ਕਿਸਾਨਾਂ ਦਾ ਧਰਨਾ ਜਾਰੀ, ਅੱਜ ਲੋਹੜੀ ’ਤੇ ਸਾੜਨਗੇ ‘ਖੇਤੀ ਕਾਨੂੰਨ’ ਦੀਆਂ ਕਾਪੀਆਂ

01/13/2021 10:56:46 AM

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਨਵੇਂ ਖੇਤੀ ਕਾਨੂੰਨਾਂ ਦੇ ਲਾਗੂ ਹੋਣ ’ਤੇ ਰੋਕ ਲਾ ਦਿੱਤੀ ਹੈ। ਕਾਨੂੰਨਾਂ ’ਤੇ ਰੋਕ ਲੱਗਣ ਮਗਰੋਂ ਵੀ ਕਿਸਾਨ ਆਪਣੀ ਜ਼ਿੱਦ ’ਤੇ ਅੜੇ ਹੋਏ ਹਨ ਕਿ ਉਹ ਅੰਦੋਲਨ ਖ਼ਤਮ ਨਹੀਂ ਕਰਨਗੇ। ਦਰਅਸਲ ਅਦਾਲਤ ਨੇ ਸਰਕਾਰ ਅਤੇ ਕਿਸਾਨਾਂ ਵਿਚਾਲੇ ਕਿਸਾਨੀ ਮਸਲੇ ਨੂੰ ਨਿਪਟਾਉਣ ਲਈ 4 ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ, ਹੁਣ ਉਸ ਨੂੰ ਲੈ ਕੇ ਬਹਿਸ ਛਿੜ ਗਈ ਹੈ। ਕਿਸਾਨ ਜਥੇਬੰਦੀਆਂ ਦਾ ਦੋਸ਼ ਹੈ ਕਿ ਕਮੇਟੀ ’ਚ ਸ਼ਾਮਲ ਚਾਰੋੋਂ ਲੋਕ- ਭੁਪਿੰਦਰ ਸਿੰਘ ਮਾਨ, ਡਾ. ਪ੍ਰਮੋਦ ਕੁਮਾਰ ਜੋਸ਼ੀ, ਅਸ਼ੋਕ ਗੁਲਾਟੀ ਅਤੇ ਅਨਿਲ ਘਨਵਟ ਖੇਤੀ ਕਾਨੂੰਨਾਂ ਦਾ ਸਮਰਥਨ ਕਰ ਚੁੱਕੇ ਹਨ। 

ਇਹ ਵੀ ਪੜ੍ਹੋ: ਕਿਸਾਨ ਅੰਦੋਲਨ: SC ਦਾ ਵੱਡਾ ਫ਼ੈਸਲਾ, ਅਗਲੇ ਹੁਕਮਾਂ ਤੱਕ ਖੇਤੀ ਕਾਨੂੰਨਾਂ ’ਤੇ ਲਾਈ ਰੋਕ, ਬਣਾਈ ਕਮੇਟੀ

ਦੱਸ ਦੇਈਏ ਕਿ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਅੱਜ 49ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਦਿੱਲੀ ਦੇ ਸਿੰਘੂ, ਟਿਕਰੀ, ਗਾਜ਼ੀਪੁਰ ਸਰਹੱਦਾਂ ’ਤੇ ਕਿਸਾਨ ਕੜਾਕੇ ਦੀ ਠੰਡ ’ਚ ਡਟੇ ਹੋਏ ਹਨ। ਕੱਲ੍ਹ ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਸਾਫ ਕਰ ਦਿੱਤਾ ਹੈ ਕਿ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ। ਅੱਜ ਯਾਨੀ ਕਿ ਬੁੱਧਵਾਰ ਨੂੰ ਲੋਹੜੀ ਦੇ ਮੌਕੇ ’ਤੇ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਨਾਲ ਹੀ 26 ਜਨਵਰੀ ਯਾਨੀ ਕਿ ਗਣਤੰਤਰ ਦਿਵਸ ਦੇ ਦਿਨ ਸ਼ਾਂਤੀ ਨਾਲ ਟਰੈਕਟਰ ਮਾਰਚ ਕੱਢਣ ਦੀ ਗੱਲ ਆਖੀ ਹੈ। ਹਾਲਾਂਕਿ ਇਸ ਮਸਲੇ ’ਤੇ ਸੁਪਰੀਮ ਕੋਰਟ ਨੇ ਵੀ ਕਿਸਾਨਾਂ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਇਹ ਮਸਲਾ ਹੁਣ ਸੋਮਵਾਰ ਨੂੰ ਸੁਪਰੀਮ ਕੋਰਟ ’ਚ ਸੁਣਿਆ ਜਾਵੇਗਾ।

ਇਹ ਵੀ ਪੜ੍ਹੋ: ਕਿਸਾਨੀ ਘੋਲ: ‘ਕਿਸਾਨ ਏਕਤਾ ਮੋਰਚਾ’ ਨੇ ਦਿੱਤਾ ਨਵਾਂ ਨਾਅਰਾ- ‘ਮੌਤ ਨਹੀਂ, ਜਿੱਤ ਚੁਣੋ’

ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਉਹ ਅਗਲੇ ਹੁਕਮਾਂ ਤੱਕ ਖੇਤੀ ਕਾਨੂੰਨਾਂ ਦੇ ਅਮਲ ’ਤੇ ਰੋਕ ਲਾਏ ਜਾਣ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਨ। ਹਾਲਾਂਕਿ ਕਿਸਾਨਾਂ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਵਲੋਂ ਬਣਾਈ ਗਈ 4 ਮੈਂਬਰੀ ਕਮੇਟੀ ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਕਿਸਾਨਾਂ ਨੇ ਦੋਸ਼ ਲਾਇਆ ਹੈ ਕਿ ਇਹ ‘ਸਰਕਾਰ ਸਮਰਥਕ’ ਕਮੇਟੀ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ਹੈ। 

ਇਹ ਵੀ ਪੜ੍ਹੋ: ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਜਗਜੀਤ ਡੱਲੇਵਾਲਾ ਦਾ ਬਿਆਨ- ਨਹੀਂ ਰੁਕੇਗਾ ਕਿਸਾਨ ਅੰਦੋਲਨ

ਇਹ ਵੀ ਪੜ੍ਹੋ: ਕਿਸਾਨ ਅੰਦੋਲਨ : SC ਵਲੋਂ ਬਣਾਈ ਗਈ 4 ਮੈਂਬਰਾਂ ਦੀ ਕਮੇਟੀ, ਜਾਣੋ ਕੌਣ-ਕੌਣ ਹੈ ਸ਼ਾਮਲ

Tanu

This news is Content Editor Tanu