ਨਵੇਂ ਉਪ ਰਾਸ਼ਟਰਪਤੀ ਦੀ ਚੋਣ ਲਈ ਤਿਆਰੀਆਂ ਸ਼ੁਰੂ, ਚੋਣ ਕਮਿਸ਼ਨ ਜਲਦ ਐਲਾਨ ਕਰੇਗਾ ਸ਼ੈਡਿਊਲ

Wednesday, Jul 23, 2025 - 02:27 PM (IST)

ਨਵੇਂ ਉਪ ਰਾਸ਼ਟਰਪਤੀ ਦੀ ਚੋਣ ਲਈ ਤਿਆਰੀਆਂ ਸ਼ੁਰੂ, ਚੋਣ ਕਮਿਸ਼ਨ ਜਲਦ ਐਲਾਨ ਕਰੇਗਾ ਸ਼ੈਡਿਊਲ

ਨਵੀਂ ਦਿੱਲੀ- ਚੋਣ ਕਮਿਸ਼ਨ ਨੇ ਸ਼੍ਰੀ ਜਗਦੀਪ ਧਨਖੜ ਦੇ ਅਸਤੀਫ਼ੇ ਤੋਂ ਬਾਅਦ ਉਪ ਰਾਸ਼ਟਰਪਤੀ ਅਹੁਦੇ ਲਈ ਚੋਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਬੁੱਧਵਾਰ ਨੂੰ ਜਾਰੀ ਇਕ ਪ੍ਰੈਸ ਨੋਟ 'ਚ ਕਮਿਸ਼ਨ ਨੇ ਕਿਹਾ ਕਿ ਉਸ ਨੇ ਨਵੇਂ ਉਪ ਰਾਸ਼ਟਰਪਤੀ ਦੀ ਚੋਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਤਿਆਰੀਆਂ ਪੂਰੀਆਂ ਹੋਣ ਤੋਂ ਬਾਅਦ, ਜਿੰਨੀ ਜਲਦੀ ਹੋ ਸਕੇ ਚੋਣ ਸ਼ਡਿਊਲ ਦਾ ਐਲਾਨ ਕੀਤਾ ਜਾਵੇਗਾ। ਕਮਿਸ਼ਨ ਨੇ ਕਿਹਾ ਹੈ ਕਿ ਚੋਣ ਸ਼ਡਿਊਲ ਦੇ ਐਲਾਨ ਤੋਂ ਪਹਿਲਾਂ ਦੀਆਂ ਤਿਆਰੀਆਂ 'ਚ ਚੋਣ ਮੰਡਲ ਦੀ ਸੂਚੀ ਤਿਆਰ ਕਰਨਾ, ਰਿਟਰਨਿੰਗ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰ ਦਾ ਫੈਸਲਾ ਕਰਨਾ ਅਤੇ ਉਪ ਰਾਸ਼ਟਰਪਤੀ ਅਹੁਦੇ ਲਈ ਪਿਛਲੀਆਂ ਸਾਰੀਆਂ ਚੋਣਾਂ ਨਾਲ ਸਬੰਧਤ ਜਾਣਕਾਰੀ ਇਕੱਠੀ ਕਰਨਾ ਅਤੇ ਪ੍ਰਦਾਨ ਕਰਨਾ ਸ਼ਾਮਲ ਹੈ।

ਕਮਿਸ਼ਨ ਨੇ ਕਿਹਾ ਹੈ ਕਿ ਗ੍ਰਹਿ ਮੰਤਰਾਲੇ ਨੇ ਮੰਗਲਵਾਰ ਨੂੰ ਇਕ ਗਜ਼ਟ ਨੋਟੀਫਿਕੇਸ਼ਨ ਰਾਹੀਂ ਸ਼੍ਰੀ ਜਗਦੀਪ ਧਨਖੜ ਦੇ ਉਪ ਰਾਸ਼ਟਰਪਤੀ ਅਹੁਦੇ ਤੋਂ ਅਸਤੀਫ਼ੇ ਦਾ ਜਨਤਕ ਨੋਟਿਸ ਜਾਰੀ ਕੀਤਾ ਹੈ। ਸੰਵਿਧਾਨ ਦੀ ਧਾਰਾ 324 ਦੇ ਤਹਿਤ ਕਮਿਸ਼ਨ ਦੀ ਜ਼ਿੰਮੇਵਾਰੀ ਹੈ ਕਿ ਉਹ ਇਸ ਅਹੁਦੇ ਲਈ ਚੋਣਾਂ ਕਰਵਾਏ। ਉਪ ਰਾਸ਼ਟਰਪਤੀ ਦੀ ਚੋਣ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਚੋਣ ਐਕਟ 1952 ਅਤੇ 1974 'ਚ ਇਸ ਨਾਲ ਸਬੰਧਤ ਨਿਯਮਾਂ ਦੁਆਰਾ ਨਿਰਦੇਸ਼ਿਤ ਹੁੰਦੀ ਹੈ। ਉਪ ਰਾਸ਼ਟਰਪਤੀ ਦੀ ਚੋਣ ਲਈ ਚੋਣ ਮੰਡਲ 'ਚ ਸੰਸਦ ਦੇ ਦੋਵਾਂ ਸਦਨਾਂ, ਰਾਜ ਸਭਾ ਅਤੇ ਲੋਕ ਸਭਾ ਦੇ ਸਾਰੇ ਮੈਂਬਰ ਸ਼ਾਮਲ ਹੁੰਦੇ ਹਨ। ਜ਼ਿਕਰਯੋਗ ਹੈ ਕਿ ਸ਼੍ਰੀ ਧਨਖੜ ਨੇ ਸੋਮਵਾਰ ਨੂੰ ਸਿਹਤ ਕਾਰਨਾਂ ਕਰਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਭੇਜਿਆ ਸੀ, ਜਿਸ ਨੂੰ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਿਆ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News