ਸੀ ਕਿ ਟਾਈਟਲਰ ਇਕ ਨਵੰਬਰ 1984 ਨੂੰ ਗੁਰਦੁਆਰਾ ਪੁਲ ਬੰਗਸ਼ ਦੇ ਸਾਹਮਣੇ ਇਕ ਸਫੈਦ ਅੰਬੈਸਡਰ ਕਾਰ ਤੋਂ ਬਾਹਰ ਨਿਕਲੇ ਅਤੇ ਭੀੜ ਨੂੰ ਸਿੱਖਾਂ ਦਾ ਕਤਲ ਕਰਨ ਲਈ ਉਕਸਾਇਆ।
ਸਾਬਕਾ ਕੇਂਦਰੀ ਮੰਤਰੀ ਟਾਈਟਲਰ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਭੀੜ ਨੂੰ ਕਿਹਾ ਸੀ,''ਸਿੱਖਾਂ ਨੂੰ ਮਾਰ ਦਿਓ, ਉਨ੍ਹਾਂ ਨੇ ਸਾਡੀ ਮਾਂ ਨੂੰ ਮਾਰਿਆ ਹੈ।'' ਇਸ ਘਟਨਾ ਤੋਂ ਬਾਅਦ ਤਿੰਨ ਲੋਕਾਂ ਦਾ ਕਤਲ ਕਰ ਦਿੱਤਾ ਗਿਆ ਸੀ। ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ 31 ਅਕਤੂਬਰ 1984 ਨੂੰ ਉਨ੍ਹਾਂ ਦੇ ਸਿੱਖ ਸੁਰੱਖਿਆ ਕਰਮੀਆਂ ਵਲੋਂ ਕਤਲ ਕੀਤੇ ਜਾਣ ਤੋਂ ਬਾਅਦ ਦੇਸ਼ ਦੇ ਕਈ ਹਿੱਸਿਆਂ 'ਚ ਸਿੱਖ ਵਿਰੋਧੀ ਦੰਗੇ ਭੜਕ ਗਏ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e