ਦੀਵਾਲੀ ''ਤੇ ਖੂਬ ਪਟਾਕੇ ਚੱਲਣ ਤੋਂ ਭੜਕਿਆ ਸੁਪਰੀਮ ਕੋਰਟ, ਇਕ ਹਫ਼ਤੇ ''ਚ ਮੰਗਿਆ ਜਵਾਬ

Monday, Nov 04, 2024 - 05:24 PM (IST)

ਦੀਵਾਲੀ ''ਤੇ ਖੂਬ ਪਟਾਕੇ ਚੱਲਣ ਤੋਂ ਭੜਕਿਆ ਸੁਪਰੀਮ ਕੋਰਟ, ਇਕ ਹਫ਼ਤੇ ''ਚ ਮੰਗਿਆ ਜਵਾਬ

ਨਵੀਂ ਦਿੱਲੀ- ਦੀਵਾਲੀ ਦੌਰਾਨ ਹਵਾ ਪ੍ਰਦੂਸ਼ਣ ਦੇ ਪੱਧਰ 'ਚ ਵਾਧੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਨੋਟਿਸ ਲਿਆ ਹੈ। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਅਤੇ ਦਿੱਲੀ ਪੁਲਸ ਕਮਿਸ਼ਨਰ ਤੋਂ ਇਹ ਜਾਣਨਾ ਚਾਹਿਆ ਕਿ ਸ਼ਹਿਰ 'ਚ ਪਟਾਕਿਆਂ 'ਤੇ ਲੱਗੀ ਪਾਬੰਦੀ ਲਾਗੂ ਕਰਨ ਲਈ ਕੀ ਕਦਮ ਚੁੱਕੇ ਗਏ। ਜਸਟਿਸ ਅਭੈ ਐੱਸ. ਓਕਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੀ ਬੈਂਚ ਨੇ ਅਖ਼ਬਾਰ 'ਚ ਪ੍ਰਕਾਸ਼ਿਤ ਉਨ੍ਹਾਂ ਖ਼ਬਰਾਂ ਦਾ ਹਵਾਲਾ ਦਿੱਤਾ, ਜਿਸ ਵਿਚ ਪਟਾਕਿਆਂ 'ਤੇ ਪਾਬੰਦੀ ਨਾਲ ਜੁੜੇ ਅਦਾਲਤੀ ਆਦੇਸ਼ਾਂ ਦੇ ਉਲੰਘਣ ਦਾ ਜ਼ਿਕਰ ਕੀਤਾ ਗਿਆ ਹੈ।

ਬੈਂਚ ਨੇ ਦਿੱਲੀ ਸਰਕਾਰ ਅਤੇ ਪੁਲਸ ਕਮਿਸ਼ਨਰ ਨੂੰ ਇਹ ਦੱਸਣ ਲਈ ਕਿਹਾ ਕਿ ਪਟਾਕਿਆਂ 'ਤੇ ਪਾਬੰਦੀ ਨੂੰ ਲਾਗੂ ਕਰਨ ਲਈ ਕੀ ਕਦਮ ਚੁੱਕੇ ਗਏ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀ ਕਾਰਵਾਈ ਕੀਤੀ ਗਈ? ਬੈਂਚ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਦਿੱਲੀ 'ਚ ਪਟਾਕਿਆਂ ਦੀ ਵਿਕਰੀ, ਨਿਰਮਾਣ ਅਤੇ ਪਟਾਕੇ ਚਲਾਉਣ 'ਤੇ ਪਾਬੰਦੀ ਦੇ ਸਾਰੇ ਹੁਕਮ ਰਿਕਾਰਡ 'ਤੇ ਰੱਖੇ ਜਾਣ। ਅਸੀਂ ਦਿੱਲੀ ਪੁਲਸ ਕਮਿਸ਼ਨਰ ਨੂੰ ਇਕ ਨੋਟਿਸ ਵੀ ਜਾਰੀ ਕਰ ਰਹੇ ਹਾਂ ਜਿਸ ਵਿਚ ਉਨ੍ਹਾਂ ਨੂੰ ਇਹ ਦੱਸਣ ਲਈ ਕਿਹਾ ਗਿਆ ਹੈ ਕਿ ਪੁਲਸ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀ ਕਾਰਵਾਈ ਕੀਤੀ ਅਤੇ ਅਦਾਲਤੀ ਹੁਕਮਾਂ ਨੂੰ ਲਾਗੂ ਕਰਨ ਲਈ ਉਹ ਕੀ ਕਦਮ ਚੁੱਕ ਰਹੀ ਹੈ। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਅਤੇ ਦਿੱਲੀ ਪੁਲਸ ਕਮਿਸ਼ਨਰ ਨੂੰ ਜਵਾਬ ਦਾਖ਼ਲ ਕਰਨ ਲਈ ਇਕ ਹਫ਼ਤੇ ਦਾ ਸਮਾਂ ਦਿੱਤਾ ਹੈ।

ਸੈਂਟਰ ਫਾਰ ਸਾਇੰਸ ਐਂਡ ਐਨਵਾਇਰਮੈਂਟ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ 2024 ਦੀ ਦੀਵਾਲੀ 2022 ਅਤੇ 2023 ਦੇ ਮੁਕਾਬਲੇ ਜ਼ਿਆਦਾ ਗਰਮ ਸੀ। ਬੈਂਚ ਨੇ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਅਕਤੂਬਰ ਦੇ ਪਿਛਲੇ 10 ਦਿਨਾਂ ਵਿੱਚ ਖੇਤਾਂ ਨੂੰ ਅੱਗ ਲਗਾਉਣ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਹੋਏ ਵਾਧੇ ਬਾਰੇ 14 ਨਵੰਬਰ ਤੱਕ ਆਪਣਾ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੈਂਚ ਨੇ ਕਿਹਾ ਕਿ ਦਿੱਲੀ ਵਿਚ ਪਟਾਕਿਆਂ 'ਤੇ ਪਾਬੰਦੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਉਨ੍ਹਾਂ ਦੇ ਕੰਪਲੈਕਸਾਂ ਨੂੰ ਸੀਲ ਕਰਨ ਵਰਗੀ ਸਖ਼ਤ ਕਾਰਵਾਈ ਕੀਤੇ ਜਾਣ ਦੀ ਲੋੜ ਹੈ। 


author

Tanu

Content Editor

Related News