‘ਸ਼ਹੀਦ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ 50-50 ਲੱਖ ਰੁਪਏ ਤੇ ਨੌਕਰੀ ਦੇਵੇ ਕੇਂਦਰ ਸਰਕਾਰ’

Wednesday, Jan 06, 2021 - 06:38 PM (IST)

‘ਸ਼ਹੀਦ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ 50-50 ਲੱਖ ਰੁਪਏ ਤੇ ਨੌਕਰੀ ਦੇਵੇ ਕੇਂਦਰ ਸਰਕਾਰ’

ਨਵੀਂ ਦਿੱਲੀ– ਰਾਸ਼ਟਰਵਾਦੀ ਕਾਂਗਰਸ ਪਾਰਟੀ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲ ਮੰਨਣ ਅਤੇ ਕਿਸਾਨ ਅੰਦੋਲਨ ਨੂੰ ਜਲਦੀ ਖ਼ਤਮ ਕਰਨ ਲਈ ਜ਼ਰੂਰੀ ਕਦਮ ਚੁੱਕਣ ਦੀ ਮੰਗ ਕਰਦੇ ਹੋਏ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦੇਣ ਦੀ ਮੰਗ ਕੀਤੀ ਹੈ। ਪਾਰਟੀ ਦੇ ਜਰਨਲ ਸਕੱਤਰ ਕੇ.ਕੇ. ਸ਼ਰਮਾ ਨੇ ਬੁੱਧਵਾਰ ਨੂੰ ਜਾਰੀ ਇਕ ਬਿਆਨ ’ਚ ਕਿਹਾ ਕਿ ਸਰਕਾਰ ਨੂੰ ਖੇਤੀ ਸੰਬੰਧੀ ਤਿੰਨਾਂ ਕਾਲੇ ਕਾਨੂੰਨਾਂ ਨੂੰ ਖ਼ਤਮ ਕਰਕੇ ਕਿਸਾਨ ਅੰਦੋਲਨ ਨੂੰ ਖ਼ਤਮ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿਸਾਨ ਕੜਾਕੇ ਦੀ ਠੰਡ ’ਚ ਅੰਦੋਲਨ ਕਰ ਰਹੇ ਹਨ ਅਤੇ ਧਰਨਾ ਦੇ ਰਹੇ ਹਨ ਜਿਸ ਨਾਲ ਉਨ੍ਹਾਂ ਦੀ ਹਾਲਤ ਬਹੁਤ ਖ਼ਰਾਬ ਹੋ ਰਹੀ ਹੈ ਇਸ ਲਈ ਸਰਕਰਾ ਨੂੰ ਉਨ੍ਹਾਂ ਦੀਆਂ ਮੰਗਾਂ ’ਤੇ ਤੁਰੰਤ ਵਿਚਾਰ ਕਰਨਾ ਚਾਹੀਦਾ ਹੈ। 

ਉਨ੍ਹਾਂ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਅੰਦੋਲਨ ਦੌਰਾਨ ਜੋ ਕਿਸਾਨ ਸ਼ਹੀਦ ਹੋਏ ਹਨ ਉਨ੍ਹਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦੀ ਸਹਾਇਤਾ ਦੇਣ ਦੇ ਨਾਲ ਹੀ ਪੀੜਤ ਪਰਿਵਾਰ ਦੇ ਇਕ-ਇਕ ਮੈਂਬਰ ਨੂੰ ਨੌਕਰੀ ਦਿੱਤੀ ਜਾਣੀ ਚਾਹੀਦੀ ਹੈ। ਕਿਸਾਨ ਪੂਰੇ ਅਨੁਸ਼ਾਸਨ ਨਾਲ ਅੰਦੋਲਨ ਕਰ ਰਹੇ ਹਨ ਅਤੇ ਅਹਿੰਸਕ ਤਰੀਕੇ ਨਾਲ ਸਰਕਾਰ ਦੇ ਸਾਹਮਣੇ ਆਪਣੀ ਮੰਗ ਰੱਖ ਰਹੇ ਹਨ। ਇਸ ਲਈ ਉਨ੍ਹਾਂ ਦੀਆਂ ਮੰਗਾਂ ’ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। 

ਰਾਕਾਂਪਾ ਸਕੱਤਰ ਨੇ ਕਿਹਾ ਕਿ ਇਹ ਅੰਦੋਲਨ ਪੂਰੀ ਤਰ੍ਹਾਂ ਕਿਸਾਨ ਅੰਦੋਲਨ ਹੈ ਅਤੇ ਇਸ ਨੂੰ ਰਾਜਨੀਤਿਕ ਰੂਪ ਨਹੀਂ ਦਿੱਤਾ ਜਾਣਾ ਚਾਹੀਦਾ। ਇਸ ਸਬੰਧ ’ਚ ਸਰਕਾਰ ਵਿਰੋਧੀਆਂ ’ਤੇ ਜੋ ਦੋਸ਼ ਲਗਾ ਰਹੀ ਹੈ ਉਹ ਬੇਬੁਨਿਆਦ ਹੈ। ਸਰਕਾਰ ਨੂੰ ਐੱਮ.ਐੱਸ.ਪੀ. ਨੂੰ ਕਾਨੂੰਨੀ ਗਾਰੰਟੀ ਦਿੰਦੇ ਹੋਏ ਅੰਦੋਲਨ ਨੂੰ ਤੁਰੰਤ ਖ਼ਤਮ ਕਰਨਾ ਚਾਹੀਦਾ ਹੈ।


author

Rakesh

Content Editor

Related News