ਕਿਸਾਨ ਟਰੈਕਟਰ ਪਰੇਡ: ਹਿੰਸਾ ਦੀ ਜਾਂਚ ਲਈ SC ’ਚ ਪਟੀਸ਼ਨ ਦਾਇਰ

01/27/2021 6:23:35 PM

ਨਵੀਂ ਦਿੱਲੀ— ਸੁਪਰੀਮ ਕੋਰਟ ਵਿਚ ਬੁੱਧਵਾਰ ਯਾਨੀ ਕਿ ਅੱਜ ਇਕ ਪਟੀਸ਼ਨ ਦਾਇਰ ਕੀਤੀ ਗਈ, ਜਿਸ ’ਚ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਪਰੇਡ ’ਚ ਹੋਈ ਹਿੰਸਾ ਦੀ ਜਾਂਚ ਲਈ ਇਕ ਕਮਿਸ਼ਨ ਦੇ ਗਠਨ ਦੀ ਬੇਨਤੀ ਕੀਤੀ ਗਈ ਹੈ। ਪਟੀਸ਼ਨ ’ਚ 26 ਜਨਵਰੀ ਨੂੰ ਹਿੰਸਾ ਲਈ ਜ਼ਿੰਮੇਵਾਰ ਲੋਕਾਂ ਅਤੇ ਜਥੇਬੰਦੀਆਂ ਖ਼ਿਲਾਫ਼ ਧਾਰਾਵਾਂ ਤਹਿਤ ਐੱਫ. ਆਈ. ਆਰ. ਦਰਜ ਕਰਨ ਦੇ ਸੰਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦੇਣ ਦੀ ਵੀ ਬੇਨਤੀ ਕੀਤੀ ਗਈ ਹੈ। 

ਵਕੀਲ ਵਿਸ਼ਾਲ ਤਿਵਾੜੀ ਵਲੋਂ ਦਾਇਰ ਪਟੀਸ਼ਨ ’ਚ ਕਿਹਾ ਗਿਆ ਕਿ ਅਦਾਲਤ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਿਚ 3 ਮੈਂਬਰੀ ਜਾਂਚ ਕਮਿਸ਼ਨ ਗਠਿਤ ਕੀਤੀ ਜਾਵੇ, ਜੋ ਇਸ ਮਾਮਲੇ ਵਿਚ ਸਬੂਤਾਂ ਨੂੰ ਇਕੱਠਾ ਕਰੇ, ਰਿਕਾਰਡ ਕਰੇ ਅਤੇ ਸਮੇਂ ਸਿਰ ਰਿਪੋਰਟ ਅਦਾਲਤ ’ਚ ਪੇਸ਼ ਕਰੇ। ਪਟੀਸ਼ਨ ’ਚ ਕਿਹਾ ਗਿਆ ਕਿ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੋ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਚੱਲ ਰਿਹਾ ਹੈ ਅਤੇ ਟਰੈਕਟਰ ਪਰੇਡ ਦੌਰਾਨ ਇਸ ਨੇ ਹਿੰਸਕ ਰੂਪ ਧਾਰਨ ਕਰ ਲਿਆ। ਇਸ ਵਿਚ ਕਿਹਾ ਗਿਆ ਕਿ ਗਣਤੰਤਰ ਦਿਵਸ ਮੌਕੇ ਪੁਲਸ ਅਤੇ ਕਿਸਾਨਾਂ ਵਿਚਾਲੇ ਹੋਈ ਹਿੰਸਾ ’ਤੇ ਪੂਰੀ ਦੁਨੀਆ ਦੀਆਂ ਨਜ਼ਰਾਂ ਗਈਆਂ ਹਨ।

ਪਟੀਸ਼ਨ ’ਚ ਇਹ ਵੀ ਕਿਹਾ ਗਿਆ ਕਿ ਮਾਮਲਾ ਇਸ ਲਈ ਗੰਭੀਰ ਹੈ, ਕਿਉਂਕਿ ਜਦੋਂ ਕਿਸਾਨ ਅੰਦੋਲਨ ਦੋ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਸ਼ਾਂਤੀਪੂਰਨ ਚੱਲ ਰਿਹਾ ਸੀ ਤਾਂ ਕਿਵੇਂ ਇਹ ਹਿੰਸਕ ਰੂਪ ਧਾਰਨ ਕਰ ਗਿਆ। ਰਾਸ਼ਟਰੀ ਸੁਰੱਖਿਆ ਅਤੇ ਜਨ ਹਿੱਤ ’ਚ ਇਹ ਪ੍ਰਸ਼ਨ ਵਿਚਾਰ ਯੋਗ ਹੈ। ਕਿਸ ਨੇ ਅਤੇ ਕਿਵੇਂ ਅਜਿਹੇ ਹਾਲਾਤ ਪੈਦਾ ਕਰ ਦਿੱਤੇ ਕਿ ਪ੍ਰਦਰਸ਼ਨ ਹਿੰਸਕ ਹੋ ਗਿਆ। ਇਸ ਮਾਮਲੇ ਦੀ ਜਾਂਚ ਕਿਸੇ ਸੁਤੰਤਰ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ।

ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀਆਂ ਦੀ ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਦੇ ਪੱਖ ’ਚ ਮੰਗਲਵਾਰ ਨੂੰ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨਾਂ ਨੇ ਟਰੈਕਟਰ ਪਰੇਡ ਕੱਢੀ ਸੀ ਪਰ ਕੁਝ ਹੀ ਦੇਰ ਵਿਚ ਦਿੱਲੀ ਦੀਆਂ ਸੜਕਾਂ ’ਤੇ ਹਿੰਸਕ ਝੜਪਾਂ ਹੋਈਆਂ। ਕਈ ਥਾਵਾਂ ’ਤੇ ਪ੍ਰਦਰਸ਼ਨਕਾਰੀਆਂ ਨੇ ਪੁਲਸ ਦੇ ਬੈਰੀਕੇਡਜ਼ ਨੂੰ ਤੋੜ ਦਿੱਤਾ, ਪੁਲਸ ਨਾਲ ਝੜਪ ਕੀਤੀ। ਪ੍ਰਦਰਸ਼ਨਕਾਰੀਆਂ ਨੇ ਵਾਹਨਾਂ ’ਚ ਭੰਨ-ਤੋੜ ਕੀਤੀ ਅਤੇ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾ ਦਿੱਤਾ। 


 


Tanu

Content Editor

Related News