ਧਨਖੜ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਜਵਾਹਰ ਸਰਕਾਰ ਦਾ ਅਸਤੀਫ਼ਾ ਕੀਤਾ ਸਵੀਕਾਰ
Thursday, Sep 19, 2024 - 01:02 PM (IST)
ਨਵੀਂ ਦਿੱਲੀ (ਭਾਸ਼ਾ)- ਰਾਜ ਸਭਾ ਦੇ ਸਪੀਕਰ ਜਗਦੀਪ ਧਨਖੜ ਨੇ ਵੀਰਵਾਰ ਨੂੰ ਤ੍ਰਿਣਮੂਲ ਕਾਂਗਰਸ ਮੈਂਬਰ ਜਵਾਹਰ ਸਰਕਾਰ ਦਾ ਉੱਚ ਸਦਨ ਦੀ ਮੈਂਬਰਤਾ ਤੋਂ ਅਸਤੀਫ਼ਾ ਸਵੀਕਾਰ ਕਰ ਲਿਆ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਕੋਲਕਾਤਾ ਦੇ ਆਰ.ਜੀ. ਕਰ ਹਸਪਤਾਲ 'ਚ ਇਕ ਡਾਕਟਰ ਦੇ ਜਬਰ ਜ਼ਿਨਾਹ ਅਤੇ ਕਤਲ ਦੀ ਘਟਨਾ ਤੋਂ ਬਾਅਦ ਚੁੱਕੇ ਗਏ ਕਦਮਾਂ ਨੂੰ ਲੈ ਕੇ ਪੱਛਮੀ ਬੰਗਾਲ 'ਚ ਤ੍ਰਿਣਮੂਲ ਕਾਂਗਰਸ ਸਰਕਾਰ 'ਤੇ ਸਵਾਲ ਚੁੱਕਣ ਵਾਲੇ ਸਰਕਾਰ ਨੇ ਉੱਚ ਸਦਨ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਸੀ।
ਸਰਕਾਰ ਨੇ ਹਾਲ ਹੀ 'ਚ ਆਪਣੀ ਪਾਰਟੀ ਦੀ ਮੁਖੀ ਅਤੇ ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਆਰ.ਜੀ. ਕਰ ਹਸਪਤਾਲ 'ਚ ਜਬਰ ਜ਼ਿਨਾਹ ਅਤੇ ਕਤਲ ਦੀ ਘਟਨਾ ਨਾਲ ਨਜਿੱਠਣ ਲਈ ਉਨ੍ਹਾਂ ਦੀ ਸਰਕਾਰ ਵਲੋਂ ਚੁੱਕੇ ਗਏ ਕਦਮ 'ਬਹੁਤ ਘੱਟ ਅਤੇ ਕਾਫ਼ੀ ਦੇਰ ਨਾਲ' ਚੁੱਕੇ ਗਏ ਹਨ। ਉਨ੍ਹਾਂ ਇਹ ਵੀ ਐਲਾਨ ਕੀਤਾ ਸੀ ਕਿ ਉਹ ਪੂਰੀ ਤਰ੍ਹਾਂ ਨਾਲ ਰਾਜਨੀਤੀ ਛੱਡ ਦੇਣਗੇ। ਸਰਕਾਰ ਨੇ 12 ਸਤੰਬਰ ਨੂੰ ਧਨਖੜ ਨਾਲ ਮੁਲਾਕਾਤ ਕਰ ਕੇ ਆਪਣਾ ਅਸਤੀਫ਼ਾ ਸੌਂਪਿਆ ਸੀ। ਅਧਿਕਾਰਤ ਸੂਤਰਾਂ ਅਨੁਸਾਰ, ਰਾਜ ਸਭਾ ਦੇ ਸਪੀਕਰ ਜਗਦੀਪ ਧਨਖੜ ਨੇ ਰਾਜ ਸਭਾ ਮੈਂਬਰ ਵਜੋਂ ਉਨ੍ਹਾਂ ਦਾ ਅਸਤੀਫ਼ਾ ਤੁਰੰਤ ਪ੍ਰਭਾਵ ਤੋਂ ਸਵੀਕਾਰ ਕਰ ਲਿਆ ਹੈ। ਸਰਕਾਰ ਦੇ ਅਸਤੀਫ਼ੇ ਤੋਂ ਬਾਅਦ ਉੱਚ ਸਦਨ 'ਚ ਤ੍ਰਿਣਮੂਲ ਕਾਂਗਰਸ ਦੇ ਹੁਣ 12 ਮੈਂਬਰ ਰਹਿ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8