450 ਸਾਲਾ ਸ਼ਤਾਬਦੀ ਨੂੰ ਸਮਰਪਿਤ ਉਤਰ ਪ੍ਰਦੇਸ਼ ਵਿਖੇ ਗੁਰਮਤਿ ਸਮਾਗਮ

Sunday, Sep 29, 2024 - 08:57 PM (IST)

ਜੈਤੋ ( ਰਘੂਨੰਦਨ ਪਰਾਸ਼ਰ ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ‘ਸਿੱਖ ਮਿਸ਼ਨ ਉਤਰਾਖੰਡ’ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਜੋਤੀ-ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁ: ਭਗਤ ਧੰਨਾ ਜੀ, ਪੂਰਨਪੁਰ, ਜ਼ਿਲ੍ਹਾ ਪੀਲੀਭੀਤ (ਉੱਤਰ ਪ੍ਰਦੇਸ਼) ਵਿਖੇ 5 ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ। 

ਇਨ੍ਹਾਂ ਸਮਾਗਮਾਂ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ।  ਉਨ੍ਹਾ ਸੰਗਤ ਨਾਲ ਗੁਰ ਇਤਿਹਾਸ ਦੀ ਸਾਂਝ ਪਾਉਂਦਿਆਂ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ। ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਤੇ ਬਾਬਾ ਬਲਕਾਰ ਸਿੰਘ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਅਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਬਾਬਾ ਬਲਕਾਰ ਸਿੰਘ ਪੰਜਗਰਾਈਆਂ ਦੇ ਸਹਿਯੋਗ ਨਾਲ ਕਰਵਾਏ ਗਏ, ਇਨ੍ਹਾਂ ਗੁਰਮਤਿ ਸਮਾਗਮਾਂ ਦੌਰਾਨ ਇਲਾਕੇ ਦੀਆਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤ ਵਿੱਚ ਧਾਰਮਿਕ ਲਿਟਰੇਚਰ ਭੇਟਾ ਰਹਿਤ ਵੰਡਿਆ ਗਿਆ। ਇਸ ਮੌਕੇ ਸਿੱਖ ਮਿਸ਼ਨ ਉਤਰਾਖੰਡ ਦੇ ਇੰਚਾਰਜ ਭਾਈ ਸੁਖਵਿੰਦਰ ਸਿੰਘ ਐੱਮ.ਏ., ਪ੍ਰਚਾਰਕ ਭਾਈ ਬਲਜਿੰਦਰ ਸਿੰਘ, ਭਾਈ ਜਗਦੇਵ ਸਿੰਘ ਗੋਇੰਦਵਾਲ, ਭਾਈ ਜੋਤਸਵਰੂਪ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਗੁਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।


Baljit Singh

Content Editor

Related News