ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ 21 ਦਿਨਾਂ ਦੇ ਅੰਦਰ ਨਿਪਟਾਰਾ ਕਰਨ ਵਿਭਾਗ: ਕੇਂਦਰ
Wednesday, Oct 16, 2024 - 05:11 PM (IST)
ਨਵੀਂ ਦਿੱਲੀ- ਕੇਂਦਰ ਨੇ ਆਪਣੇ ਸਾਰੇ ਵਿਭਾਗਾਂ ਨੂੰ 21 ਦਿਨਾਂ ਦੇ ਅੰਦਰ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਕੋਸ਼ਿਸ਼ ਕਰਨ ਲਈ ਕਿਹਾ ਹੈ। ਬੁੱਧਵਾਰ ਨੂੰ ਜਾਰੀ ਇਕ ਅਧਿਕਾਰਤ ਬਿਆਨ 'ਚ ਇਹ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਜਿੱਥੇ ਸ਼ਿਕਾਇਤਾਂ ਦੇ ਨਿਪਟਾਰੇ ਵਿਚ ਜ਼ਿਆਦਾ ਸਮਾਂ ਲੱਗਦਾ ਹੈ, ਉੱਥੇ ਅੰਤਰਿਮ ਜਵਾਬ ਦਿੱਤਾ ਜਾ ਸਕਦਾ ਹੈ। ਕੇਂਦਰ ਸਰਕਾਰ ਨੇ ਆਪਣੇ ਪੈਨਸ਼ਰਾਂ ਦੀਆਂ ਸ਼ਿਕਾਇਤਾਂ ਨਿਵਾਰਣ ਪ੍ਰਣਾਲੀ, ਯਾਨੀ ਕੇਂਦਰੀ ਪੈਨਸ਼ਨ ਸ਼ਿਕਾਇਤ ਨਿਵਾਰਨ ਅਤੇ ਨਿਗਰਾਨੀ ਪ੍ਰਣਾਲੀ ਲਈ ਵਿਆਪਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ਅਮਲਾ ਮੰਤਰਾਲਾ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਦਿਸ਼ਾ-ਨਿਰਦੇਸ਼ਾਂ ਵਿਚ ਸ਼ਿਕਾਇਤਾਂ ਦੇ ਤੁਰੰਤ ਅਤੇ ਸਹੀ ਨਿਪਟਾਰੇ ਦੀ ਕਲਪਨਾ ਕੀਤੀ ਗਈ ਹੈ। ਕੇਂਦਰ ਸਰਕਾਰ ਨੇ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਨਾਲ ਨਜਿੱਠਣ ਲਈ ਵਿਆਪਕ ਦਿਸ਼ਾ-ਨਿਰਦੇਸ਼ ਵਿਚੋਂ ਇਕ ਮੁੱਖ ਅੰਸ਼ ਮੁਤਾਬਕ ਮੰਤਰਾਲੇ/ਵਿਭਾਗਾਂ ਨੂੰ 21 ਦਿਨਾਂ ਦੇ ਅੰਦਰ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਅਜਿਹੇ ਮਾਮਲਿਆਂ 'ਚ ਜਿੱਥੇ ਸ਼ਿਕਾਇਤਾਂ ਦੇ ਨਿਪਟਾਰੇ 'ਚ ਜ਼ਿਆਦਾ ਸਮਾਂ ਲੱਗਦਾ ਹੈ, ਉੱਥੇ ਪੋਰਟਲ 'ਤੇ ਅੰਤਰਿਮ ਜਵਾਬ ਦਿੱਤਾ ਜਾ ਸਕਦਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਸ਼ਿਕਾਇਤਾਂ ਦਾ ਨਿਪਟਾਰਾ ਸੰਪੂਰਨ ਸਰਕਾਰੀ ਦ੍ਰਿਸ਼ਟੀਕੋਣ ਤਹਿਤ ਕੀਤਾ ਜਾਵੇਗਾ। ਬਿਆਨ ਵਿਚ ਕਿਹਾ ਗਿਆ ਹੈ ਕਿ ਕਿਸੇ ਵੀ ਮਾਮਲੇ 'ਚ ਸ਼ਿਕਾਇਤ ਨੂੰ ਇਹ ਕਹਿ ਕੇ ਬੰਦ ਨਹੀਂ ਕੀਤਾ ਜਾਵੇਗਾ ਕਿ ਇਹ ਇਸ ਦਫ਼ਤਰ ਨਾਲ ਸਬੰਧਤ ਨਹੀਂ ਹੈ।
ਬਿਆਨ ਵਿਚ ਕਿਹਾ ਗਿਆ ਹੈ ਕਿ ਮੰਤਰਾਲਾ/ਵਿਭਾਗ ਪੋਰਟਲ 'ਤੇ ਪੈਂਡਿੰਗ ਪੈਨਸ਼ਨ ਸੰਬੰਧੀ ਸ਼ਿਕਾਇਤਾਂ ਦੀ ਮਹੀਨਾਵਾਰ ਸਮੀਖਿਆ ਕਰੇਗਾ ਤਾਂ ਜੋ ਸ਼ਿਕਾਇਤਾਂ ਦਾ ਨਿਸ਼ਚਿਤ ਸਮਾਂ ਸੀਮਾ ਦੇ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਇਸ ਵਿਚ ਕਿਹਾ ਗਿਆ ਹੈ ਕਿ ਨੋਡਲ ਪਬਲਿਕ ਸ਼ਿਕਾਇਤ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਰੁਝਾਨ ਦਾ ਵਿਸ਼ਲੇਸ਼ਣ ਕਰਨ ਅਤੇ ਸ਼ਿਕਾਇਤਾਂ ਦੀਆਂ ਘਟਨਾਵਾਂ ਦੀ ਜਾਂਚ ਕਰਨ ਲਈ ਮੂਲ ਕਾਰਨਾਂ ਦਾ ਵਿਸ਼ਲੇਸ਼ਣ ਕਰਨ ਲਈ ਕਿਹਾ ਗਿਆ ਹੈ। ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਿਨੈਕਾਰ ਸ਼ਿਕਾਇਤ ਦੇ ਬੰਦ ਹੋਣ ਦੇ 30 ਦਿਨਾਂ ਦੇ ਅੰਦਰ-ਅੰਦਰ ਆਪਣੀ ਸ਼ਿਕਾਇਤ ਦੇ ਨਿਪਟਾਰੇ ਵਿਰੁੱਧ ਅਪੀਲ ਦਾਇਰ ਕਰ ਸਕਦਾ ਹੈ ਅਤੇ ਇਸ ਦਾ ਨਿਪਟਾਰਾ ਅਪੀਲ ਅਥਾਰਟੀ ਵਲੋਂ 30 ਦਿਨਾਂ ਦੇ ਅੰਦਰ ਕੀਤਾ ਜਾਵੇਗਾ। ਬਿਆਨ ਵਿਚ ਕਿਹਾ ਗਿਆ ਹੈ ਕਿ ਸਬੰਧਤ ਦਸਤਾਵੇਜ਼ਾਂ ਨੂੰ ਨੱਥੀ ਕਰਨ ਲਈ ਇਕ ਆਦੇਸ਼ ਪਾਸ ਕੀਤਾ ਜਾਵੇਗਾ।