ਕਿਸਾਨਾਂ ਦਾ ਅੰਦੋਲਨ ਜਾਰੀ, ਅੱਜ ਦਿੱਲੀ-ਜੈਪੁਰ ਹਾਈਵੇਅ ਜਾਮ ਕਰਨਗੇ ਕਿਸਾਨ
Saturday, Dec 12, 2020 - 12:13 PM (IST)
ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ 17ਵੇਂ ਦਿਨ ਵੀ ਜਾਰੀ ਹੈ। ਸਰਕਾਰ ਨਾਲ 5 ਦੌਰ ਦੀ ਗੱਲਬਾਤ ਅਸਫ਼ਲ ਹੋਣ ਤੋਂ ਬਾਅਦ ਹੁਣ ਕਿਸਾਨ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰਨ ਜਾ ਰਹੇ ਹਨ। ਕਿਸਾਨਾਂ ਨੇ ਅੱਜ ਦਿੱਲੀ-ਜੈਪੁਰ ਰਾਸ਼ਟਰੀ ਹਾਈਵੇਅ 'ਤੇ ਟ੍ਰੈਫਿਕ ਜਾਮ ਕਰਨ ਦੀ ਚਿਤਾਵਨੀ ਦਿੱਤੀ ਹੈ। ਜਿਸ ਨੂੰ ਲੈ ਕੇ ਪੁਲਸ ਅਲਰਟ ਹੈ। ਹਾਈਵੇਅ ਦੇ ਨਾਲ-ਨਾਲ ਰੇਲਵੇ ਟਰੈਕ ਅਤੇ ਟੋਲ ਪਲਾਜ਼ਾ ਨੂੰ ਵੀ ਘੇਰਨ ਦੀ ਯੋਜਨਾ ਬਣਾਈ ਗਈ ਹੈ । ਅਜਿਹੇ ਵਿਚ ਪ੍ਰਸ਼ਾਸਨ ਨੇ ਵੱਖ-ਵੱਖ ਥਾਵਾਂ 'ਤੇ ਲੱਗਭਗ 2,000 ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕਰ ਦਿੱਤਾ ਹੈ। ਹਰਿਆਣਾ 'ਚ ਕਿਸਾਨਾਂ ਨੇ ਟੋਲ ਪਲਾਜ਼ਾ ਨੂੰ ਘੇਰਨ ਦੀ ਤਿਆਰੀ ਕੀਤੀ ਹੈ। ਲਿਹਾਜ਼ਾ ਗੁਰੂਗ੍ਰਾਮ ਅਤੇ ਫਰੀਦਾਬਾਦ 'ਚ ਪੁਲਸ ਅਲਰਟ 'ਤੇ ਹੈ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਸਿੰਘੂ ਬਾਰਡਰ 'ਤੇ ਤਾਇਨਾਤ 2 IPS ਨਿਕਲੇ ਕੋਰੋਨਾ ਪਾਜ਼ੇਟਿਵ
ਦੱਸ ਦੇਈਏ ਕਿ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਕਿਸਾਨ ਵੱਡੀ ਗਿਣਤੀ 'ਚ ਆਪਣੇ ਹੱਕਾਂ ਲਈ ਡਟੇ ਹੋਏ ਹਨ। ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰੇ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅੱਜ ਯਾਨੀ ਕਿ 12 ਦਸੰਬਰ ਨੂੰ ਕਿਸਾਨ ਦਿੱਲੀ-ਜੈਪੁਰ ਹਾਈਵੇਅ ਨੂੰ ਬਲਾਕ ਕਰਨਗੇ। ਇਸ ਦੌਰਾਨ ਕਿਸਾਨ ਜ਼ਿਲ੍ਹਾ ਕਲੈਕਟਰ, ਭਾਜਪਾ ਨੇਤਾਵਾਂ ਦੇ ਘਰਾਂ ਸਾਹਮਣੇ ਪ੍ਰਦਰਸ਼ਨ ਕਰਨਗੇ ਅਤੇ ਟੋਲ ਪਲਾਜ਼ਾ ਵੀ ਜਾਮ ਕਰਨਗੇ।
ਇਹ ਵੀ ਪੜ੍ਹੋ: ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੀ ਸੋਚਦੀ ਹੈ ਕੇਂਦਰ ਸਰਕਾਰ, PM ਮੋਦੀ ਨੇ ਸ਼ੇਅਰ ਕੀਤਾ ਵੀਡੀਓ
ਕਿਸਾਨਾਂ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਤਿੰਨੋਂ ਖੇਤੀ ਕਾਨੂੰਨ ਪੂਰੀ ਤਰ੍ਹਾਂ ਗਲਤ ਹਨ ਅਤੇ ਇਨ੍ਹਾਂ ਦਾ ਕਿਸਾਨ ਹਿੱਤਾਂ ਨਾਲ ਕੋਈ ਸਰੋਕਾਰ ਨਹੀਂ ਹੈ। ਇਹ ਸਿਰਫ਼ ਉਦਯੋਗਪਤੀਆਂ ਨੂੰ ਫਾਇਦਾ ਪਹੁੰਚਾਉਣ ਲਾਗੂ ਕੀਤੇ ਗਏ ਹਨ। ਉਨ੍ਹਾਂ ਨੇ ਮੋਦੀ ਸਰਕਾਰ 'ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਉਹ ਹਿਟਲਰ ਵਰਗਾ ਵਰਤਾਅ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਸਾਨੂੰ ਠੰਡ ਨਾਲ ਨਾ ਡਰਾਉਣ, ਕਿਉਂਕਿ ਅਸੀਂ ਕਿਸਾਨ ਹਾਂ।
ਇਹ ਵੀ ਪੜ੍ਹੋ: ਕਿਸਾਨਾਂ ਵਲੋਂ ਰੋਡ ਜਾਮ ਕਰਨ ਦਾ ਐਲਾਨ, ਦਿੱਲੀ-ਜੈਪੁਰ ਹਾਈਵੇਅ 'ਤੇ ਤਾਇਨਾਤ ਹੋਣਗੇ 2 ਹਜ਼ਾਰ ਜਵਾਨ
ਕਿਸਾਨਾਂ ਵਲੋਂ ਕਿਹਾ ਗਿਆ ਹੈ ਕਿ ਅਜੇ ਵੀ ਸਮਾਂ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਕਰੇ ਅਤੇ ਤਿੰਨੋਂ ਖੇਤੀ ਕਾਨੂੰਨ ਤੁਰੰਤ ਪ੍ਰਭਾਵ ਤੋਂ ਰੱਦ ਕਰੇ ਨਹੀਂ ਤਾਂ ਹੌਲੀ-ਹੌਲੀ ਦੇਸ਼ ਭਰ ਦੇ ਕਿਸਾਨ ਦਿੱਲੀ ਦੇ ਹਾਈਵੇਅ ਅਤੇ ਟੋਲ ਨਾਕਿਆਂ 'ਤੇ ਆ ਕੇ ਬੈਠ ਜਾਣਗੇ, ਜਿਸ ਨਾਲ ਆਮ ਆਦਮੀ ਦੀ ਪਰੇਸ਼ਾਨੀ ਵਧੇਗੀ, ਜਿਸ ਲਈ ਪੂਰੀ ਤਰ੍ਹਾਂ ਨਾਲ ਕੇਂਦਰ ਸਰਕਾਰ ਜ਼ਿੰਮੇਵਾਰ ਹੋਵੇਗੀ।
ਨੋਟ: ਕਿਸਾਨਾਂ ਦੇ ਅੰਦੋਲਨ ਨੂੰ ਤੁਸੀਂ ਕਿਵੇਂ ਵੇਖਦੇ ਹੋ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ