ਨਿਊਯਾਰਕ ਗਏ ਮਨਜੀਤ ਸਿੰਘ ਜੀ. ਕੇ. ਦਾ ਵਿਰੋਧ, ਬਰਗਾੜੀ ਕਾਂਡ ਨੂੰ ਲੈ ਕੇ ਫੁੱਟਿਆ ਗੁੱਸਾ (ਵੀਡੀਓ)

08/21/2018 4:56:04 PM

ਨਵੀਂ ਦਿੱਲੀ/ਨਿਊਯਾਰਕ—  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੂੰ ਨਿਊਯਾਰਕ ਵਿਖੇ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਦਰਅਸਲ ਪੰਜਾਬ ਵਿਚ ਵਾਪਰੇ ਬਰਗਾੜੀ ਕਾਂਡ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਜੀ. ਕੇ. ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਜੀ. ਕੇ. ਸੋਮਵਾਰ ਨੂੰ ਨਿਊਯਾਰਕ ਸਥਿਤ ਗੁਰਦੁਆਰਾ ਮੱਖਣ ਸ਼ਾਹ ਲੁਬਾਣਾ ਗਏ ਸਨ, ਜਿੱਥੇ ਉਨ੍ਹਾਂ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਜੀ. ਕੇ. ਖਿਲਾਫ ਵਿਰੋਧ ਪ੍ਰਦਰਸ਼ਨ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਅਮਰੀਕਾ) ਦੇ ਬੈਨਰ ਹੇਠ ਕੀਤਾ ਗਿਆ। ਕਮੇਟੀ ਦੇ ਕੋਆਰਡੀਨੇਟਰ ਹਿੰਮਤ ਸਿੰਘ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਸਿੱਖ ਵਿਦੇਸ਼ਾਂ 'ਚ ਰਹਿ ਰਹੇ ਹਨ ਅਤੇ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਹਿੰਮਤ ਸਿੰਘ ਨੇ ਇਸ ਦੇ ਨਾਲ ਹੀ ਕਿਹਾ ਕਿ ਪੰਜਾਬ 'ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਬਰਗਾੜੀ 'ਚ ਵਾਪਰੀ ਗੋਲੀਬਾਰੀ ਦੀ ਘਟਨਾ ਲਈ ਸ਼੍ਰੋਮਣੀ ਅਕਾਲੀ ਦਲ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਆਖਿਆ ਕਿ ਇਸ ਤਰ੍ਹਾਂ ਦੀਆਂ ਕਈ ਉਦਾਹਰਣਾਂ ਹਨ, ਜੋ ਕਿ ਸਿਆਸੀ ਲਾਭ ਲੈਣ ਲਈ ਹੁੰਦੀਆਂ ਹਨ। ਦੱਸਣਯੋਗ ਹੈ ਕਿ ਮਨਜੀਤ ਸਿੰਘ ਜੀ. ਕੇ. ਗੁਰਦੁਆਰਾ ਮੱਖਣ ਸ਼ਾਹ ਲੁਬਾਣਾ ਗਏ ਸਨ, ਜਿੱਥੇ ਸਿੱਖ ਸੰਗਤ ਨੇ ਉਨ੍ਹਾਂ ਦੇ ਵਿਰੋਧ 'ਚ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਵਿਖੇ ਬੋਲਣ ਨਹੀਂ ਦਿੱਤਾ ਗਿਆ। ਸਿੱਖ ਸੰਗਤ ਦਾ ਕਹਿਣਾ ਹੈ ਕਿ ਬੇਅਦਬੀ ਨੂੰ ਲੈ ਕੇ ਉਹ ਹਮੇਸ਼ਾ ਹੀ ਵਿਰੋਧ ਕਰਦੇ ਰਹਿਣਗੇ।