ਚੋਣ ਕਮਿਸ਼ਨ ਨੇ ਇਨ੍ਹਾਂ ਦੋ ਸੂਬਿਆਂ ''ਚ ਬਦਲੀ ਵੋਟਾਂ ਦੀ ਗਿਣਤੀ ਦੀ ਤਾਰੀਖ਼, ਹੁਣ ਇਸ ਦਿਨ ਆਉਣਗੇ ਨਤੀਜੇ

03/17/2024 5:08:41 PM

ਨਵੀਂ ਦਿੱਲੀ- ਚੋਣ ਕਮਿਸ਼ਨ ਨੇ ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਦੀ ਤਾਰੀਖ਼ ਬਦਲ ਦਿੱਤੀ ਹੈ। ਚੋਣ ਕਮਿਸ਼ਨ ਨੇ ਇਸ ਤੋਂ ਪਹਿਲਾਂ 4 ਜੂਨ ਨੂੰ ਗਿਣਤੀ ਦਾ ਐਲਾਨ ਕੀਤਾ ਸੀ। ਹੁਣ ਇਸ ਨੂੰ ਬਦਲ ਕੇ 2 ਜੂਨ ਕਰ ਦਿੱਤਾ ਗਿਆ ਹੈ। 

ਦੋਵਾਂ ਸੂਬਿਆਂ 'ਚ ਲੋਕ ਸਭਾ ਦੇ ਨਾਲ-ਨਾਲ ਵਿਧਾਨ ਸਭਾ ਚੋਣਾਂ ਵੀ ਹੋਣੀਆਂ ਹਨ। ਚੋਣ ਕਮਿਸ਼ਨ ਮੁਤਾਬਕ ਦੋਵਾਂ ਸੂਬਿਆਂ ਵਿੱਚ ਵਿਧਾਨ ਸਭਾ ਦਾ ਕਾਰਜਕਾਲ 2 ਜੂਨ ਨੂੰ ਖਤਮ ਹੋ ਰਿਹਾ ਹੈ, ਇਸ ਲਈ ਤਾਰੀਖ਼ ਵਿੱਚ ਬਦਲਾਅ ਕੀਤਾ ਗਿਆ ਹੈ। ਅਰੁਣਾਚਲ ਅਤੇ ਸਿੱਕਮ ਵਿੱਚ 19 ਅਪ੍ਰੈਲ ਨੂੰ ਵੋਟਿੰਗ ਹੋਵੇਗੀ।

ਇਸ ਤੋਂ ਪਹਿਲਾਂ 16 ਮਾਰਚ ਨੂੰ ਚੋਣ ਕਮਿਸ਼ਨ ਨੇ ਚਾਰ ਸੂਬਿਆਂ- ਆਂਧਰਾ ਪ੍ਰਦੇਸ਼, ਓਡੀਸ਼ਾ, ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਸੀ। ਆਂਧਰਾ ਪ੍ਰਦੇਸ਼ ਵਿੱਚ 13 ਮਈ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ। ਓਡੀਸ਼ਾ ਵਿੱਚ ਚਾਰ ਪੜਾਵਾਂ ਵਿੱਚ 13 ਮਈ, 20 ਮਈ, 25 ਮਈ ਅਤੇ 1 ਜੂਨ ਨੂੰ ਵੋਟਾਂ ਪੈਣਗੀਆਂ।

ਇਨ੍ਹਾਂ ਤੋਂ ਇਲਾਵਾ ਗੁਜਰਾਤ ਦੀਆਂ 5, ਯੂ.ਪੀ. ਦੀਆਂ 4, ਹਰਿਆਣਾ, ਬਿਹਾਰ, ਝਾਰਖੰਡ, ਮਹਾਰਾਸ਼ਟਰ, ਤ੍ਰਿਪੁਰਾ, ਪੱਛਮੀ ਬੰਗਾਲ, ਤੇਲੰਗਾਨਾ, ਰਾਜਸਥਾਨ, ਕਰਨਾਟਕ ਅਤੇ ਤਾਮਿਲਨਾਡੂ ਦੀ 1-1 ਵਿਧਾਨ ਸਭਾ ਸੀਟ 'ਤੇ ਉਪ ਚੋਣਾਂ ਹੋਣਗੀਆਂ। ਇੱਥੇ, ਉਸ ਖੇਤਰ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਨਾਲ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਵੋਟਿੰਗ ਹੋਵੇਗੀ।

ਅਰੁਣਾਚਲ ਅਤੇ ਸਿੱਕਮ ਨੂੰ ਛੱਡ ਕੇ ਬਾਕੀ ਸਾਰੇ ਸੂਬਿਆਂ ਵਿੱਚ ਵੋਟਾਂ ਦੀ ਗਿਣਤੀ ਲੋਕ ਸਭਾ ਚੋਣਾਂ ਦੀ ਗਿਣਤੀ ਦੇ ਨਾਲ 4 ਜੂਨ ਨੂੰ ਹੋਵੇਗੀ।

Rakesh

This news is Content Editor Rakesh