EC ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਕੀਤਾ ਐਲਾਨ

Friday, Oct 14, 2022 - 03:36 PM (IST)

EC ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਕੀਤਾ ਐਲਾਨ

ਨਵੀਂ ਦਿੱਲੀ (ਵਾਰਤਾ)- ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੀਆਂ 68 ਸੀਟਾਂ ਲਈ ਇਕ ਪੜਾਅ 'ਚ 12 ਨਵੰਬਰ ਨੂੰ ਵੋਟਿੰਗ ਹੋਵੇਗੀ, ਜਦੋਂ ਕਿ ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਸ਼ੁੱਕਰਵਾਰ ਨੂੰ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਨੋਟੀਫਿਕੇਸ਼ਨ 17 ਅਕਤੂਬਰ ਨੂੰ ਜਾਰੀ ਕੀਤੀ ਜਾਵੇਗੀ ਅਤੇ ਉਸੇ ਦਿਨ ਤੋਂ ਸੂਬੇ 'ਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਸਵਾਲਾਂ ਦੇ ਜਵਾਬ ਦਿੰਦਿਆਂ ਕੁਮਾਰ ਨੇ ਕਿਹਾ ਕਿ ਗੁਜਰਾਤ ਵਿਧਾਨ ਸਭਾ ਦੀਆਂ ਚੋਣਾਂ ਹਿਮਾਚਲ ਪ੍ਰਦੇਸ਼ ਨਾਲ ਨਹੀਂ ਹੋਣਗੀਆਂ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ 25 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਜਾਂਚ 27 ਅਕਤੂਬਰ ਨੂੰ ਹੋਵੇਗੀ ਅਤੇ ਉਮੀਦਵਾਰ 29 ਅਕਤੂਬਰ ਤੱਕ ਨਾਮ ਵਾਪਸ ਲੈ ਸਕਣਗੇ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੀ ਕਾਰਜਕਾਲ 8 ਜਨਵਰੀ ਨੂੰ ਖ਼ਤਮ ਹੋ ਰਿਹਾ ਹੈ ਅਤੇ ਉਸ ਤੋਂ ਪਹਿਲਾਂ ਵਿਧਾਨ ਸਭਾ ਦਾ ਗਠਨ ਹੋ ਜਾਵੇਗਾ।

ਇਹ ਵੀ ਪੜ੍ਹੋ : SYL 'ਤੇ CM ਮਾਨ ਨਾਲ ਬੈਠਕ ਮਗਰੋਂ ਮਨੋਹਰ ਖੱਟੜ ਦਾ ਵੱਡਾ ਬਿਆਨ

ਵਿਧਾਨ ਸਭਾ ਦੀਆਂ 17 ਸੀਟਾਂ ਅਨੁਸੂਚਿਤ ਜਾਤੀਆਂ ਲਈ ਅਤੇ ਤਿੰਨ ਅਨੁਸੂਚਿਤ ਜਨਜਾਤੀ ਲਈ ਰਾਖਵੀਆਂ ਹਨ। ਕੁਮਾਰ ਨੇ ਕਿਹਾ ਕਿ ਕਮਿਸ਼ਨ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਪੈਸੇ ਜਾਂ ਮੁਫ਼ਤ ਵਸਤੂਆਂ ਵੰਡਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰੇਗਾ ਅਤੇ ਇਸ ਲਈ ਰਾਜ 'ਚ ਸ਼ਾਮ 5 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਨਕਦੀ ਲੈ ਕੇ ਆਉਣ ਅਤੇ ਲਿਜਾਣ 'ਤੇ ਮੁਕੰਮਲ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਸਾੜੀਆਂ, ਮਿਕਸੀ ਅਤੇ ਹੋਰ ਅਜਿਹੇ ਹੀ ਸਮਾਨ ਦੀ ਆਵਾਜਾਈ 'ਤੇ ਵੀ ਨਜ਼ਰ ਰੱਖੀ ਜਾਵੇਗੀ। ਚੋਣਾਂ ਦੌਰਾਨ ਰਾਜ ਦੀਆਂ ਸਰਹੱਦਾਂ ਸੀਲ ਰਹਿਣਗੀਆਂ ਅਤੇ ਕਮਿਸ਼ਨ ਇਨਫੋਰਸਮੈਂਟ ਏਜੰਸੀਆਂ ਰਾਹੀਂ ਹਵਾਈ ਅੱਡਿਆਂ ਅਤੇ ਨਿੱਜੀ ਹਵਾਈ ਪੱਟੀਆਂ 'ਤੇ ਵੀ ਨਜ਼ਰ ਰੱਖੇਗਾ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News