ਭਾਜਪਾ ਨੇ ਦਿੱਲੀ ਦੀ ਮੰਤਰੀ ਆਤਿਸ਼ੀ ਨੂੰ ਭੇਜਿਆ ਮਾਣਹਾਨੀ ਨੋਟਿਸ, ਜਾਣੋ ਕੀ ਹੈ ਮਾਮਲਾ
Wednesday, Apr 03, 2024 - 06:33 PM (IST)
ਨਵੀਂ ਦਿੱਲੀ (ਭਾਸ਼ਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਦਿੱਲੀ ਇਕਾਈ ਨੇ ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਨੇਤਾ ਆਤਿਸ਼ੀ ਨੂੰ ਮਾਣਹਾਨੀ ਨੋਟਿਸ ਭੇਜਿਆ ਅਤੇ ਆਪਣੇ ਇਕ ਬੇਹੱਦ ਕਰੀਬੀ ਵਿਅਕਤੀ ਦੇ ਮਾਧਿਅਮ ਨਾਲ ਉਨ੍ਹਾਂ ਨੂੰ ਭਾਜਪਾ 'ਚ ਸ਼ਾਮਲ ਹੋਣ ਦੇ ਦਾਅਵੇ 'ਤੇ ਜਨਤਕ ਰੂਪ ਨਾਲ ਮੁਆਫ਼ੀ ਮੰਗਣ ਲਈ ਕਿਹਾ ਹੈ। ਦਿੱਲੀ ਸਰਕਾਰ 'ਚ ਮੰਤਰੀ ਆਤਿਸ਼ੀ ਨੇ ਇਕ ਦਿਨ ਪਹਿਲੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੇ ਸਮੇਤ 'ਆਪ' ਦੇ ਸੀਨੀਅਰ ਨੇਤਾਵਾਂ ਨੂੰ ਜਲਦ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ। ਆਤਿਸ਼ੀ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਜਾਂ ਤਾਂ ਭਾਜਪਾ 'ਚ ਸ਼ਾਮਲ ਹੋਣ ਜਾਂ ਫਿਰ ਇਕ ਮਹੀਨੇ ਅੰਦਰ ਇਨਫੋਰਸਮੈਂਟ ਡਾਇਰੈਕਟੋਰੇਟ ਈ.ਡੀ.) ਵਲੋਂ ਗ੍ਰਿਫ਼ਤਾਰ ਕੀਤੇ ਜਾਣ ਲਈ ਤਿਆਰ ਰਹਿਣ ਲਈ ਕਿਹਾ ਗਿਆ ਸੀ।
ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਬੁੱਧਵਾਰ ਨੂੰ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਤਿਸ਼ੀ ਨੂੰ ਮਾਣਹਾਨੀ ਨੋਟਿਸ ਭੇਜ ਦਿੱਤਾ ਗਿਆ ਹੈ ਅਤੇ ਉਨ੍ਹਾਂ ਤੋਂ ਆਪਣੇ ਦਾਅਵੇ ਲਈ ਜਨਤਕ ਰੂਪ ਨਾਲ ਮੁਆਫ਼ੀ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ,''ਆਤਿਸ਼ੀ ਸਬੂਤ ਦੇਣ 'ਚ ਅਸਫ਼ਲ ਰਹੀ ਕਿ ਉਨ੍ਹਾਂ ਨਾਲ ਕਿਸ ਨੇ, ਕਦੋਂ ਅਤੇ ਕਿਵੇਂ ਸੰਪਰਕ ਕੀਤਾ ਸੀ। ਦਿੱਲੀ 'ਚ 'ਆਪ' ਸੰਕਟ ਦਾ ਸਾਹਮਣਾ ਕਰ ਰਹੀ ਹੈ, ਜਿਸ ਕਾਰਨ ਉਹ ਨਾਰਾਜ਼ਗੀ 'ਚ ਇਸ ਤਰ੍ਹਾਂ ਦੇ ਝੂਠੇ ਅਤੇ ਗਲਤ ਦੋਸ਼ ਲਗਾ ਰਹੀ ਹੈ ਪਰ ਅਸੀਂ ਉਨ੍ਹਾਂ ਨੂੰ ਬਚ ਕੇ ਨਹੀਂ ਜਾਣ ਦੇਵਾਂਗੇ।'' ਸਚਦੇਵਾ ਨੇ ਆਤਿਸ਼ੀ ਤੋਂ ਆਪਣੇ ਦਾਅਵੇ ਨੂੰ ਸਾਬਤ ਕਰਨ ਲਈ ਆਪਣਾ ਫ਼ੋਨ ਜਾਂਚ ਏਜੰਸੀ ਨੂੰ ਸੌਂਪਣ ਨੂੰ ਕਿਹਾ। ਭਾਜਪਾ ਦੀ ਦਿੱਲੀ ਇਕਾਈ ਦੇ ਵਕੀਲ ਨੇ ਕਿਹਾ ਕਿ ਪਾਰਟੀ ਨੇ ਆਤਿਸ਼ੀ ਨੂੰ ਆਪਣਾ ਬਿਆਨ ਵਾਪਸ ਲੈਣ ਲਈ ਮਾਣਹਾਨੀ ਨੋਟਿਸ ਭੇਜਿਆ ਹੈ। ਵਕੀਲ ਨੇ ਬਿਆਨ ਨੂੰ 'ਝੂਠਾ, ਅਪਮਾਨਜਨਕ ਅਤੇ ਮਨਗੜ੍ਹਤ' ਕਰਾਰ ਦਿੱਤਾ ਅਤੇ ਦਾਅਵਾ ਕੀਤਾ ਕਿ ਇਹ ਬਿਆਨ 'ਗਲਤ ਇਰਾਦੇ' ਨਾਲ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਆਤਿਸ਼ੀ ਆਪਣੇ ਦਾਅਵੇ ਨੂੰ ਸਾਬਿਤ ਕਰਨ 'ਚ ਅਸਫ਼ਲ ਰਹਿੰਦੀ ਹੈ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8