ਹਾਈਕੋਰਟ ਨੇ ਕੇਜਰੀਵਾਲ ਖਿਲਾਫ ਸੁਣਵਾਈ ''ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ
Thursday, Nov 21, 2024 - 06:02 PM (IST)
ਨਵੀਂ ਦਿੱਲੀ- ਹਾਈ ਕੋਰਟ ਨੇ ਵੀਰਵਾਰ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਖਿਲਾਫ ਸੁਣਵਾਈ 'ਤੇ ਫਿਲਹਾਲ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਕੇਜਰੀਵਾਲ ਦਿੱਲੀ ਆਬਕਾਰੀ ਨੀਤੀ 2021-22 ਨਾਲ ਸਬੰਧਤ ਬੇਨਿਯਮੀਆਂ ਦੇ ਮਾਮਲੇ ਵਿਚ ਦੋਸ਼ੀ ਹਨ। ਜਸਟਿਸ ਮਨੋਜ ਕੁਮਾਰ ਓਹਰੀ ਨੇ ਕੇਜਰੀਵਾਲ ਦੀ ਉਸ ਪਟੀਸ਼ਨ 'ਤੇ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਵਾਬ ਮੰਗਿਆ ਜਿਸ ਵਿਚ ਚਾਰਜਸ਼ੀਟ 'ਤੇ ਨੋਟਿਸ ਲੈਣ ਦੇ ਹੇਠਲੀ ਅਦਾਲਤ ਹੁਕਮ ਨੂੰ ਚੁਣੌਤੀ ਦਿੱਤੀ ਗਈ। ਇਸ ਮਾਮਲੇ ਦੀ ਸੁਣਵਾਈ 20 ਦਸੰਬਰ ਨੂੰ ਹੋਵੇਗੀ।
ਕੇਜਰੀਵਾਲ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਅਤੇ ਦਲੀਲ ਦਿੱਤੀ ਕਿ ਕਥਿਤ ਅਪਰਾਧ ਦੇ ਸਮੇਂ ਉਹ ਇਕ ਜਨਤਕ ਸੇਵਕ ਸੀ, ਇਸ ਲਈ ਵਿਸ਼ੇਸ਼ ਅਦਾਲਤ ਨੇ ਮੁਕੱਦਮੇ ਲਈ ਬਿਨਾਂ ਕਿਸੇ ਮਨਜ਼ੂਰੀ ਦੇ ਉਸ ਵਿਰੁੱਧ ਚਾਰਜਸ਼ੀਟ ਦਾ ਨੋਟਿਸ ਲਿਆ। ਹਾਲਾਂਕਿ ਈਡੀ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਕੇਜਰੀਵਾਲ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਮਿਲ ਗਈ ਹੈ ਅਤੇ ਉਹ ਹਲਫ਼ਨਾਮਾ ਦਾਖ਼ਲ ਕਰਨਗੇ। ਦਰਅਸਲ ਹਾਈ ਕੋਰਟ ਨੇ 12 ਨਵੰਬਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਨੂੰ ਜਾਰੀ ਕੀਤੇ ਸੰਮਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਜਵਾਬ ਮੰਗਿਆ ਸੀ।
ਹਾਈਕੋਰਟ ਨੇ ਅਪਰਾਧਿਕ ਮਾਮਲੇ 'ਚ ਹੇਠਲੀ ਅਦਾਲਤ ਦੀ ਸੁਣਵਾਈ 'ਤੇ ਫਿਲਹਾਲ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ 12 ਜੁਲਾਈ ਨੂੰ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ ਅਤੇ ਸੁਪਰੀਮ ਕੋਰਟ ਨੇ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ) ਮਾਮਲੇ 'ਚ 13 ਸਤੰਬਰ ਨੂੰ ਉਨ੍ਹਾਂ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਸੀ। ਸੀ. ਬੀ. ਆਈ. ਅਤੇ ਈ.ਡੀ ਮੁਤਾਬਕ ਆਬਕਾਰੀ ਨੀਤੀ ਚ ਸੋਧ ਕਰਦੇ ਸਮੇਂ ਬੇਨਿਯਮੀਆਂ ਕੀਤੀਆਂ ਗਈਆਂ ਸਨ ਅਤੇ ਲਾਇਸੈਂਸ ਧਾਰਕਾਂ ਨੂੰ ਨਾਜਾਇਜ਼ ਲਾਭ ਦਿੱਤੇ ਗਏ ਸਨ। ਦਿੱਲੀ ਸਰਕਾਰ ਨੇ 17 ਨਵੰਬਰ 2021 ਨੂੰ ਨੀਤੀ ਨੂੰ ਲਾਗੂ ਕੀਤਾ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਵਿਚਕਾਰ ਸਤੰਬਰ 2022 ਦੇ ਅਖ਼ੀਰ ਤੱਕ ਇਸ ਨੂੰ ਰੱਦ ਕਰ ਦਿੱਤਾ।