ਕਿਸਾਨ ਅੰਦੋਲਨ: 'ਪੰਜਾਬ ਦੇ ਕਿਸਾਨਾਂ' 'ਤੇ ਮਨੋਹਰ ਲਾਲ ਖੱਟੜ ਦਾ ਵੱਡਾ ਬਿਆਨ

Saturday, Nov 28, 2020 - 02:35 PM (IST)

ਹਰਿਆਣਾ— ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਪੁੱਜੇ ਕਿਸਾਨਾਂ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ 'ਦਿੱਲੀ ਚਲੋ' ਅੰਦੋਲਨ 'ਚ ਸਿਰਫ ਪੰਜਾਬ ਦੇ ਕਿਸਾਨ ਹੀ ਸ਼ਾਮਲ ਹਨ। ਇਸ ਅੰਦੋਲਨ 'ਚ ਹਰਿਆਣਾ ਦੇ ਕਿਸਾਨ ਸ਼ਾਮਲ ਨਹੀਂ ਹਨ। ਇਹ ਅੰਦੋਲਨ ਸਿਰਫ਼ ਪੰਜਾਬ ਦੇ ਕਿਸਾਨਾਂ ਨੇ ਹੀ ਖੜ੍ਹਾ ਕੀਤਾ ਹੈ। ਇਹ ਅੰਦੋਲਨ ਪੂਰੀ ਤਰ੍ਹਾਂ ਯੋਜਨਾਬੱਧ ਢੰਗ ਨਾਲ ਸ਼ੁਰੂ ਕੀਤਾ ਗਿਆ ਹੈ, ਜੋ ਕਿ ਸਿਆਸੀ ਸਾਜਿਸ਼ ਤਹਿਤ ਕੀਤਾ ਜਾ ਰਿਹਾ ਹੈ।  ਉਨ੍ਹਾਂ ਨੇ ਕਿਹਾ ਕਿ ਇਸ ਅੰਦੋਲਨ ਨੂੰ ਕਾਂਗਰਸ ਦੇ ਨੇਤਾ ਲੀਡ ਕਰ ਰਹੇ ਹਨ।

ਖੱਟੜ ਨੇ ਇਹ ਵੀ ਕਿਹਾ ਕਿ ਮੈਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ 6-7 ਵਾਰ ਗੱਲਬਾਤ ਕਰਨ ਦੀ ਕੋਸ਼ਿਸ਼ ਵੀ ਕੀਤੀ ਪਰ ਉਨ੍ਹਾਂ ਨੇ ਮੇਰੇ ਨਾਲ ਗੱਲਬਾਤ ਕਰਨਾ ਸਹੀ ਨਹੀਂ ਸਮਝਿਆ। ਇਸ ਦੇ ਨਾਲ ਹੀ ਖੱਟੜ ਨੇ ਪੰਜਾਬ ਦੇ ਕਿਸਾਨਾਂ ਨੂੰ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। 

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਦਿੱਲੀ ਸਥਿਤ ਬੁਰਾੜੀ ਇਲਾਕੇ 'ਚ ਨਿਰੰਕਾਰੀ ਸਮਾਗਮ ਗਰਾਊਂਡ 'ਚ ਧਰਨਾ ਪ੍ਰਦਰਸ਼ਨ ਦੀ ਆਗਿਆ ਦਿੱਤੀ ਗਈ। ਇਸ ਦੇ ਬਾਵਜੂਦ ਪ੍ਰਦਰਸ਼ਨਕਾਰੀ ਕਿਸਾਨ ਟਿਕਰੀ ਅਤੇ ਸਿੰਘੂ ਬਾਰਡਰ 'ਤੇ ਹੀ ਡਟੇ ਹਨ। ਇਸ ਦੌਰਾਨ ਬਾਰਡਰ 'ਤੇ ਸਖਤ ਸੁਰੱਖਿਆ ਤਾਇਨਾਤ ਹੈ। ਕਿਸਾਨ ਆਪਣੀਆਂ ਮੰਗਾਂ ਮਨਵਾਉਣ 'ਤੇ ਅੜੇ ਹਨ। ਕਿਸਾਨ ਖੇਤੀ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹਨ। ਕਿਸਾਨ ਚਾਹੁੰਦੇ ਹਨ ਕਿ ਕੇਂਦਰ ਸਰਕਾਰ ਤਿੰਨੋਂ ਕਾਨੂੰਨਾਂ ਨੂੰ ਵਾਪਸ ਲਵੇ ਜਾਂ ਨਵਾਂ ਕਾਨੂੰਨ ਲਿਆ ਕੇ ਉਨ੍ਹਾਂ ਦੀਆਂ ਫ਼ਸਲਾਂ ਲਈ ਘੱਟੋਂ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦੇਵੇ।


Tanu

Content Editor

Related News