ਦਿੱਲੀ ਚੋਣਾਂ: ਚੋਣ ਜ਼ਾਬਤੇ ਦੀ ਉਲੰਘਣਾ ਦੇ 500 ਤੋਂ ਵੱਧ ਮਾਮਲੇ ਦਰਜ
Thursday, Jan 23, 2025 - 03:23 PM (IST)
ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਜ਼ਾਬਤੇ (MCC) ਦੀ ਉਲੰਘਣਾ ਦੇ 500 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਇਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਮਾਮਲੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 7 ਜਨਵਰੀ ਤੋਂ 22 ਜਨਵਰੀ ਦਰਮਿਆਨ ਦਰਜ ਕੀਤੇ ਗਏ ਹਨ। ਪੁਲਸ ਬਿਆਨ ਅਨੁਸਾਰ ਇਸ ਸਮੇਂ ਦੌਰਾਨ ਆਬਕਾਰੀ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੁੱਲ 17,879 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਚੋਣਾਂ ਤੋਂ ਪਹਿਲਾਂ ਦਿੱਲੀ ਪੁਲਸ ਨੇ ਸਰਹੱਦੀ ਚੌਕੀਆਂ 'ਤੇ ਚੌਕਸੀ ਵਧਾ ਦਿੱਤੀ ਹੈ ਅਤੇ ਹਥਿਆਰਾਂ, ਸ਼ਰਾਬ ਅਤੇ ਨਸ਼ਿਆਂ ਦੀ ਤਸਕਰੀ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਪੁਲਸ ਬਿਆਨ ਵਿਚ ਕਿਹਾ ਗਿਆ ਹੈ ਕਿ ਪੁਲਸ ਨੇ ਚੋਣ ਜ਼ਾਬਤੇ ਦੀ ਉਲੰਘਣਾ ਦੇ 504 ਕੇਸ ਦਰਜ ਕੀਤੇ ਹਨ ਅਤੇ 270 ਨਾਜਾਇਜ਼ ਹਥਿਆਰ ਅਤੇ 372 ਕਾਰਤੂਸ ਜ਼ਬਤ ਕੀਤੇ ਹਨ। ਇਸ ਤੋਂ ਇਲਾਵਾ 44,265 ਲੀਟਰ ਸ਼ਰਾਬ ਜ਼ਬਤ ਕੀਤੀ ਗਈ ਹੈ, ਜਿਸ ਦੀ ਕੀਮਤ 1.3 ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ।
ਪੁਲਸ ਨੇ 110.53 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ, ਜਿਸ ਦੀ ਕੀਮਤ 20 ਕਰੋੜ ਰੁਪਏ ਤੋਂ ਵੱਧ ਹੈ। 1200 ਤੋਂ ਵੱਧ ਪਾਬੰਦੀਸ਼ੁਦਾ ਟੀਕੇ ਵੀ ਬਰਾਮਦ ਕੀਤੇ ਗਏ ਹਨ। ਬਿਆਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਏਜੰਸੀਆਂ ਨੇ 4.56 ਕਰੋੜ ਰੁਪਏ ਨਕਦੀ ਅਤੇ 37.39 ਕਿਲੋ ਚਾਂਦੀ ਜ਼ਬਤ ਕੀਤੀ ਹੈ। ਦੱਸ ਦੇਈਏ ਕਿ ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ਲਈ 5 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਹੋਵੇਗੀ।