ਦਿੱਲੀ ਦੇ ਜੰਤਰ-ਮੰਤਰ ''ਤੇ ਕਿਸਾਨਾਂ ਨੇ ਪ੍ਰਦਰਸ਼ਨ ਕਰ ਕੇ MSP ''ਤੇ ਮੰਗੀ ਕਾਨੂੰਨੀ ਗਾਰੰਟੀ
Friday, Dec 09, 2022 - 04:58 PM (IST)
ਨਵੀਂ ਦਿੱਲੀ (ਭਾਸ਼ਾ)- ਅਖਿਲ ਭਾਰਤੀ ਕਿਸਾਨ ਕਾਂਗਰਸ (ਏ.ਆਈ.ਕੇ.ਸੀ.) ਨਾਲ ਜੁੜੇ ਕਿਸਾਨ ਸ਼ੁੱਕਰਵਾਰ ਨੂੰ ਇੱਥੇ ਜੰਤਰ-ਮੰਤਰ 'ਤੇ ਇਕੱਠੇ ਹੋਏ ਅਤੇ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਪਿਛਲੇ ਸਾਲ ਦੇ ਅੰਦੋਲਨ 'ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਅਤੇ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਦੀ ਮੰਗ ਕੀਤੀ। ਕਾਂਗਰਸ ਦੇ ਕਿਸਾਨ ਸੈੱਲ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਕਿਸਾਨਾਂ ਨਾਲ ਸਹਿਯੋਗ ਨਹੀਂ ਕਰਨ ਅਤੇ ਉਨ੍ਹਾਂ ਨਾਲ ਕੀਤੇ ਗਏ ਵਾਅਦਿਆਂ ਤੋਂ ਮੁਕਰਨ ਦਾ ਵੀ ਦੋਸ਼ ਲਗਾਇਆ। ਸਰਕਾਰ ਨੇ ਪਿਛਲੇ ਸਾਲ ਨਵੰਬਰ 'ਚ ਵਿਵਾਦਿਤ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਸੀ। ਏ.ਆਈ.ਕੇ.ਸੀ. ਦੇ ਸੰਯੁਕਤ ਕੋਆਰਡੀਨੇਟਰ ਹਰਗੋਬਿੰਦ ਸਿੰਘ ਤਿਵਾੜੀ ਨੇ ਕਿਹਾ,''ਕੇਂਦਰ ਸਰਕਾਰ ਨਾ ਤਾਂ ਕਿਸਾਨਾਂ ਨਾਲ ਸਹਿਯੋਗ ਕਰ ਰਹੀ ਹੈ ਅਤੇ ਨਾ ਹੀ ਉਨ੍ਹਾਂ ਦੇ ਮੁੱਦਿਆਂ ਦਾ ਹੱਲ ਕਰ ਰਹੀ ਹੈ। ਖੇਤੀਬਾੜੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਨੂੰ ਖ਼ਤਮ ਹੋਏ ਇਕ ਸਾਲ ਤੋਂ ਵੱਧ ਹੋ ਗਿਆ ਹੈ ਪਰ ਕਿਸਾਨਾਂ ਲਈ ਐੱਮ.ਐੱਸ.ਪੀ. ਯਕੀਨੀ ਕਰਨ ਦਾ ਸਰਕਾਰ ਦਾ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ ਹੈ।''

ਉਨ੍ਹਾਂ ਕਿਹਾ,''ਕੇਂਦਰ ਨੂੰ ਆਪਣੇ ਅਧਿਕਾਰਾਂ ਲਈ ਲੜਦੇ ਹੋਏ ਆਪਣੀ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਤੁਰੰਤ ਮੁਆਵਜ਼ਾ ਜਾਰੀ ਕਰਨਾ ਚਾਹੀਦਾ। ਮੰਦਭਾਗੀ ਗੱਲ ਹੈ ਕਿ ਕੇਂਦਰ ਕੋਲ ਜਾਨ ਗੁਆਉਣ ਵਾਲੇ ਕਿਸਾਨਾਂ ਦੀ ਸੂਚੀ ਤੱਕ ਨਹੀਂ ਹੈ। ਉਹ ਮੁਆਵਜ਼ਾ ਕਿਵੇਂ ਜਾਰੀ ਕਰਨਗੇ?'' ਉਨ੍ਹਾਂ ਮੰਗ ਕੀਤੀ ਕਿ ਘੱਟੋ-ਘੱਟੋ ਸਮਰਥਨ ਮੁੱਲ (ਐੱਮ.ਐੱਸ.ਪੀ.) ਯੋਜਨਾ ਨੂੰ ਜਲਦ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ 'ਚ ਅਜੇ ਵੀ ਕਿਸਾਨਾਂ ਲਈ ਇਕ ਉੱਚਿਤ ਕਾਨੂੰਨ ਨਹੀਂ ਹੈ, ਜੋ ਉਨ੍ਹਾਂ ਨੂੰ ਸਿੱਧੇ ਲਾਭ ਦੇ ਸਕੇ। ਕਾਂਗਰਸ ਪਾਰਟੀ ਦਾ ਝੰਡਾ ਲਏ ਅਤੇ 'ਜੈ ਜਵਾਨ, ਜੈ ਕਿਸਾਨ' ਦੇ ਨਾਅਰੇ ਲਗਾਉਂਦੇ ਹੋਏ, ਉੱਤਰ ਪ੍ਰਦੇਸ਼, ਹਰਿਆਣਾ, ਓਡੀਸ਼ਾ, ਛੱਤੀਸਗੜ੍ਹ, ਬਿਹਾਰ ਅਤੇ ਕੁਝ ਦੱਖਣੀ ਸੂਬਿਆਂ ਦੇ ਕਿਸਾਨ ਜੰਤਰ-ਮੰਤਰ 'ਤੇ ਇਕੱਠੇ ਹੋਏ।

