ਕਿਸਾਨ ਆਗੂਆਂ ਤੇ ਖੇਤੀਬਾੜੀ ਮੰਤਰੀ ਵਿਚਾਲੇ ਮਾਹੌਲ ਗਰਮਾਇਆ

01/08/2021 4:03:14 PM

ਨਵੀਂ ਦਿੱਲੀ- ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ 8ਵੇਂ ਦੌਰ ਦੀ ਗੱਲਬਾਤ ਜਾਰੀ ਹੈ। ਇਸ ਦੌਰਾਨ ਕਿਸਾਨਾਂ ਅਤੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵਿਚਾਲੇ ਤਲ਼ਖ਼ੀ ਦੇਖਣ ਨੂੰ ਮਿਲੀ। ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਪੂਰੇ ਦੇਸ਼ ਲਈ ਕਾਨੂੰਨ ਬਣਾਇਆ ਹੈ, ਇਸ ਲਈ ਕਾਨੂੰਨ ਰੱਦ ਨਹੀਂ ਕਰ ਸਕਦੇ। ਕਾਨੂੰਨ 'ਤੇ ਚਰਚਾ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀਆਂ ਕੁਝ ਜਥੇਬੰਦੀਆਂ ਕਾਨੂੰਨ ਦੇ ਹੱਕ 'ਚ ਹਨ। ਕਿਸਾਨਾਂ ਨੇ ਤੋਮਰ ਦੀ ਅਪੀਲ ਠੁਕਰਾਉਂਦੇ ਹੋਏ ਕਿਹਾ ਕਿ ਪੰਜਾਬ ਭਾਜਪਾ ਦੇ ਨੇਤਾ ਕਿਸਾਨਾਂ ਨੂੰ ਗਾਲ੍ਹਾਂ ਕੱਢਦੇ ਹਨ। ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਾਨੂੰਨ ਰੱਦ ਕਰੋ, ਸੋਧ ਸਾਡੇ ਹੱਕ 'ਚ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਲੱਗਦਾ ਸਰਕਾਰ ਮਸਲਾ ਹੱਲ ਕਰਨ ਦੇ ਮੂਡ 'ਚ ਨਹੀਂ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਆਗੂਆਂ ਨੂੰ ਦੇਸ਼ ਹਿੱਤ 'ਚ ਅੰਦੋਲਨ ਵਾਪਸ ਲੈਣਾ ਚਾਹੀਦਾ। ਉੱਥੇ ਹੀ ਕਿਸਾਨਾਂ ਨੇ ਕਿਹਾ ਕਿ ਉਹ ਕਾਨੂੰਨ ਵਾਪਸ ਕਰਨਾ ਚਾਹੁੰਦੇ ਹਨ। ਇਸ ਤੋਂ ਇਲਾਵਾ ਕੁਝ ਮਨਜ਼ੂਰ ਨਹੀਂ ਹੈ। ਬੈਠਕ 'ਚ ਸਰਕਾਰ ਨੇ ਇਹ ਵੀ ਸਾਫ਼ ਕਰ ਦਿੱਤਾ ਕਿ ਉਹ ਕਾਨੂੰਨ ਵਾਪਸ ਨਹੀਂ ਲਵੇਗੀ।

ਇਹ ਵੀ ਪੜ੍ਹੋ : ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਸ਼ੁਰੂ, ਕਾਨੂੰਨ ਰੱਦ ਕਰਨ ਦੀ ਮੰਗ 'ਤੇ ਅੜੇ ਕਿਸਾਨ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 4 ਜਨਵਰੀ ਨੂੰ ਹੋਈ ਬੈਠਕ ਦੇ ਬੇਨਤੀਜਾ ਰਹਿਣ ਤੋਂ ਬਾਅਦ ਇਹ ਬੈਠਕ ਅਹਿਮ ਹੈ। ਸਰਕਾਰ ਨੇ 30 ਦਸੰਬਰ ਨੂੰ 6ਵੇਂ ਦੌਰ ਦੀ ਗੱਲਬਾਤ 'ਚ ਕਿਸਾਨਾਂ ਦੀ ਬਿਜਲੀ ਸਬਸਿਡੀ ਅਤੇ ਪਰਾਲੀ ਸਾੜਨ ਸੰਬੰਧੀ 2 ਮੰਗਾਂ ਨੂੰ ਮੰਨ ਲਿਆ ਸੀ। ਇਸ ਤੋਂ ਪਹਿਲਾਂ ਕਿਸੇ ਵੀ ਬੈਠਕ 'ਚ ਕੋਈ ਸਫ਼ਲਤਾ ਨਹੀਂ ਮਿਲੀ ਸੀ। 8ਵੇਂ ਦੌਰ ਦੀ ਬੈਠਕ ਤੋਂ ਪਹਿਲਾਂ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੱਲ ਦੇ ਇਤਿਹਾਸਕ ਟਰੈਕਟਰ ਮਾਰਚ ਦਾ ਅਸਰ ਅੱਜ ਦੀ ਬੈਠਕ 'ਚ ਦੇਖਣ ਨੂੰ ਮਿਲੇਗਾ। 

ਨੋਟ : ਨੋਟ : ਕੀ ਅੱਜ ਦੀ ਬੈਠਕ 'ਚ ਨਿਕਲੇਗਾ ਕੋਈ ਹੱਲ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor

Related News