ਦਿੱਲੀ ਗੁਰਦੁਆਰਾ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਲਾਗੂ ਕਰਨ ਦਾ ਕੀਤਾ ਸਵਾਗਤ
Tuesday, Mar 12, 2024 - 08:28 PM (IST)
ਅੰਮ੍ਰਿਤਸਰ (ਸਰਬਜੀਤ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਦਾ ਸਵਾਗਤ ਕੀਤਾ ਹੈ। ਕਮੇਟੀ ਨੇ ਕਿਹਾ ਹੈ ਕਿ ਇਹ ਐਕਟ ਲਾਗੂ ਹੋਣ ਨਾਲ ਪਾਕਿਸਤਾਨ, ਬੰਗਾਲਾਦੇਸ਼ ਤੇ ਅਫਗਾਨਿਸਤਾਨ ਆਦਿ ਮੁਲਕਾਂ ਤੋਂ ਆਏ ਘੱਟ ਗਿਣਤੀ ਪਰਿਵਾਰ ਖਾਸ ਤੌਰ ’ਤੇ ਸਿੱਖਾਂ, ਹਿੰਦੂਆਂ, ਪਾਰਸੀ, ਜੈਨੀ, ਬੋਧੀ ਤੇ ਇਸਾਈਆਂ ਨੂੰ ਵੱਡਾ ਲਾਭ ਮਿਲੇਗਾ ਉੱਥੇ ਹੀ ਉਨ੍ਹਾਂ ਦਾ ਜੀਵਨ ਮੁੜ ਲੀਹ ’ਤੇ ਪਵੇਗਾ।
ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਸ ਐਕਟ ਦਾ ਖਰੜਾ ਤਿਆਰ ਹੋਣ ਵੇਲੇ ਕਮੇਟੀ ਨੇ ਸਿੱਖਾਂ ਦਾ ਨਾਂ ਇਸ ਵਿਚ ਸ਼ਾਮਲ ਕਰਵਾਉਣ ਵਾਸਤੇ ਵਿਸ਼ੇਸ਼ ਉਪਰਾਲੇ ਕੀਤੇ ਸਨ ਤੇ ਹੁਣ ਐਕਟ ਲਾਗੂ ਹੋਣ ਨਾਲ ਇਨ੍ਹਾਂ ਸਿੱਖ ਪਰਿਵਾਰਾਂ ਨੂੰ ਵੱਡਾ ਲਾਭ ਮਿਲੇਗਾ।
ਇਹ ਵੀ ਪੜ੍ਹੋ- ਸੀਮਾ ਹੈਦਰ ਨੇ ਨਾਗਰਿਕਤਾ ਸੋਧ ਕਾਨੂੰਨ (CAA) ਲਾਗੂ ਹੋਣ 'ਤੇ PM ਮੋਦੀ ਦਾ ਕੀਤਾ ਧੰਨਵਾਦ, ਖੁਸ਼ੀ 'ਚ ਵੰਡੀ ਮਿਠਾਈ
ਉਨ੍ਹਾਂ ਕਿਹਾ ਕਿ ਪਾਕਿਸਤਾਨ ਤੇ ਖਾਸ ਤੌਰ ’ਤੇ ਅਫਗਾਨਿਸਤਾਨ ਵਿਚ ਸਿੱਖ ਪਰਿਵਾਰ ਬਹੁਤ ਪੀੜਤ ਸਨ ਜਿਨ੍ਹਾਂ ਨੂੰ ਉਥੇ ਦੇ ਮਾਫੀਆ ਤੰਗ ਕਰਦੇ ਸਨ ਤੇ ਸਿੱਖਾਂ ਦਾ ਕਤਲੇਆਮ ਕੀਤਾ ਗਿਆ, ਸਿੱਖ ਗੁਰਧਾਮਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਤੇ ਪਰਿਵਾਰਾਂ ਦੀ ਲੁੱਟ-ਖਸੁੱਟ ਕੀਤੀ ਗਈ। ਅਜਿਹੇ ਸਾਰੇ ਪਰਿਵਾਰਾਂ ਨੂੰ ਪਿਛਲੇ ਸਮੇਂ ਵਿਚ ਅਸੀਂ ਦੇਸ਼ ਵਿਚ ਤਾਂ ਲੈ ਆਏ ਸੀ ਪਰ ਇਹ ਪਰਿਵਾਰ ਇਥੇ ਨਾ ਤਾਂ ਆਪਣੇ ਕਾਰੋਬਾਰ ਕਰ ਪਾ ਰਹੇ ਸਨ ਤੇ ਨਾ ਹੀ ਇਨ੍ਹਾਂ ਨੂੰ ਲੋੜੀਂਦੀਆਂ ਸਹੂਲਤਾਂ ਮਿਲ ਰਹੀਆਂ ਸਨ।
ਉਨ੍ਹਾਂ ਕਿਹਾ ਕਿ ਹੁਣ ਜਦੋਂ ਇਹ ਐਕਟ ਲਾਗੂ ਹੋ ਗਿਆ ਹੈ ਤਾਂ ਪਰਿਵਾਰਾਂ ਨੂੰ ਨਾਗਰਿਕਤਾ ਵੀ ਮਿਲੇਗੀ ਅਤੇ ਹੋਰ ਸਹੂਲਤਾਂ ਵੀ ਮਿਲਣਗੀਆਂ। ਇਹ ਪਰਿਵਾਰ ਆਪਣੇ ਕਾਰੋਬਾਰ ਵੀ ਕਰ ਸਕਣਗੇ ਤੇ ਇਨ੍ਹਾਂ ਦੇ ਬੱਚੇ ਵੀ ਸੈੱਟ ਹੋ ਸਕਣਗੇ ਅਤੇ ਵਿਦਿਅਕ ਅਦਾਰਿਆਂ ਵਿਚ ਦਾਖਲੇ ਵੀ ਲੈ ਸਕਣਗੇ।
ਉਨ੍ਹਾਂ ਕਿਹਾ ਕਿ ਅਸੀਂ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਧੰਨਵਾਦੀ ਹਾਂ ਜਿਨ੍ਹਾਂ ਦੇ ਉਪਰਾਲਿਆਂ ਸਦਕਾ ਇਹ ਐਕਟ ਲਾਗੂ ਹੋਇਆ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਦਿੱਲੀ ਕਮੇਟੀ ਵੱਲੋਂ ਅਸੀਂ ਪੂਰਨ ਸਹਿਯੋਗ ਦਿਆਂਗੇ ਤਾਂ ਜੋ ਇਨ੍ਹਾਂ ਸਿੱਖ ਪਰਿਵਾਰਾਂ ਨੂੰ ਨਾਗਰਿਕਤਾ ਤੇ ਹੋਰ ਸਹੂਲਤਾਂ ਮਿਲ ਸਕਣ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e