ਡੀ. ਜੀ. ਪੀ. ਦਾ ਬਿਆਨ ਲਾਂਘੇ ਨੂੰ ਬੰਦ ਕਰਵਾਉਣ ਦੀ ਸਾਜ਼ਿਸ਼ : ਸਿਰਸਾ

02/22/2020 10:46:23 PM

ਨਵੀਂ ਦਿੱਲੀ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਦਿੱਤੇ ਬਿਆਨ ’ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਇਹ ਲਾਂਘੇ ਨੂੰ ਬੰਦ ਕਰਵਾਉਣ ਦੇ ਟੀਚੇ ਵਾਲੀ ਸਿੱਖਾਂ ਵਿਰੁੱਧ ਡੂੰਘੀ ਸਾਜ਼ਿਸ਼ ਹੈ । ਸਿਰਸਾ ਨੇ ਕਿਹਾ ਕਿ ਡੀ. ਜੀ. ਪੀ. ਦੇ ਬਿਆਨ ਦੀ ਸ਼ਬਦਾਵਲੀ ਤੋਂ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਕੇ. ਪੀ. ਐੱਸ. ਗਿੱਲ ਦੇ ਸਮੇਂ ਵਾਲੀ ਤਰਕੀਬ ਅਪਣਾਉਂਦਿਆਂ ਲਾਂਘੇ ’ਤੇ ਅੱਤਵਾਦੀਆਂ ਤੋਂ ਹਮਲਾ ਕਰਵਾਇਆ ਜਾਵੇਗਾ ਤੇ ਫਿਰ ਇਸ ਨੂੰ ਬੰਦ ਕਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕਾਨੂੰਨ ਲਾਗੂ ਕਰਨ ਵਾਲੀ ਏਜੰਸੀ ਦੇ ਮੁਖੀ ਵਲੋਂ ਕਾਂਗਰਸ ਪਾਰਟੀ ਦੀ ਲੀਹ ’ਤੇ ਚੱਲਦਿਆਂ ਸਿੱਖਾਂ ਅਤੇ ਇਨ੍ਹਾਂ ਨਾਲ ਜੁੜੇ ਪਵਿੱਤਰ ਧਾਰਮਿਕ ਅਸਥਾਨਾਂ ਨੂੰ ਬਦਨਾਮ ਕਰਨ ਦੀ ਰਾਜਨੀਤੀ ਕੀਤੀ ਜਾ ਰਹੀ ਹੈ।

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਡੀ. ਜੀ. ਪੀ. ਦੇ ਇਸ ਵਿਵਹਾਰ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਤੁਰੰਤ ਮੁਆਫੀ ਦੀ ਮੰਗ ਕੀਤੀ ਤੇ ਇਸ ਅਫਸਰ ਖਿਲਾਫ ਸਖ਼ਤ ਕਾਰਵਾਈ ਕੀਤੇ ਜਾਣ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਕਦੇ ਵੀ ਪੰਜਾਬ ਪੁਲਸ ਨੂੰ ਕਾਂਗਰਸ ਪਾਰਟੀ ਦੇ ਹੁਕਮਾਂ ਅਨੁਸਾਰ ਇਸ ਦੇ ਗੁਰਧਾਮਾਂ ਖਿਲਾਫ ਕੰਮ ਕਰਨ ਦੀ ਆਗਿਆ ਨਹੀਂ ਦੇਣਗੇ ਅਤੇ ਕਰਤਾਰਪੁਰ ਸਾਹਿਬ ਲਾਂਘੇ ਅਤੇ ਧਰਮ ਨਾਲ ਜੁੜੇ ਹੋਰ ਅਸਥਾਨਾਂ ਦੀ ਰਾਖੀ ਲਈ ਲੋੜੀਂਦਾ ਹਰ ਕਦਮ ਚੁੱਕਿਆ ਜਾਵੇਗਾ।