ਦਿੱਲੀ ਸਰਕਾਰ ਨੇ 10ਵੀਂ ਅਤੇ 12ਵੀਂ ਜਮਾਤ ਲਈ ਸਕੂਲ ਖੋਲ੍ਹਣ ਦੀ ਦਿੱਤੀ ਇਜਾਜ਼ਤ

01/13/2021 5:12:46 PM

ਨਵੀਂ ਦਿੱਲੀ— ਦਿੱਲੀ ਸਰਕਾਰ ਨੇ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ 18 ਜਨਵਰੀ ਤੋਂ ਸਕੂਲ ਖੋਲ੍ਹਣ ਦੀ ਬੁੱਧਵਾਰ ਯਾਨੀ ਕਿ ਅੱਜ ਇਜਾਜ਼ਤ ਦੇ ਦਿੱਤੀ ਹੈ। ਸਿੱਖਿਆ ਡਾਇਰੈਕਟੋਰੇਟ ਦੇ ਅਧਿਕਾਰੀਆਂ ਮੁਤਾਬਕ ਇਹ ਫ਼ੈਸਲਾ ਬੋਰਡ ਇਮਤਿਹਾਨਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਵਿਦਿਆਰਥੀ ਆਪਣੇ ਮਾਪਿਆਂ ਦੀ ਸਹਿਮਤੀ ਨਾਲ ਹੀ ਸਕੂਲ ਆਉਣਗੇ ਅਤੇ ਸਕੂਲ ਆਉਣਾ ਜ਼ਰੂਰੀ ਨਹੀਂ ਹੋਵੇਗਾ। ਇਸ ਦੇ ਨਾਲ ਹੀ ਸਕੂਲਾਂ ਨੂੰ ਕੋਵਿਡ-19 ਸਬੰਧੀ ਸਾਰੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨਾ ਲਾਜ਼ਮੀ ਹੋਵੇਗਾ। 

ਦੱਸ ਦੇਈਏ ਕਿ ਪਿਛਲੇ ਦਿਨੀਂ ਹੀ ਦਿੱਲੀ ਦੇ ਉੱਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਸੀ ਕਿ ਬੋਰਡ ਦੇ ਇਮਤਿਹਾਨਾਂ ਨੂੰ ਵੇਖਦੇ ਹੋਏ ਅਸੀਂ ਸਕੂਲ ਖੋਲ੍ਹਣ ’ਤੇ ਵਿਚਾਰ ਕਰ ਰਹੇ ਹਾਂ। ਇਸ ਬਾਬਤ ਸਿੱਖਿਆ ਮੰਤਰੀ ਨੇ ਟਵੀਟ ਕਰ ਕੇ ਕਿਹਾ ਕਿ ਦਿੱਲੀ ’ਚ ਸੀ. ਬੀ. ਐੱਸ. ਈ. ਬੋਰਡ ਇਮਤਿਹਾਨ ਅਤੇ ਪ੍ਰੈਟੀਕਲ ਦੇ ਮੱਦੇਨਜ਼ਰ 10ਵੀਂ ਅਤੇ 12ਵੀਂ ਜਮਾਤ ਲਈ 18 ਜਨਵਰੀ ਤੋਂ ਸਕੂਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਮਾਪਿਆਂ ਦੀ ਸਹਿਮਤੀ ਨਾਲ ਹੀ ਬੱਚਿਆਂ ਨੂੰ ਸਕੂਲ ਬੁਲਾਇਆ ਜਾ ਸਕੇਗਾ। ਬੱਚਿਆਂ ਨੂੰ ਸਕੂਲ ਬੁਲਾਉਣ ਲਈ ਮਜ਼ਬੂਰ ਨਹੀਂ ਕੀਤਾ ਜਾਵੇਗਾ। 

ਜ਼ਿਕਰਯੋਗ ਹੈ ਕਿ ਦਿੱਲੀ ’ਚ ਕੋਰੋਨਾ ਲਾਗ ਨੂੰ ਵੇਖਦਿਆਂ 16 ਮਾਰਚ 2020 ਨੂੰ ਕੇਜਰੀਵਾਲ ਸਰਕਾਰ ਨੇ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਹੁਕਮ ਦਿੱਤਾ ਸੀ। ਰਾਜਧਾਨੀ ਦਿੱਲੀ ਦੇ ਸਾਰੇ ਸਕੂਲ ਉਦੋਂ ਤੋਂ ਬੰਦ ਹਨ। ਹਾਲਾਂਕਿ ਆਨਲਾਈਨ ਜਮਾਤਾਂ ਚੱਲ ਰਹੀਆਂ ਹਨ। ਹੁਣ ਕੋਰੋਨਾ ਦੀ ਰਫ਼ਤਾਰ ਥੰਮ੍ਹਣ ਅਤੇ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਨਾਲ ਹੀ ਸਕੂਲ ਖੋਲ੍ਹਣ ਦਾ ਹੁਕਮ ਜਾਰੀ ਕੀਤਾ ਗਿਆ ਹੈ।
 


Tanu

Content Editor

Related News