ਭਿਆਨਕ ਗਰਮੀ ਦਾ ਕਹਿਰ, ਦਿੱਲੀ ''ਚ 12 ਸਾਲ ਬਾਅਦ ਤਾਪਮਾਨ ''ਚ ਰਿਕਾਰਡ ਤੋੜ ਵਾਧਾ
Wednesday, Jun 19, 2024 - 12:25 PM (IST)
ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਬੁੱਧਵਾਰ ਨੂੰ 12 ਸਾਲ ਬਾਅਦ ਸਭ ਤੋਂ ਗਰਮ ਰਾਤ ਰਹੀ ਅਤੇ ਘੱਟੋ-ਘੱਟ ਤਾਪਮਾਨ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦੇ ਆਮ ਤਾਪਮਾਨ ਨਾਲੋਂ 8 ਡਿਗਰੀ ਵੱਧ ਹੈ। ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ। ਦਿੱਲੀ ਵਿਚ ਸਭ ਤੋਂ ਗਰਮ ਰਾਤ ਜੂਨ 2012 ਵਿਚ ਦਰਜ ਕੀਤੀ ਗਈ ਸੀ ਅਤੇ ਉਸ ਸਮੇਂ ਦੌਰਾਨ ਘੱਟੋ-ਘੱਟ ਤਾਪਮਾਨ 34 ਡਿਗਰੀ ਸੈਲਸੀਅਸ ਸੀ। ਮੰਗਲਵਾਰ ਅਤੇ ਬੁੱਧਵਾਰ ਦੀ ਰਾਤ ਇਸ ਸੀਜ਼ਨ ਦੀ ਸਭ ਤੋਂ ਗਰਮ ਰਾਤ ਰਹੀ ਅਤੇ ਤਾਪਮਾਨ 33.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਭਿਆਨਕ ਗਰਮੀ ਤੋਂ ਰਾਹਤ ਨਾ ਮਿਲਣ ਕਾਰਨ ਦਿੱਲੀ-ਐਨ. ਸੀ. ਆਰ ਦੇ ਹਸਪਤਾਲਾਂ ਵਿਚ ਹੀਟ ਸਟ੍ਰੋਕ ਅਤੇ ਥਕਾਵਟ ਦੀ ਸ਼ਿਕਾਇਤ ਕਰਨ ਵਾਲੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਡਾਕਟਰਾਂ ਨੇ ਬਜ਼ੁਰਗਾਂ ਅਤੇ ਕਮਜ਼ੋਰ ਇਮਿਊਨਿਟੀ ਵਾਲੇ ਮਰੀਜ਼ਾਂ ਨੂੰ ਘਰ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਦੱਸ ਦੇਈਏ ਕਿ ਪਿਛਲੇ ਮਹੀਨੇ ਹੀ ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਘੋਸ਼ਣਾ ਕੀਤੀ ਸੀ ਕਿ ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿਚ ਹੀਟ ਸਟ੍ਰੋਕ ਦੇ ਮਰੀਜ਼ਾਂ ਲਈ ਦੋ-ਦੋ ਬੈੱਡ ਰਾਖਵੇਂ ਰੱਖੇ ਜਾਣਗੇ। ਜਦੋਂ ਕਿ ਲੋਕਨਾਇਕ ਜੈ ਪ੍ਰਕਾਸ਼ ਨਰਾਇਣ ਹਸਪਤਾਲ (LNJP) ਵਿਚ 5 ਅਜਿਹੇ ਬਿਸਤਰੇ ਹੋਣਗੇ। ਇਕ ਨਿੱਜੀ ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਮੁਤਾਬਕ ਰਾਸ਼ਟਰੀ ਰਾਜਧਾਨੀ ਨੂੰ ਬੁੱਧਵਾਰ ਤੋਂ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਤਾਜ਼ਾ ਪੱਛਮੀ ਗੜਬੜੀ ਕਾਰਨ 20 ਜੂਨ ਨੂੰ ਦਿੱਲੀ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।