ਕੇਜਰੀਵਾਲ ਦੀ ਪਟੀਸ਼ਨ ''ਤੇ ਦਿੱਲੀ ਹਾਈ ਕੋਰਟ ਨੇ ਮੰਗਿਆ ED ਤੋਂ ਜਵਾਬ

03/20/2024 3:57:49 PM

ਨਵੀਂ ਦਿੱਲੀ (ਵਾਰਤਾ)- ਦਿੱਲੀ ਹਾਈ ਕੋਰਟ ਨੇ ਸ਼ਰਾਬ ਨੀਤੀ ਘਪਲੇ ਦੇ ਮਾਮਲੇ 'ਚ ਸੰਮਨ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਬੁੱਧਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਤੋਂ ਜਵਾਬ ਤਲਬ ਕੀਤਾ। ਜੱਜ ਸੁਰੇਸ਼ ਕੁਮਾਰ ਕੈਤ ਅਤੇ ਜੱਜ ਮਨੋਜ ਜੈਨ ਦੀ ਬੈਂਚ ਨੇ ਈਡੀ ਨੂੰ 2 ਹਫ਼ਤਿਆਂ 'ਚ ਆਪਣਾ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ। ਹਾਈ ਕੋਰਟ ਇਸ ਮਾਮਲੇ 'ਚ ਅਗਲੀ ਸੁਣਵਾਈ 22 ਅਪ੍ਰੈਲ ਨੂੰ ਕਰੇਗਾ। ਸੁਣਵਾਈ ਦੌਰਾਨ ਬੈਂਚ ਨੇ ਮੁੱਖ ਮੰਤਰੀ ਕੇਜਰੀਵਾਲ ਦਾ ਪੱਖ ਰੱਖ ਰਹੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਤੋਂ ਪੁੱਛਿਆ,''ਪੇਸ਼ (ਈ.ਡੀ. ਦੇ ਸਾਹਮਣੇ) ਕਿਉਂ ਨਹੀਂ ਹੁੰਦੇ।'' ਸਿੰਘਵੀ ਨੇ ਆਮ ਆਦਮੀ ਪਾਰਟੀ ਨੇਤਾ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੀ ਈਡੀ ਵਲੋਂ ਕੀਤੀ ਗਈ ਗ੍ਰਿਫ਼ਤਾਰੀ ਦਾ ਜ਼ਿਕਰ ਕਰਦੇ ਹੋਏ ਜਵਾਬ ਦਿੱਤਾ ਕਿ ਉਨ੍ਹਾਂ ਨੂੰ (ਮੁੱਖ ਮੰਤਰੀ ਕੇਜਰੀਵਾਲ ਨੂੰ) ਖ਼ਦਸ਼ਾ ਹੈ ਕਿ ਈਡੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ। ਉਨ੍ਹਾਂ ਨੇ ਅਦਾਲਤ ਤੋਂ ਗੁਹਾਰ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਵੇ ਤਾਂ ਉਹ ਪੇਸ਼ ਹੋਣ ਲਈ ਤਿਆਰ ਹਨ। ਦੂਜੇ ਪਾਸੇ ਈ.ਡੀ. ਦਾ ਪੱਖ ਰੱਖਦੇ ਹੋਏ ਐਡੀਸ਼ਨਲ ਸਾਲਿਸੀਟਰ ਜਨਰਲ ਐੱਸ.ਵੀ. ਰਾਜੂ ਅਤੇ ਐਡਵੋਕੇਟ ਜੋਹੇਬ ਹੁਸੈਨ ਨੇ ਸ਼੍ਰੀ ਸਿੰਘਵੀ ਦੀਆਂ ਕੇਜਰੀਵਾਲ ਨੂੰ ਰਾਹਤ ਦੇਣ ਦੀਆਂ ਦਲੀਲਾਂ ਦਾ ਵਿਰੋਧ ਕੀਤਾ।

ਉਨ੍ਹਾਂ ਨੇ ਦਲੀਲ ਦਿੰਦੇ ਹੋਏ ਸ਼੍ਰੀ ਕੇਜਰੀਵਾਲ ਦੀ ਪਟੀਸ਼ਨ 'ਤੇ ਸਵਾਲ ਖੜ੍ਹੇ ਕੀਤੇ ਅਤੇ ਕਿਹਾ ਕਿ ਪਟੀਸ਼ਨ ਸੁਣਵਾਈ ਲਈ ਯੋਗ ਨਹੀਂ ਹੈ। ਹਾਈ ਕੋਰਟ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ 'ਚ ਈ.ਡੀ. ਨੂੰ ਆਪਣਾ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਮਨੀ ਲਾਂਡਰਿੰਗ ਮਾਮਲੇ 'ਚ ਈ.ਡੀ. ਦੇ ਵਾਰ-ਵਾਰ ਸੰਮਨ 'ਤੇ ਉਸ ਦੇ ਸਾਹਮਣੇ ਪੁੱਛ-ਗਿੱਛ ਲਈ ਪੇਸ਼ ਨਹੀਂ ਹੋਣ ਦੇ ਦੋਸ਼  ਮਾਮਲੇ 'ਚ ਸ਼ਨੀਵਾਰ ਨੂੰ ਦਿੱਲੀ ਦੀ ਇਕ ਅਦਾਲਤ 'ਚ ਪੇਸ਼ ਹੋਏ ਸਨ, ਜਿੱਥੇ ਉਨ੍ਹਾਂ ਨੂੰ ਸ਼ਰਤਾਂ ਨਾਲ ਜ਼ਮਾਨਤ ਮਿਲ ਗਈ ਸੀ। ਰਾਊਜ਼ ਐਵੇਨਿਊ ਸਥਿਤ ਐਡੀਸ਼ਨਲ ਮੁੱਖ ਮੈਟਰੋਪੋਲੀਟਨ ਮੈਜਿਸਟ੍ਰੇਟ (ਏ.ਸੀ.ਐੱਮ.ਐੱਮ.) ਦਿਵਿਆ ਮਲਹੋਤਰਾ ਦੀ ਅਦਾਲਤ ਨੇ ਸੰਬੰਧਤ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦੋਸ਼ੀ ਕੇਜਰੀਵਾਲ ਨੂੰ 15 ਹਜ਼ਾਰ ਰੁਪਏ ਦੇ ਜ਼ਮਾਨਤ ਬਾਂਡ ਜਾਂ ਇੰਨੀ ਰੁਪਏ ਦੀ ਜ਼ਮਾਨਤ ਰਾਸ਼ੀ ਜਮ੍ਹਾ ਕਰਨ ਦੀ ਸ਼ਰਤ 'ਤੇ ਜ਼ਮਾਨਤ ਅਰਜ਼ੀ ਮਨਜ਼ੂਰ ਕੀਤੀ ਸੀ। ਈ.ਡੀ. ਨੇ ਅਦਾਲਤ ਨੂੰ ਸ਼ਿਕਾਇਤ ਕਰਦੇ ਹੋਏ ਕਿਹਾ ਸੀ ਕਿ ਮਨੀ ਲਾਂਡਰਿੰਗ ਐਕਟ (ਪੀ.ਐੱਮ.ਐੱਲ.ਏ.) ਦੇ ਪ੍ਰਬੰਧਾਂ ਦੇ ਅਧੀਨ ਕਈ ਵਾਰ ਸੰਮਨ ਭੇਜਣ ਤੋਂ ਬਾਅਦ ਵੀ ਸ਼੍ਰੀ ਕੇਜਰੀਵਾਲ ਪੁੱਛ-ਗਿੱਛ ਲਈ ਉਸ ਦੇ ਸਾਹਮਣੇ ਪੇਸ਼ ਨਹੀਂ ਹੋਏ। ਇਸ ਤੋਂ ਪਹਿਲਾਂ ਕੇਜਰੀਵਾਲ 17 ਫਰਵਰੀ ਨੂੰ ਵਰਚੁਅਲ ਮਾਧਿਅਮ ਨਾਲ ਏ.ਸੀ.ਐੱਮ.ਐੱਮ. ਦੀ ਅਦਾਲਤ 'ਚ ਪੇਸ਼ ਹੋਏ ਸਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


DIsha

Content Editor

Related News