ED ਨੇ ਮਹੂਆ ਮੋਇਤਰਾ, ਕਾਰੋਬਾਰੀ ਦਰਸ਼ਨ ਹੀਰਾਨੰਦਾਨੀ ਨੂੰ 28 ਮਾਰਚ ਨੂੰ ਕੀਤਾ ਤਲਬ

03/27/2024 3:28:44 PM

ਨਵੀਂ ਦਿੱਲੀ (ਭਾਸ਼ਾ)- ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵਿਦੇਸ਼ੀ ਮੁਦਰਾ ਪ੍ਰਬੰਧ ਐਕਟ (ਫੇਮਾ) ਉਲੰਘਣ ਮਾਮਲੇ 'ਚ ਪੁੱਛ-ਗਿੱਛ ਲਈ ਤ੍ਰਿਣਮੂਲ ਕਾਂਗਰਸ ਨੇਤਾ ਮਹੂਆ ਮੋਇਤਰਾ ਅਤੇ ਕਾਰੋਬਾਰੀ ਦਰਸ਼ਨ ਹੀਰਾਨੰਦਾਨੀ ਨੂੰ ਨਵਾਂ ਸੰਮਨ ਜਾਰੀ ਕਰ ਕੇ 28 ਮਾਰਚ ਨੂੰ ਤਲਬ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਤ੍ਰਿਣਮੂਲ ਨੇਤਾ ਨੂੰ ਪਹਿਲਾਂ ਵੀ ਕੇਂਦਰੀ ਏਜੰਸੀ ਨੇ ਪੁੱਛ-ਗਿੱਛ ਲਈ ਬੁਲਾਇਆ ਸੀ। ਮੋਇਤਰਾ ਨੂੰ 'ਰਿਸ਼ਵਤ ਲੈ ਕੇ ਸਵਾਲ ਪੁੱਛਣ' ਦੇ ਮਾਮਲੇ 'ਚ ਦਸੰਬਰ 'ਚ ਲੋਕ ਸਭਾ 'ਚੋਂ ਕੱਢ ਦਿੱਤਾ ਗਿਆ ਸੀ। ਉਨ੍ਹਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਪੱਛਮੀ ਬੰਗਾਲ ਦੀ ਕ੍ਰਿਸ਼ਨਾਨਗਰ ਸੀਟ ਤੋਂ ਉਨ੍ਹਾਂ ਦੀ ਪਾਰਟੀ ਨੇ ਦੁਬਾਰਾ ਉਮੀਦਵਾਰ ਐਲਾਨ ਦਿੱਤਾ ਹੈ।

ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੁਬੇ ਨੇ 'ਰਿਸ਼ਵਤ ਲੈ ਕੇ ਸਵਾਲ ਪੁੱਛਣ' ਦੇ ਮਾਮਲੇ 'ਚ ਭ੍ਰਿਸ਼ਟਾਚਾਰ ਵਿਰੋਧੀ ਸੰਸਥਾ ਲੋਕਪਾਲ ਨੂੰ ਸ਼ਿਕਾਇਤ ਦਿੱਤੀ ਸੀ ਜਿਸ ਦੀ ਜਾਂਚ ਦੇ ਨਿਰਦੇਸ਼ ਦਿੱਤੇ ਗਏ ਸਨ। ਨਿਰਦੇਸ਼ ਦਿੱਤੇ ਜਾਣ ਦੇ ਕੁਝ ਦਿਨ ਬਾਅਦ ਸ਼ਨੀਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਇਸ ਸੰਬੰਧ 'ਚ ਮੋਇਤਰਾ ਦੇ ਕੰਪਲੈਕਸ ਦੀ ਤਲਾਸ਼ ਲਈ ਸੀ। ਲੋਕ ਸਭਾ ਮੈਂਬਰ ਦੁਬੇ ਨੇ ਦੋਸ਼ ਲਗਾਇਆ ਸੀ ਕਿ ਮੋਇਤਰਾ ਨੇ ਉਦਯੋਗਪਤੀ ਗੌਤਮ ਅਡਾਨੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰ ਲੋਕਾਂ 'ਤੇ ਨਿਸ਼ਾਨਾ ਵਿੰਨ੍ਹਣ ਲਈ ਦੁਬਈ ਦੇ ਕਾਰੋਬਾਰੀ ਹੀਰਾਨੰਦਾਨੀ ਤੋਂ 'ਨਕਦੀ ਅਤੇ ਤੋਹਫ਼ੇ' ਹਾਸਲ ਕਰ ਕੇ ਸਦਨ 'ਚ ਸਵਾਲ ਪੁੱਛੇ ਸਨ। ਮੋਇਤਰਾ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰ ਕੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਕਿਉਂਕਿ ਉਨ੍ਹਾਂ ਨੇ ਅਡਾਨੀ ਸਮੂਹ ਨੂੰ ਲੈ ਕੇ ਸਵਾਲ ਚੁੱਕੇ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News