ਭਗਤ ਸਿੰਘ ਦੀ ਜਯੰਤੀ ਮੌਕੇ ਖ਼ੂਨ ਦਾਨ ਕੈਂਪ ਲਾਵੇਗੀ ਦਿੱਲੀ ਸਰਕਾਰ, ਕੇਜਰੀਵਾਲ ਨੇ ਨੌਜਵਾਨਾਂ ਨੂੰ ਕੀਤੀ ਅਪੀਲ
Thursday, Sep 15, 2022 - 01:28 PM (IST)
ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 28 ਸਤੰਬਰ ਨੂੰ ਸੁਤੰਤਰਤਾ ਸੈਨਾਨੀ ਸ਼ਹੀਦ ਭਗਤ ਸਿੰਘ ਦੀ ਜਯੰਤੀ ਮੌਕੇ ਦੇਸ਼ ਭਰ ਦੇ ਲੋਕਾਂ ਨੂੰ ਖ਼ੂਨ ਦਾਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਦਿੱਲੀ ਸਰਕਾਰ ਕੌਮੀ ਰਾਜਧਾਨੀ ’ਚ 50 ਤੋਂ ਵੱਧ ਥਾਵਾਂ ’ਤੇ ਖ਼ੂਨ ਦਾਨ ਕੈਂਪ ਲਾਵੇਗੀ। ਕੇਜਰੀਵਾਲ ਨੇ ਆਨਲਾਈਨ ਪ੍ਰੈੱਸ ਕਾਨਫਰੰਸ ’ਚ ਕਿਹਾ ਕਿ ਮੈਂ ਨੌਜਵਾਨਾਂ ਨੂੰ ਅੱਗੇ ਆਉਣ ਅਤੇ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੀ ਜਯੰਤੀ ’ਤੇ ਖ਼ੂਨ ਦਾਨ ਕਰਨ ਦੀ ਬੇਨਤੀ ਕਰਦਾ ਹਾਂ, ਜਿਨ੍ਹਾਂ ਦੇ ਸਿਧਾਂਤ ਅਤੇ ਆਦਰਸ਼ ਪੰਜਾਬ ਅਤੇ ਦਿੱਲੀ ’ਚ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਲਈ ਮੋਹਰੀ ਰਹੇ ਹਨ।
ਕੇਜਰੀਵਾਲ ਨੇ ਕਿਹਾ ਕਿ ਜੇਕਰ ਤੁਹਾਡੇ ਇਲਾਕੇ ’ਚ ਖ਼ੂਨਦਾਨ ਦੀ ਕੋਈ ਵਿਵਸਥਾ ਨਹੀਂ ਹੁੰਦੀ ਹੈ ਤਾਂ ਤੁਹਾਨੂੰ ਵੀ ਅਜਿਹੇ ਬੰਦੋਬਸਤ ਕਰਨ ਲਈ ਕਦਮ ਚੁੱਕੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਖ਼ੂਨ ਦਾਨ ਮੁਹਿੰਮ ਨੌਜਵਾਨ ਪੀੜ੍ਹੀ ’ਚ ਦੇਸ਼ ਲਈ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਸ਼ੂਗਰ ਵਰਗੇ ਰੋਗਾਂ ਤੋਂ ਪੀੜਤ ਨਾ ਹੋਣ ਵਾਲੇ ਲੋਕਾਂ ਨੂੰ ਅੱਗੇ ਆ ਕੇ ਖ਼ੂਨ ਦਾਨ ਕਰਨ ਦੀ ਬੇਨਤੀ ਕਰਦਾ ਹਾਂ। ਇਸ ਦੇ ਨਾਲ ਹੀ ਮੈਂ ਦੇਸ਼ ਭਰ ਦੀਆਂ ਸਿਆਸੀ ਪਾਰਟੀਆਂ ਨੂੰ ਵੀ ਇਸ ਪਹਿਲ ਦਾ ਹਿੱਸਾ ਬਣਨ ਦੀ ਅਪੀਲ ਕਰਦਾ ਹਾਂ।