ਹੰਗਾਮੇ ਦਰਮਿਆਨ ਲੋਕ ਸਭਾ ’ਚ ਬਿਜਲੀ ਸੋਧ ਬਿੱਲ 2022 ਪੇਸ਼

Monday, Aug 08, 2022 - 02:32 PM (IST)

ਹੰਗਾਮੇ ਦਰਮਿਆਨ ਲੋਕ ਸਭਾ ’ਚ ਬਿਜਲੀ ਸੋਧ ਬਿੱਲ 2022 ਪੇਸ਼

ਨਵੀਂ ਦਿੱਲੀ- ਲੋਕ ਸਭਾ 'ਚ ਸੋਮਵਾਰ ਯਾਨੀ ਕਿ ਅੱਜ ਬਿਜਲੀ ਸੋਧ ਬਿੱਲ 2022 ਪੇਸ਼ ਕੀਤਾ ਗਿਆ। ਇਸ ਬਿੱਲ 'ਚ ਬਿਜਲੀ ਵੰਡ ਖੇਤਰ 'ਚ ਬਦਲਾਅ ਕਰਨ, ਰੈਗੂਲੇਟਰੀ ਤੰਤਰ ਨੂੰ ਮਜ਼ਬੂਤ ​​ਕਰਨ ਅਤੇ ਸਿਸਟਮ ਨੂੰ ਇਕਸਾਰ ਕਰਨ ਦਾ ਪ੍ਰਸਤਾਵ ਦਿੱਤਾ ਗਿਆ ਹੈ। ਬਿਜਲੀ ਮੰਤਰੀ ਆਰ. ਕੇ. ਸਿੰਘ ਨੇ ਲੋਕ ਸਭਾ ’ਚ ਬਿਜਲੀ ਸੋਧ ਬਿੱਲ 2022 ਪੇਸ਼ ਕੀਤਾ। ਇਸ ਬਿੱਲ ਦਾ ਕਾਂਗਰਸ, ਡੀ.ਐਮ.ਕੇ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਕੁਝ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਵਿਰੋਧ ਕੀਤਾ ਅਤੇ ਇਸ ਨੂੰ ਸੰਘੀ ਢਾਂਚੇ ਦੇ ਖ਼ਿਲਾਫ਼ ਕਰਾਰ ਦਿੱਤਾ।

ਇਹ ਵੀ ਪੜ੍ਹੋ- ਕੀ ਹੈ ਬਿਜਲੀ (ਸੋਧ) ਬਿੱਲ 2020, ਜਾਣਨ ਲਈ ਪੜ੍ਹੋ ਖ਼ਾਸ ਰਿਪੋਰਟ

ਸੰਸਦ ’ਚ ਬਿੱਲ ਨੂੰ ਪੇਸ਼ ਕਰਨ ਦਾ ਵਿਰੋਧ ਕਰ ਰਹੇ ਸੰਸਦ ਮੈਂਬਰਾਂ ਨੇ ਕਿਹਾ ਕਿ  ਇਹ ਸੰਘੀ ਢਾਂਚੇ ਦੀ ਉਲੰਘਣਾ ਕਰਦਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦਾ ਵਿਸ਼ਾ ਸਮਵਰਤੀ ਸੂਚੀ ਵਿਚ ਆਉਂਦਾ ਹੈ, ਇਸ ਲਈ ਇਸ ਵਿਸ਼ੇ ’ਤੇ ਸਾਰੇ ਰਾਜਾਂ ਅਤੇ ਸਬੰਧਤ ਧਿਰਾਂ ਨਾਲ ਗੱਲਬਾਤ ਕਰਨੀ ਜ਼ਰੂਰੀ ਸੀ ਪਰ ਅਜਿਹਾ ਨਹੀਂ ਕੀਤਾ ਗਿਆ। ਇਸ ਤੋਂ ਬਾਅਦ ਊਰਜਾ ਮੰਤਰੀ ਆਰ.ਕੇ.ਸਿੰਘ ਨੇ ਕਿਹਾ ਕਿ ਉਹ ਇਸ ਬਿੱਲ ਨੂੰ ਵਿਚਾਰ ਲਈ ਸੰਸਦ ਦੀ ਸਥਾਈ ਕਮੇਟੀ ਕੋਲ ਭੇਜਣ ਦੀ ਅਪੀਲ ਕਰਦੇ ਹਨ। ਮੰਤਰੀ ਨੇ ਕਿਹਾ ਕਿ ਮੈਂ ਸਪੀਕਰ ਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਇਸ ਬਿੱਲ ਨੂੰ ਵਿਚਾਰ ਲਈ ਸੰਸਦ ਦੀ ਸਥਾਈ ਕਮੇਟੀ ਕੋਲ ਭੇਜੋ। ਉਸ ਕਮੇਟੀ ਵਿਚ ਸਾਰੀਆਂ ਪਾਰਟੀਆਂ ਦੀ ਨੁਮਾਇੰਦਗੀ ਕੀਤੀ ਜਾਂਦੀ ਹੈ, ਇਸ ਲਈ ਵੱਖ-ਵੱਖ ਪਹਿਲੂਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਜਾ ਸਕਦੀ ਹੈ। 

ਇਹ ਵੀ ਪੜ੍ਹੋ- ਨੀਤੀ ਆਯੋਗ ਦੀ ਬੈਠਕ ’ਚ ਸ਼ਾਮਲ ਹੋਏ CM ਭਗਵੰਤ ਮਾਨ, PM ਮੋਦੀ ਅੱਗੇ ਰੱਖੇ ਪੰਜਾਬ ਦੇ ਕਈ ਅਹਿਮ ਮੁੱਦੇ

ਕੀ ਬੋਲੇ ਸੰਸਦ ਮੈਂਬਰ-

ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰਐਸਪੀ) ਦੇ ਐਨ. ਕੇ. ਪ੍ਰੇਮਚੰਦਰਨ ਨੇ ਕਿਹਾ ਕਿ ਬਿੱਲ ਦੀਆਂ ਵਿਵਸਥਾਵਾਂ ਖਪਤਕਾਰਾਂ ਅਤੇ ਕਿਸਾਨਾਂ ਦੇ ਹਿੱਤਾਂ 'ਤੇ ਮਾੜਾ ਅਸਰ ਪਾਉਣਗੀਆਂ ਅਤੇ ਨਿੱਜੀ ਖੇਤਰ ਦੀਆਂ ਕੰਪਨੀਆਂ ਲਈ ਜਨਤਕ ਬੁਨਿਆਦੀ ਢਾਂਚੇ ਦਾ ਲਾਭ ਲੈਣ ਦਾ ਰਾਹ ਪੱਧਰਾ ਕਰੇਗੀ। ਇਸ ਦੇ ਨਾਲ ਹੀ ਕਾਂਗਰਸ ਸੰਸਦ ਮੈਂਬਰ ਦੇ ਮਨੀਸ਼ ਤਿਵਾੜੀ ਨੇ ਕਿਹਾ ਕਿ ਇਸ ਪ੍ਰਸਤਾਵਿਤ ਬਿੱਲ ਰਾਹੀਂ ਮੂਲ ਕਾਨੂੰਨ ਦੇ ਉਦੇਸ਼ ਪ੍ਰਭਾਵਿਤ ਹੋ ਸਕਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਹ ਨਿੱਜੀਕਰਨ ਵੱਲ ਕਦਮ ਹੈ। ਕਾਂਗਰਸ ਦੇ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਇਹ ਬਿੱਲ ਸਪੱਸ਼ਟ ਤੌਰ 'ਤੇ ਸਹਿਕਾਰੀ ਸੰਘਵਾਦ ਦੀ ਉਲੰਘਣਾ ਕਰਦਾ ਹੈ ਅਤੇ ਸੂਬਾ ਸਰਕਾਰਾਂ ਦੀਆਂ ਸ਼ਕਤੀਆਂ ਨੂੰ ਕਮਜ਼ੋਰ ਕਰਦਾ ਹੈ।

ਆਰ. ਕੇ. ਸਿੰਘ ਨੇ ਕੀ ਕਿਹਾ?

ਊਰਜਾ ਮੰਤਰੀ ਆਰ. ਕੇ ਸਿੰਘ ਨੇ ਕਿਹਾ ਕਿ ਇਸ ਬਿੱਲ ਨੂੰ ਲੈ ਕੇ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਈ ਸਬਸਿਡੀ ਵਾਪਸ ਨਹੀਂ ਲਈ ਜਾ ਰਹੀ, ਕਿਸਾਨਾਂ ਨੂੰ ਜੋ ਮਿਲਦਾ ਸੀ, ਉਹ ਮਿਲਦਾ ਰਹੇਗਾ। ਸਿੰਘ ਨੇ ਕਿਹਾ ਕਿ (ਕੁਝ ਮੈਂਬਰਾਂ ਦਾ) ਇਸ ਤਰ੍ਹਾਂ ਦਾ ਗੈਰ-ਜ਼ਿੰਮੇਵਾਰਾਨਾ ਵਤੀਰਾ ਸਹੀ ਨਹੀਂ ਹੈ।


author

Tanu

Content Editor

Related News