DSGMC ਚੋਣਾਂ : ਪਰਮਜੀਤ ਸਰਨਾ ਵੱਲੋਂ ਧਮਕੀ, ਕਿਹਾ-ਮੇਰਾ ਕੋਈ ਮੈਂਬਰ ਬਾਦਲਾਂ ਵੱਲ ਗਿਆ ਤਾਂ ਕਰਾਂਗਾ ਖ਼ੁਦਕੁਸ਼ੀ

Thursday, Aug 26, 2021 - 03:22 PM (IST)

ਨਵੀਂ ਦਿੱਲੀ (ਕਮਲ)-ਦਿੱਲੀ ਸਿੱਖ ਗੁਰਦੁਆਰਾ ਮੈਂਨੇਜਮੈਂਟ ਕਮੇਟੀ ਚੋਣਾਂ ਦੇ ਬੀਤੇ ਦਿਨ ਨਤੀਜੇ ਐਲਾਨੇ ਗਏ। ਚੋਣ ਨਤੀਜਿਆਂ ਨੂੰ ਲੈ ਕੇ ਅੱਜ ਪਰਮਜੀਤ ਸਿੰਘ ਸਰਨਾ ਨੇ ਇਕ ਪ੍ਰੈੱਸ ਕਾਨਫਰੰਸ ਕੀਤੀ । ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ  ਜੇਕਰ ਉਨ੍ਹਾਂ ਦੀ ਪਾਰਟੀ ਦਾ ਕੋਈ ਚੁਣਿਆ ਹੋਇਆ ਮੈਂਬਰ ਕਿਸੇ ਹੋਰ ਪਾਰਟੀ ਦਾ ਸਮਰਥਨ ਕਰਦਾ ਹੈ ਤਾਂ ਉਹ ਖੁਦਕੁਸ਼ੀ ਕਰ ਲੈਣਗੇ। ਉਨ੍ਹਾਂ ਦਾ ਇਸ਼ਾਰਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲ ਸੀ। ਉਨ੍ਹਾਂ ਕਿਹਾ ਕਿ ਮਨਜੀਤ ਸਿੰਘ ਜੀ. ਕੇ. ਦੇ ਧੜੇ ਨੇ ਉਨ੍ਹਾਂ ਨੂੰ ਸਹਿਯੋਗ ਦਾ ਭਰੋਸਾ ਦਿੱਤਾ ਹੈ। ਸਰਨਾ ਨੇ ਤਰਵਿੰਦਰ ਮਰਵਾਹ ਦੇ ਸਮਰਥਨ ਦਾ ਵੀ ਦਾਅਵਾ ਕੀਤਾ। ਸਰਨਾ ਨੇ ਕਿਹਾ ਕਿ ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਦੇ ਅਹੁਦੇ ਲਈ ਕਿਸੇ ਵੀ ਹਾਰਨ ਵਾਲੇ ਉਮੀਦਵਾਰ ਦੀ ਨਾਮਜ਼ਦਗੀ ਨੂੰ ਸਵੀਕਾਰ ਨਹੀਂ ਕਰਦੇ।

ਇਹ ਵੀ ਪੜ੍ਹੋ : DSGMC ਚੋਣ ਨਤੀਜੇ : ਸੁਖਬੀਰ ਬਾਦਲ ਨੇ ਸਿਰਸਾ ਨੂੰ ਦਿੱਲੀ ਕਮੇਟੀ ਮੈਂਬਰ ਵਜੋਂ ਨਾਮਜ਼ਦ ਕਰਨ ਦਾ ਕੀਤਾ ਐਲਾਨ

ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਿਰਸਾ ਦੇ ਚੋਣ ਹਾਰਨ ਦੇ ਬਾਵਜੂਦ ਉਸ ਨੂੰ ਡੀ.ਐੱਸ.ਜੀ.ਪੀ.ਸੀ. ਦਾ ਪ੍ਰਧਾਨ ਬਣਾਉਣ ਦਾ ਐਲਾਨ ਕਰ ਦਿੱਤਾ। ਸਿਰਸਾ ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ) ਦੇ ਜਨਰਲ ਸਕੱਤਰ ਹਰਵਿੰਦਰ ਸਿੰਘ ਸਰਨਾ ਨੇ ਪੰਜਾਬੀ ਬਾਗ ਵਾਰਡ ਤੋਂ ਹਰਾਇਆ ਸੀ। ਚੋਣ ਹਾਰਨ ਦੇ ਬਾਵਜੂਦ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਬਾਦਲ ਨੇ ਮਨਜਿੰਦਰ ਸਿਰਸਾ ਨੂੰ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਦਾ ਐਲਾਨ ਕੀਤਾ, ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਉਨ੍ਹਾਂ ਨੂੰ ਡੀ.ਐੱਸ.ਜੀ.ਐੱਮ.ਸੀ. ਵਿੱਚ ਆਪਣਾ ਉਮੀਦਵਾਰ ਨਿਯੁਕਤ ਕੀਤਾ। ਇਸ ਨਾਲ ਉਨ੍ਹਾਂ ਦੇ ਪ੍ਰਧਾਨ ਬਣਨ ਦਾ ਰਾਹ ਪੱਧਰਾ ਹੋ ਗਿਆ।

ਜ਼ਿਕਰਯੋਗ ਹੈ ਕਿ 46 ਸੀਟਾਂ ’ਤੇ ਹੋਈਆਂ ਕਮੇਟੀ ਦੀਆਂ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ 27 ਸੀਟਾਂ ’ਤੇ ਜਿੱਤ ਪ੍ਰਾਪਤ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਮੁੜ ਤੋਂ ਦਿੱਲੀ ਗੁਰਦੁਆਰਿਆਂ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਆਪਣੇ ਹੱਥਾਂ ’ਚ ਲੈ ਲਈ ਹੈ। ਸ਼੍ਰੋਮਣੀ ਅਕਾਲੀ ਦਲ ਦੀਆਂ ਵਿਰੋਧੀ ਧਿਰਾਂ ’ਚੋਂ ਸ਼੍ਰੋਮਣੀ ਅਕਾਲੀ ਦਲ (ਦਿੱਲੀ), ਸਰਨਾ ਧੜੇ ਨੇ 14 ਸੀਟਾਂ ’ਤੇ ਜਿੱਤ ਹਾਸਲ ਕੀਤੀ ਅਤੇ ‘ਜਾਗੋ ਪਾਰਟੀ’ ਨੇ 3 ਸੀਟਾਂ ’ਤੇ ਜਿੱਤ ਹਾਸਲ ਕਰ ਕੇ ਆਪਣੀ ਹੋਂਦ ਦਾ ਅਹਿਸਾਸ ਕਰਵਾਇਆ। ਇਕ ਸੀਟ ਪੰਥਕ ਅਕਾਲੀ ਲਹਿਰ ਤੇ ਇਕ ਸੀਟ ਆਜ਼ਾਦ ਉਮੀਦਵਾਰ ਦੇ ਹਿੱਸੇ ਆਈ ਹੈ। 
 


Manoj

Content Editor

Related News