ਚੋਣ ਪ੍ਰਚਾਰ ਖ਼ਤਮ, ਉਮੀਦਵਾਰਾਂ ਦੀ ''ਅਗਨੀ ਪ੍ਰੀਖਿਆ'' ਸ਼ੁਰੂ
Monday, Feb 03, 2025 - 05:05 PM (IST)
ਨਵੀਂ ਦਿੱਲੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਸੋਮਵਾਰ ਯਾਨੀ ਕਿ ਅੱਜ ਸ਼ਾਮ 5 ਵਜੇ ਖ਼ਤਮ ਹੋ ਗਿਆ ਹੈ। ਚੋਣ ਪ੍ਰਚਾਰ ਖ਼ਤਮ ਹੋਣ ਨਾਲ ਹੀ ਉਮੀਦਵਾਰਾਂ ਦੀ 'ਅਗਨੀ ਪ੍ਰੀਖਿਆ' ਸ਼ੁਰੂ ਹੋ ਗਈ ਹੈ। ਦਿੱਲੀ ਵਿਧਾਨ ਸਭਾ ਚੋਣਾਂ 'ਚ 699 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਲਾ ਦਿੱਤੀ ਹੈ। ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਜਨਤਕ ਮੀਟਿੰਗਾਂ, ਰੈਲੀਆਂ, ਰੋਡ ਸ਼ੋਅ ਅਤੇ ਪੈਦਲ ਯਾਤਰਾਵਾਂ ਕਰ ਕੇ ਸਵੇਰ ਤੋਂ ਸ਼ਾਮ ਤੱਕ ਜਨਸੰਪਰਕ ਕੀਤਾ। ਸੋਮਵਾਰ ਨੂੰ ਚੋਣ ਪ੍ਰਚਾਰ ਦੇ ਆਖਰੀ ਦਿਨ ਵੀ ਸਾਰੀਆਂ ਸਿਆਸੀ ਪਾਰਟੀਆਂ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰ ਕਰਦੀਆਂ ਨਜ਼ਰ ਆਈਆਂ।
ਇਹ ਵੀ ਪੜ੍ਹੋ- ਦਿੱਲੀ ਚੋਣਾਂ: 46 ਫੀਸਦੀ ਉਮੀਦਵਾਰ ਨੇ 5ਵੀਂ ਤੋਂ 12ਵੀਂ ਪਾਸ
ਦਿੱਲੀ ਚੋਣਾਂ ਵਿਚ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਨੇ ਉਮੀਦਵਾਰ ਖੜ੍ਹੇ ਕੀਤੇ ਹਨ। ਕੁੱਲ 70 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਪੈਣਗੀਆਂ। ਵੋਟਿੰਗ ਨੂੰ ਆਸਾਨ ਬਣਾਉਣ ਲਈ ਸਾਰੇ ਜ਼ਿਲ੍ਹਾ ਚੋਣ ਅਧਿਕਾਰੀ ਰੰਗ-ਕੋਡ ਪ੍ਰਣਾਲੀ ਤਹਿਤ ਵੋਟਿੰਗ ਕੇਂਦਰਾਂ ਦੀ ਪਛਾਣ ਯਕੀਨੀ ਕਰਨਗੇ। ਓਧਰ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਆਪਣੀ ਮੁਫ਼ਤ ਕਲਿਆਕਾਰੀ ਯੋਜਨਾਵਾਂ ਦੇ ਮਾਡਲ 'ਤੇ ਭਰੋਸਾ ਕਰਦਿਆਂ ਲਗਾਤਾਰ ਤੀਜੀ ਵਾਰ ਸੱਤਾ ਹਾਸਲ ਕਰਨ ਨੂੰ ਲੈ ਕੇ ਆਸਵੰਦ ਨਜ਼ਰ ਆ ਰਹੀ ਹੈ। 2013 ਤੱਕ 15 ਸਾਲ ਸੱਤਾ ਸੰਭਾਲਣ ਵਾਲੀ ਕਾਂਗਰਸ ਪਿਛਲੀਆਂ ਦੋ ਚੋਣਾਂ ਵਿਚ ਇਕ ਵੀ ਸੀਟ ਨਹੀਂ ਜਿੱਤ ਸਕੀ। ਅਜਿਹੇ ਵਿਚ ਜ਼ਮੀਨੀ ਪੱਧਰ 'ਤੇ ਆਪਣੇ ਆਪ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। 25 ਸਾਲ ਤੋਂ ਵੱਧ ਸਮੇਂ ਬਾਅਦ ਵੀ ਦਿੱਲੀ ਦੀ ਸੱਤਾ ਹਾਸਲ ਕਰਨ ਦੀਆਂ ਆਪਣੀਆਂ ਕੋਸ਼ਿਸ਼ਾਂ ਨੂੰ ਤੇਜ਼ ਕਰਦਿਆਂ ਭਾਜਪਾ ਨੇ ਚੋਣ ਪ੍ਰਚਾਰ ਅਤੇ ਰੋਡ ਸ਼ੋਅ ਕੀਤੇ ਹਨ।
ਇਹ ਵੀ ਪੜ੍ਹੋ- 19.5 ਲੱਖ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਨੂੰ ਵੱਡੀ ਰਾਹਤ
ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦੇ ਅੰਕੜਿਆਂ ਮੁਤਾਬਕ 5 ਫਰਵਰੀ ਨੂੰ 13,766 ਵੋਟਿੰਗ ਕੇਂਦਰਾਂ 'ਤੇ 1.56 ਕਰੋੜ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਇਨ੍ਹਾਂ ਵਿਚੋਂ 83.76 ਲੱਖ ਪੁਰਸ਼, 72.36 ਲੱਖ ਔਰਤਾਂ ਅਤੇ 1,267 ‘ਤੀਜੇ ਲਿੰਗ’ ਵੋਟਰ ਹਨ। ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ 733 ਪੋਲਿੰਗ ਸਟੇਸ਼ਨ ਦਿਵਿਆਂਗ ਵਿਅਕਤੀਆਂ ਲਈ ਰੱਖੇ ਗਏ ਹਨ। ਇਸ ਤੋਂ ਇਲਾਵਾ ਨੌਜਵਾਨਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ 70 ਵਿਸ਼ੇਸ਼ ਪੋਲਿੰਗ ਕੇਂਦਰ ਵੀ ਬਣਾਏ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8