ਪਾਕਿਸਤਾਨ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਲਈ ਤਿਆਰ ਭਾਰਤ : ਵਿਦੇਸ਼ ਮੰਤਰਾਲੇ
Thursday, Sep 20, 2018 - 06:37 PM (IST)

ਨਵੀਂ ਦਿੱਲੀ— ਪਾਕਿਸਤਾਨ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਲਈ ਭਾਰਤ ਨੇ ਹਾਮੀ ਭਰ ਦਿੱਤੀ ਹੈ। ਵਿਦੇਸ਼ ਮੰਤਰਾਲੇ ਨੇ ਦਿੱਲੀ 'ਚ ਪ੍ਰੈੱਸ ਕਾਨਫਰੰਸ 'ਚ ਇਹ ਜਾਣਕਾਰੀ ਦਿੱਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕਰਨ ਲਈ ਭਾਰਤ ਤਿਆਰ ਹੈ। ਦੋਹਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਵਿਚਾਲੇ ਗੱਲਬਾਤ ਹੋਵੇਗੀ। ਇਸ ਬੈਠਕ ਦੀ ਤਰੀਕ ਅਤੇ ਸਮਾਂ ਦੋਵੇਂ ਦੇਸ਼ ਮਿਲ ਕੇ ਲੈਣਗੇ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਨੇ ਇਸ ਬੈਠਕ ਲਈ ਬੇਨਤੀ ਕੀਤੀ ਸੀ, ਜਿਸ ਨੂੰ ਭਾਰਤ ਨੇ ਮਨਜ਼ੂਰ ਕਰ ਲਿਆ ਹੈ। ਇਸ ਸਵਾਲ 'ਤੇ ਕਿ ਬੈਠਕ ਦਾ ਏਜੰਡਾ ਕੀ ਹੋਵੇਗਾ ਤਾਂ ਉਨ੍ਹਾਂ ਨੇ ਕਿਹਾ ਕਿ ਅਜੇ ਸਿਰਫ ਬੈਠਕ ਹੋਵੇਗੀ, ਏਜੰਡਾ ਅਜੇ ਤੈਅ ਨਹੀਂ ਹੈ। ਹਾਲਾਂਕਿ ਉਨ੍ਹਾਂ ਬਿਆਨ ਦਿੱਤਾ ਕਿ ਬੈਠਕ 'ਚ ਕਰਤਾਰਪੁਰ ਲਾਂਘੇ ਦੇ ਮੁੱਦੇ 'ਤੇ ਗੱਲਬਾਤ ਹੋਵੇਗੀ, ਜਿਸ 'ਤੇ ਪਿਛਲੇ ਕਾਫੀ ਲੰਬੇ ਸਮੇਂ ਤੋਂ ਚਰਚਾ ਹੋ ਰਹੀ ਹੈ। ਇੱਥੇ ਦੱਸ ਦੇਈਏ ਕਿ ਭਾਰਤ ਅਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀਆਂ ਵਿਚਾਲੇ ਨਿਊਯਾਰਕ ਵਿਚ ਸੰਯੁਕਤ ਰਾਸ਼ਟਰ ਮਹਾਸਭਾ ਸੈਸ਼ਨ 'ਚ ਬੈਠਕ ਹੋਵੇਗੀ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਦੋਹਾਂ ਦੇਸ਼ਾਂ ਵਿਚਾਲੇ ਗੱਲਬਾਤ ਦਾ ਪ੍ਰਸਤਾਵ ਰੱਖਿਆ ਹੈ। ਇਮਰਾਨ ਨੇ ਚਿੱਠੀ 'ਚ ਸ਼ਾਂਤੀ ਦੀ ਪਹਿਲ ਲਈ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਵਿਚਾਲੇ ਸੰਯੁਕਤ ਰਾਸ਼ਟਰ ਮਹਾਸਭਾ ਸੈਸ਼ਨ ਦੌਰਾਨ ਬੈਠਕ ਦਾ ਪ੍ਰਸਤਾਵ ਦਿੱਤਾ, ਜਿਸ ਤੋਂ ਬਾਅਦ ਭਾਰਤ ਨੇ ਇਸ ਨੂੰ ਮਨਜ਼ੂਰ ਕਰ ਲਿਆ।