ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਹੋਵੇਗਾ ਮੁਆਫ਼, ਮਹਾਰਾਸ਼ਟਰ ਸਰਕਾਰ ਦਾ ਵੱਡਾ ਐਲਾਨ

Thursday, Jul 30, 2026 - 12:08 AM (IST)

ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਹੋਵੇਗਾ ਮੁਆਫ਼, ਮਹਾਰਾਸ਼ਟਰ ਸਰਕਾਰ ਦਾ ਵੱਡਾ ਐਲਾਨ

ਮੁੰਬਈ : ਮਹਾਰਾਸ਼ਟਰ ਸਰਕਾਰ ਨੇ ਰਾਜ ਦੇ ਕਿਸਾਨਾਂ ਨੂੰ ਕਰਜ਼ੇ ਦੇ ਬੋਝ ਤੋਂ ਰਾਹਤ ਦੇਣ ਲਈ ਇੱਕ ਵੱਡੀ ਯੋਜਨਾ ਦੀ ਸ਼ੁਰੂਆਤ ਕੀਤੀ ਹੈ। 'ਪੁੰਨਿਆਸ਼ਲੋਕ ਅਹਿਲਿਆਦੇਵੀ ਹੋਲਕਰ ਸ਼ੇਤਕਰੀ ਕਰਜ਼ਮੁਕਤੀ ਯੋਜਨਾ 2026' ਦੇ ਤਹਿਤ ਯੋਗ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਫ਼ਸਲੀ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਸਰਕਾਰ ਨੇ ਇਸ ਯੋਜਨਾ 'ਤੇ ਕੰਮ ਸ਼ੁਰੂ ਕਰਦਿਆਂ ਲਾਭਪਾਤਰੀਆਂ ਦੀ ਪਹਿਲੀ ਸੂਚੀ ਵੀ ਜਾਰੀ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ, ਇਸ ਯੋਜਨਾ ਦੇ ਪਹਿਲੇ ਪੜਾਅ ਵਿੱਚ ਲਗਭਗ 31 ਲੱਖ ਕਿਸਾਨਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਮਿਸ਼ਨ ਲਈ ਸਰਕਾਰ ਲਗਭਗ 36,585 ਕਰੋੜ ਰੁਪਏ ਖਰਚ ਕਰ ਰਹੀ ਹੈ। ਵਰਤਮਾਨ ਵਿੱਚ 16-17 ਲੱਖ ਕਿਸਾਨਾਂ ਨੂੰ ਲਾਭ ਦੇਣ ਦੀ ਪ੍ਰਕਿਰਿਆ ਜਾਰੀ ਹੈ। ਪਹਿਲੇ ਪੜਾਅ ਵਿੱਚ ਸੱਤ ਜ਼ਿਲ੍ਹਿਆਂ ਦੇ 533 ਕਿਸਾਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਨ੍ਹਾਂ ਨੂੰ ਐਸਐਮਐਸ (SMS) ਰਾਹੀਂ ਸੂਚਿਤ ਕੀਤਾ ਜਾਵੇਗਾ।

ਸੂਚੀ ਵਿੱਚ ਨਾਮ ਆਉਣ ਤੋਂ ਬਾਅਦ ਕਿਸਾਨਾਂ ਨੂੰ ਆਪਣੇ ਆਧਾਰ ਕਾਰਡ ਦੀ ਜਾਣਕਾਰੀ ਦੀ ਪੁਸ਼ਟੀ ਕਰਵਾਉਣੀ ਪਵੇਗੀ। ਇਸ ਤੋਂ ਬਾਅਦ, ਕਰਜ਼ਾ ਮੁਆਫ਼ੀ ਦੀ ਰਕਮ ਸਿੱਧੀ ਡਾਇਰੈਕਟ ਬੈਨੀਫਿਟ ਟ੍ਰਾਂਸਫਰ (DBT) ਰਾਹੀਂ ਕਿਸਾਨ ਦੇ ਲੋਨ ਖਾਤੇ ਵਿੱਚ ਭੇਜੀ ਜਾਵੇਗੀ। ਕਿਸਾਨ ਆਪਣਾ ਨਾਮ ਚੈੱਕ ਕਰਨ ਲਈ 'ਐਗਰੀਸਟੈਕ' ਪਲੇਟਫਾਰਮ 'ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਜਾਂ ਗ੍ਰਾਮ ਪੰਚਾਇਤਾਂ, ਸਹਿਕਾਰੀ ਸਭਾਵਾਂ ਅਤੇ ਬੈਂਕ ਸ਼ਾਖਾਵਾਂ ਵਿੱਚ ਲਗਾਈਆਂ ਗਈਆਂ ਸੂਚੀਆਂ ਦੇਖ ਸਕਦੇ ਹਨ।

ਸਰਕਾਰ ਨੇ ਇਸ ਵਾਰ ਨਿਯਮਾਂ ਵਿੱਚ ਬਦਲਾਅ ਕਰਕੇ ਵਧੇਰੇ ਕਿਸਾਨਾਂ ਨੂੰ ਲਾਭ ਦੇਣ ਦੀ ਕੋਸ਼ਿਸ਼ ਕੀਤੀ ਹੈ। ਜਿਨ੍ਹਾਂ ਕਿਸਾਨਾਂ ਨੇ 2019 ਦੀ ਮਹਾਤਮਾ ਜਯੋਤੀਰਾਓ ਫੂਲੇ ਕਰਜ਼ਾ ਮੁਆਫ਼ੀ ਯੋਜਨਾ ਦਾ ਲਾਭ ਲਿਆ ਸੀ, ਉਹ ਵੀ ਹੁਣ ਇਸ 2 ਲੱਖ ਰੁਪਏ ਦੀ ਮੁਆਫ਼ੀ ਲਈ ਯੋਗ ਹੋਣਗੇ। ਪਹਿਲਾਂ ਅਜਿਹੇ ਕਿਸਾਨਾਂ ਲਈ ਸਹਾਇਤਾ ਦੀ ਸੀਮਾ ਸਿਰਫ਼ 50 ਹਜ਼ਾਰ ਰੁਪਏ ਤੱਕ ਸੀ।

ਇਹ ਯੋਜਨਾ ਸਿਰਫ਼ ਜ਼ਰੂਰਤਮੰਦ ਕਿਸਾਨਾਂ ਲਈ ਰਾਖਵੀਂ ਰੱਖੀ ਗਈ ਹੈ। ਮੌਜੂਦਾ ਅਤੇ ਸਾਬਕਾ ਸਾਂਸਦ, ਵਿਧਾਇਕ, ਸਰਕਾਰੀ ਨੌਕਰੀ ਕਰਨ ਵਾਲੇ ਅਤੇ ਖੇਤੀ ਤੋਂ ਇਲਾਵਾ ਹੋਰ ਆਮਦਨ 'ਤੇ ਟੈਕਸ ਭਰਨ ਵਾਲੇ ਵਿਅਕਤੀਆਂ ਨੂੰ ਇਸ ਯੋਜਨਾ ਦੇ ਦਾਇਰੇ ਤੋਂ ਬਾਹਰ ਰੱਖਿਆ ਗਿਆ ਹੈ।
 


author

Inder Prajapati

Content Editor

Related News