ਆਬਕਾਰੀ ਨੀਤੀ ਮਾਮਲੇ ’ਚ ਕੇਜਰੀਵਾਲ ਦੀ ਪਟੀਸ਼ਨ ''ਤੇ ਹਾਈ ਕੋਰਟ ਦਾ ਤਾਰੀਖ ਬਦਲਣ ਤੋਂ ਇਨਕਾਰ
Saturday, Dec 07, 2024 - 10:09 AM (IST)
ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਉਸ ਪਟੀਸ਼ਨ ਉੱਤੇ ਸੁਣਵਾਈ ਦੀ ਤਾਰੀਖ ਵਧਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਵਿਚ ਉਨ੍ਹਾਂ ਨੇ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਇਕ ਮਾਮਲੇ ਵਿਚ ਉਨ੍ਹਾਂ ਦੇ ਖਿਲਾਫ ਦਾਇਰ ਚਾਰਜਸ਼ੀਟ ’ਤੇ ਨੋਟਿਸ ਲੈਣ ਦੇ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ। ਜਸਟਿਸ ਮਨੋਜ ਕੁਮਾਰ ਓਹਰੀ ਨੇ ਕਿਹਾ ਕਿ ਇਸ ਕੇਸ ਦੀ ਸੁਣਵਾਈ ਉਸੇ ਤਾਰੀਖ਼ (20 ਦਸੰਬਰ) ਨੂੰ ਹੋਵੇਗੀ। ਮੇਰੇ ਕੋਲ ਹੋਰ ਕੇਸ ਸੁਣਨ ਨੂੰ ਹਨ।
ਕੇਜਰੀਵਾਲ ਨੇ ਆਪਣੀ ਪਟੀਸ਼ਨ ਦੀ ਸੁਣਵਾਈ ਦੀ ਤਾਰੀਖ 20 ਦਸੰਬਰ ਤੋਂ ਅੱਗੇ ਵਧਾਉਣ ਦੀ ਅਪੀਲ ਕੀਤੀ ਸੀ। ਅਦਾਲਤ ਵੱਲੋਂ ਸੁਣਵਾਈ ਦੀ ਤਾਰੀਖ ਨੂੰ ਬਦਲਣ ਤੋਂ ਇਨਕਾਰ ਕਰਨ ਤੋਂ ਬਾਅਦ ਕੇਜਰੀਵਾਲ ਦੇ ਵਕੀਲ ਨੇ ਅਪੀਲ ਕੀਤੀ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੂੰ ਪਟੀਸ਼ਨ ’ਤੇ ਆਪਣੇ ਜਵਾਬ ਦੀ ਕਾਪੀ ਪਹਿਲਾਂ ਤੋਂ ਮੁਹੱਈਆ ਕਰਵਾਉਣ ਦਾ ਨਿਰਦੇਸ਼ ਦਿੱਤਾ ਜਾਵੇ।