ED ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ 13 ਜੂਨ ਨੂੰ ਪੇਸ਼ ਹੋਣ ਦਾ ਸੰਮਨ ਕੀਤਾ ਜਾਰੀ

06/03/2022 12:35:56 PM

ਨਵੀਂ ਦਿੱਲੀ (ਭਾਸ਼ਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਅਖ਼ਬਾਰ ਨੈਸ਼ਨਲ ਹੈਰਾਲਡ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛਗਿੱਛ ਲਈ 13 ਜੂਨ ਨੂੰ ਪੇਸ਼ ਹੋਣ ਲਈ ਨਵਾਂ ਸੰਮਨ ਜਾਰੀ ਕੀਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਈ.ਡੀ. ਨੇ ਪਹਿਲਾਂ ਕਾਂਗਰਸ ਨੇਤਾ ਗਾਂਧੀ ਨੂੰ 2 ਜੂਨ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਗਾਂਧੀ ਨੇ ਪੇਸ਼ ਹੋਣ ਲਈ ਦੂਜੀ ਤਾਰੀਖ਼ ਦੇਣ ਦੀ ਬੇਨਤੀ ਕਰਦੇ ਹੋਏ ਕਿਹਾ ਸੀ ਕਿ ਉਹ ਦੇਸ਼ ਤੋਂ ਬਾਹਰ ਹਨ। ਅਧਿਕਾਰੀਆਂ ਨੇ ਦੱਸਿਆ ਕਿ ਰਾਹੁਲ ਗਾਂਧੀ (51) ਨੂੰ ਹੁਣ 13 ਜੂਨ ਨੂੰ ਦਿੱਲੀ 'ਚ ਈ.ਡੀ. ਦੇ ਮੁੱਖ ਦਫ਼ਤਰ 'ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (75) ਨੂੰ ਈ.ਡੀ. ਨੇ 8 ਜੂਨ ਨੂੰ ਤਲਬ ਕੀਤਾ ਹੈ। ਇਹ ਮਾਮਲਾ ਪਾਰਟੀ ਸਮਰਥਿਤ 'ਯੰਗ ਇੰਡੀਅਨ' 'ਚ ਕਥਿਤ ਵਿੱਤੀ ਬੇਨਿਯਮੀਆਂ ਦੀ ਜਾਂਚ ਦੇ ਸਬੰਧ 'ਚ ਹਾਲ ਹੀ ਵਿਚ ਦਰਜ ਕੀਤਾ ਗਿਆ ਸੀ। ਅਖ਼ਬਾਰ ‘ਨੈਸ਼ਨਲ ਹੈਰਾਲਡ’, ਯੰਗ ਇੰਡੀਅਨ ਪ੍ਰਾਈਵੇਟ ਲਿਮਟਿਡ ਦਾ ਹੈ।

ਇਹ ਵੀ ਪੜ੍ਹੋ : ਨੈਸ਼ਨਲ ਹੈਰਾਲਡ ਕੇਸ: ED ਨੇ ਭੇਜਿਆ ਸੰਮਨ, ਸੋਨੀਆ ਗਾਂਧੀ ਅਤੇ ਰਾਹੁਲ ਦੀਆਂ ਵਧੀਆਂ ਮੁਸ਼ਕਲਾਂ

ਈ.ਡੀ. ਦੇ ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਬਿਆਨ ਦਰਜ ਕਰਨਾ ਚਾਹੁੰਦੀ ਹੈ। ਨੈਸ਼ਨਲ ਹੈਰਾਲਡ ਐਸੋਸੀਏਟਿਡ ਜਰਨਲਜ਼ ਲਿਮਿਟੇਡ (ਏਜੇਐਲ) ਦੁਆਰਾ ਪ੍ਰਕਾਸ਼ਿਤ ਕੀਤਾ ਗਿਆ ਹੈ ਅਤੇ ਯੰਗ ਇੰਡੀਅਨ ਪ੍ਰਾਈਵੇਟ ਲਿਮਟਿਡ ਦੀ ਮਲਕੀਅਤ ਹੈ। ਈ.ਡੀ. ਨੇ ਜਾਂਚ ਦੇ ਹਿੱਸੇ ਵਜੋਂ ਹਾਲ ਹੀ 'ਚ ਕਾਂਗਰਸ ਨੇਤਾਵਾਂ ਮਲਿਕਾਰਜੁਨ ਖੜਗੇ ਅਤੇ ਪਵਨ ਬਾਂਸਲ ਤੋਂ ਪੁੱਛਗਿੱਛ ਕੀਤੀ ਸੀ। ਅਧਿਕਾਰੀਆਂ ਨੇ ਕਿਹਾ ਸੀ ਕਿ ਈ.ਡੀ. ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਸੀਨੀਅਰ ਕਾਂਗਰਸ ਨੇਤਾਵਾਂ ਤੋਂ ਪੁੱਛਗਿੱਛ ਕਰ ਕੇ ਵਿੱਤੀ ਲੈਣ-ਦੇਣ, ਯੰਗ ਇੰਡੀਅਨ ਦੇ ਪ੍ਰਮੋਟਰਾਂ ਅਤੇ ਏ.ਜੇ.ਐੱਲ ਦੀ ਭੂਮਿਕਾ ਬਾਰੇ ਪਤਾ ਲਗਾਉਣਾ ਚਾਹੁੰਦਾ ਹੈ। ਏਜੰਸੀ ਨੇ ਯੰਗ ਇੰਡੀਅਨ ਪ੍ਰਾਈਵੇਟ ਲਿਮਟਿਡ ਦੇ ਖ਼ਿਲਾਫ਼ ਇਨਕਮ ਟੈਕਸ ਵਿਭਾਗ ਦੀ ਜਾਂਚ ਦਾ ਨੋਟਿਸ ਲੈਣ ਤੋਂ ਬਾਅਦ ਇੱਥੇ ਇਕ ਹੇਠਲੀ ਅਦਾਲਤ ਨੇ ਪੀ.ਐੱਮ.ਐੱਲ.ਏ. ਦੀਆਂ ਅਪਰਾਧਿਕ ਧਾਰਾਵਾਂ ਤਹਿਤ ਨਵਾਂ ਕੇਸ ਦਰਜ ਕੀਤਾ ਸੀ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇਤਾ ਸੁਬਰਾਮਨੀਅਮ ਸਵਾਮੀ ਨੇ 2013 'ਚ ਇਸ ਸਬੰਧ 'ਚ ਸ਼ਿਕਾਇਤ ਦਰਜ ਕਰਵਾਈ ਸੀ। ਕਾਂਗਰਸ ਨੇ ਈ.ਡੀ. ਦੀ ਕਾਰਵਾਈ ਨੂੰ 'ਬਦਲਾਖੋਰੀ' ਦੀ ਕਾਰਵਾਈ ਕਰਾਰ ਦਿੱਤਾ ਹੈ। ਕਾਂਗਰਸ ਨੇਤਾ ਅਭਿਸ਼ੇਕ ਮਨੂ ਸਿੰਘਵੀ ਨੇ ਇਸ ਹਫ਼ਤੇ ਦੇ ਸ਼ੁਰੂ 'ਚ ਪੱਤਰਕਾਰਾਂ ਨੂੰ ਕਿਹਾ ਸੀ,''ਮੋਦੀ ਸਰਕਾਰ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਅਜਿਹੇ ਝੂਠੇ ਅਤੇ ਜਾਅਲੀ ਕੇਸ ਦਰਜ ਕਰਕੇ ਉਹ ਆਪਣੀ ਕਾਇਰਤਾ ਭਰੀ ਸਾਜ਼ਿਸ਼ 'ਚ ਸਫ਼ਲ ਨਹੀਂ ਹੋ ਸਕੇਗੀ।''

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News