ਅਤਿਸ਼ੀ ਦੇ ਬਿਆਨਾਂ ਖ਼ਿਲਾਫ਼ DSGMC ਨੇ ਦਿੱਲੀ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ, FIR ਦੀ ਮੰਗ
Friday, Jan 09, 2026 - 12:02 AM (IST)
ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੀ ਨੇਤਾ ਅਤੇ ਵਿਰੋਧੀ ਧਿਰ ਦੀ ਆਗੂ ਅਤਿਸ਼ੀ ਵੱਲੋਂ ਕੀਤੀਆਂ ਟਿੱਪਣੀਆਂ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਨੇ ਸਖ਼ਤ ਰੁਖ ਅਖਤਿਆਰ ਕਰ ਲਿਆ ਹੈ। DSGMC ਨੇ ਦਿੱਲੀ ਪੁਲਸ ਕੋਲ ਅਤਿਸ਼ੀ ਖ਼ਿਲਾਫ਼ ਅਪਰਾਧਿਕ ਸ਼ਿਕਾਇਤ ਦਰਜ ਕਰਵਾਉਂਦੇ ਹੋਏ FIR ਦਰਜ ਕਰਨ ਦੀ ਮੰਗ ਕੀਤੀ ਹੈ।
ਇਹ ਸ਼ਿਕਾਇਤ ਦਿੱਲੀ ਪੁਲਸ ਕਮਿਸ਼ਨਰ ਅਤੇ ਸੰਸਦ ਮਾਰਗ ਥਾਣੇ ਵਿੱਚ ਦਿੱਤੀ ਗਈ ਹੈ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਅਤਿਸ਼ੀ ਦੇ ਬਿਆਨਾਂ ਨਾਲ ਸਿੱਖ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਸੱਟ ਪਹੁੰਚੀ ਹੈ। DSGMC ਦਾ ਕਹਿਣਾ ਹੈ ਕਿ ਅਜਿਹੀਆਂ ਟਿੱਪਣੀਆਂ ਸਿੱਖ ਧਰਮ ਦੀ ਮਰਿਆਦਾ ਦੇ ਖ਼ਿਲਾਫ਼ ਹਨ ਅਤੇ ਸਮਾਜ ਵਿੱਚ ਤਣਾਅ ਪੈਦਾ ਕਰ ਸਕਦੀਆਂ ਹਨ।

ਕਮੇਟੀ ਨੇ ਪੁਲਸ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ FIR ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ। DSGMC ਨੇ ਕਿਹਾ ਕਿ ਕਿਸੇ ਵੀ ਰਾਜਨੀਤਿਕ ਆਗੂ ਨੂੰ ਧਾਰਮਿਕ ਭਾਵਨਾਵਾਂ ਨਾਲ ਖੇਡਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਅਤੇ ਅਜਿਹੇ ਬਿਆਨਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਤੋਂ ਬਾਅਦ ਸਿੱਖ ਸੰਗਤ ਵਿੱਚ ਵੀ ਰੋਸ ਪਾਇਆ ਜਾ ਰਿਹਾ ਹੈ ਅਤੇ ਅਤਿਸ਼ੀ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
