ਦਿੱਲੀ ਪੁਲਸ ਨੇ ਸੁਪਰੀਮ ਕੋਰਟ ਨੂੰ ਕਿਹਾ, ਨਫ਼ਰਤ ਭਰੇ ਭਾਸ਼ਣਾਂ ਦੇ ਮਾਮਲੇ ਦੀ ਜਾਂਚ ਲਗਭਗ ਪੂਰੀ
Tuesday, Jan 31, 2023 - 12:03 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਪੁਲਸ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ 2021 ’ਚ ਰਾਸ਼ਟਰੀ ਰਾਜਧਾਨੀ ’ਚ ਧਾਰਮਿਕ ਇਕੱਠਾਂ ’ਚ ਦਿੱਤੇ ਗਏ ਨਫ਼ਰਤ ਭਰੇ ਭਾਸ਼ਣਾਂ ਦੇ ਇਕ ਮਾਮਲੇ ’ਚ ਉਸ ਦੀ ਜਾਂਚ ਲਗਭਗ ਖਤਮ ਹੋ ਚੁੱਕੀ ਹੈ ਅਤੇ ਜਲਦੀ ਹੀ ਇਕ ਅੰਤਿਮ ਰਿਪੋਰਟ ਦਾਇਰ ਕੀਤੀ ਜਾਵੇਗੀ। ਦਿੱਲੀ ਪੁਲਸ ਵੱਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਕੇ. ਐੱਮ. ਨਟਰਾਜ ਨੇ ਅਦਾਲਤ ਨੂੰ ਦੱਸਿਆ ਕਿ ਜਲਦੀ ਹੀ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ।
ਇਸ ਮੌਕੇ ’ਤੇ ਧਿਆਨ ਦਿੰਦਿਆਂ ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ, ਜਸਟਿਸ ਪੀ. ਐੱਸ. ਨਰਸਿਮਹਾ ਅਤੇ ਜਸਟਿਸ ਜੇ. ਬੀ. ਪਾਰਦੀਵਾਲਾ ਦੀ ਬੈਂਚ ਨੇ ਕਿਹਾ ਕਿ ਉਹ ਤਿੰਨ ਹਫ਼ਤਿਆਂ ਬਾਅਦ ਮਾਮਲੇ ਦੀ ਸੁਣਵਾਈ ਕਰੇਗੀ। ਨਫ਼ਰਤ ਭਰੇ ਭਾਸ਼ਣ ਦਾ ਮਾਮਲਾ ਦਸੰਬਰ 2021 ’ਚ ‘ਸੁਦਰਸ਼ਨ ਨਿਊਜ਼’ ਦੇ ਸੰਪਾਦਕ ਸੁਰੇਸ਼ ਚਵਾਨ ਦੀ ਅਗਵਾਈ ’ਚ ਦਿੱਲੀ ’ਚ ਆਯੋਜਿਤ ਹਿੰਦੂ ਯੁਵਾ ਵਾਹਿਨੀ ਦੇ ਇਕ ਪ੍ਰੋਗਰਾਮ ਨਾਲ ਜੁੜਿਆ ਹੋਇਆ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਦਿੱਲੀ ਪੁਲਸ ਨੂੰ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਜਿਸ ’ਚ ਉਨ੍ਹਾਂ ਨੇ ਮਾਮਲੇ ’ਚ ਹੁਣ ਤੱਕ ਚੁੱਕੇ ਗਏ ਕਦਮਾਂ ਦਾ ਵੇਰਵਾ ਦਿੱਤਾ ਹੋਵੇ।