ਸ਼ਰਾਬ ਘਪਲਾ ਮਾਮਲੇ 'ਚ ਸਿਸੋਦੀਆ ਨੂੰ ਝਟਕਾ, ਕੋਰਟ 26 ਅਪ੍ਰੈਲ ਤੱਕ ਵਧਾਈ ਨਿਆਂਇਕ ਹਿਰਾਸਤ

Thursday, Apr 18, 2024 - 05:30 PM (IST)

ਸ਼ਰਾਬ ਘਪਲਾ ਮਾਮਲੇ 'ਚ ਸਿਸੋਦੀਆ ਨੂੰ ਝਟਕਾ, ਕੋਰਟ 26 ਅਪ੍ਰੈਲ ਤੱਕ ਵਧਾਈ ਨਿਆਂਇਕ ਹਿਰਾਸਤ

ਨਵੀਂ ਦਿੱਲੀ- ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਰਾਊਜ਼ ਐਵੇਨਿਊ ਕੋਰਟ ਨੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 26 ਅਪ੍ਰੈਲ ਤੱਕ ਵਧਾ ਦਿੱਤੀ ਹੈ। ਸਿਸੋਦੀਆ ਦੀ ਇਹ ਨਿਆਂਇਕ ਹਿਰਾਸਤ ਸ਼ਰਾਬ ਘੁਟਾਲੇ ਨਾਲ ਸਬੰਧਤ ਈ.ਡੀ. ਕੇਸ ਵਿੱਚ ਵਧਾਈ ਗਈ ਹੈ। ਸਾਬਕਾ ਉਪ ਮੁੱਖ ਮੰਤਰੀ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ 26 ਫਰਵਰੀ, 2023 ਨੂੰ "ਘਪਲੇ" ਵਿੱਚ ਉਨ੍ਹਾਂ ਦੀ ਕਥਿਤ ਭੂਮਿਕਾ ਲਈ ਗ੍ਰਿਫ਼ਤਾਰ ਕੀਤਾ ਸੀ। ਈ.ਡੀ. ਨੇ ਸੀ.ਬੀ.ਆਈ. ਦੀ ਐੱਫ.ਆਈ.ਆਰ. ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ 9 ਮਾਰਚ, 2023 ਨੂੰ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਦੱਸ ਦੇਈਏ ਕਿ 28 ਫਰਵਰੀ 2023 ਨੂੰ ਸਿਸੋਦੀਆ ਨੇ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ।

ਮਨੀਸ਼ ਸਿਸੋਦੀਆ 'ਤੇ ਸੀ.ਬੀ.ਆਈ. ਅਤੇ ਈ.ਡੀ. ਨੇ ਦਿੱਲੀ ਆਬਕਾਰੀ ਨੀਤੀ ਨੂੰ ਸੋਧਣ, ਲਾਇਸੈਂਸ ਧਾਰਕਾਂ ਨੂੰ ਅਣਉਚਿਤ ਲਾਭ ਦੇਣ, ਲਾਇਸੈਂਸ ਫੀਸਾਂ ਨੂੰ ਮੁਆਫ ਕਰਨ ਜਾਂ ਘਟਾਉਣ ਅਤੇ ਸਮਰੱਥ ਅਧਿਕਾਰੀ ਦੀ ਮਨਜ਼ੂਰੀ ਤੋਂ ਬਿਨਾਂ ਲਾਇਸੈਂਸ ਜਾਰੀ ਕਰਨ ਦੌਰਾਨ ਬੇਨਿਯਮੀਆਂ ਕਰਨ ਦਾ ਦੋਸ਼ ਲਗਾਇਆ ਹੈ।

ਇਸ ਤੋਂ ਪਹਿਲਾਂ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਦੋਸ਼ੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ 15 ਅਪ੍ਰੈਲ ਨੂੰ ਸੁਣਵਾਈ ਹੋਈ ਸੀ। ਇਸ ਦੌਰਾਨ ਜਾਂਚ ਏਜੰਸੀ ਈ.ਡੀ. ਨੇ ਅਦਾਲਤ ਵਿੱਚ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਗੰਭੀਰ ਮਾਮਲਿਆਂ ਵਿੱਚ ਸੁਣਵਾਈ ਵਿੱਚ ਦੇਰੀ ਮੁਲਜ਼ਮਾਂ ਲਈ ਜ਼ਮਾਨਤ ਦਾ ਆਧਾਰ ਨਹੀਂ ਹੋ ਸਕਦੀ।


author

Rakesh

Content Editor

Related News