ਕਿਸਾਨੀ ਘੋਲ ਦਾ 46ਵਾਂ ਦਿਨ, ਕੜਾਕੇ ਦੀ ਠੰਡ ’ਚ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨ

01/10/2021 11:14:26 AM

ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਕੜਾਕੇ ਦੀ ਠੰਡ ’ਚ ਡਟੇ ਹੋਏ ਹਨ। ਅੱਜ ਯਾਨੀ ਕਿ ਐਤਵਾਰ ਨੂੰ ਅੰਦੋਲਨ 46ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਜਾਰੀ ਅੰਦੋਲਨ ਨੂੰ ਖ਼ਤਮ ਕਰਨ ਲਈ ਸਰਕਾਰ ਅਤੇ ਕਿਸਾਨਾਂ ਵਿਚਾਲੇ 8ਵੇਂ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਸਰਕਾਰ ਨੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ, ਜਦਕਿ ਕਿਸਾਨ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ’ਤੇ ਅੜੇ ਹੋਏ ਹਨ। ਹੁਣ ਅਗਲੀ ਬੈਠਕ 15 ਜਨਵਰੀ ਨੂੰ ਹੋਵੇਗੀ। ਉੱਥੇ ਹੀ ਕਿਸਾਨ ਅੰਦੋਲਨ ਨੂੰ ਵੇਖਦੇ ਹੋਏ ਦਿੱਲੀ ਟ੍ਰੈਫਿਕ ਪੁਲਸ ਨੇ ਗਾਜ਼ੀਪੁਰ ਅਤੇ ਚਿੱਲਾ ਸਰਹੱਦ ਦੇ ਰਸਤੇ ਰਾਸ਼ਟਰੀ ਰਾਜਧਾਨੀ ਵਿਚ ਐਂਟਰੀ ’ਤੇ ਰੋਕ ਲਾ ਦਿੱਤੀ ਹੈ। ਦਿੱਲੀ ਟ੍ਰੈਫਿਕ ਪੁਲਸ ਮੁਤਾਬਕ ਆਨੰਦ ਵਿਹਾਰ, ਡੀ. ਐੱਨ. ਡੀ, ਭੋਪਰਾ ਅਤੇ ਲੋਨੀ ਸਰਹੱਦ ਦੇ ਰਸਤਿਓਂ ਦਿੱਲੀ ’ਚ ਐਂਟਰੀ ਕੀਤੀ ਜਾ ਸਕਦੀ ਹੈ। 

ਦੱਸ ਦੇਈਏ ਕਿ ਕਿਸਾਨ ਅੰਦੋਲਨ ਸੁਪਰੀਮ ਕੋਰਟ ਦੀ ਚੌਖਟ ਤੱਕ ਵੀ ਪੁੱਜ ਚੁੱਕਾ ਹੈ। 11 ਜਨਵਰੀ ਨੂੰ ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ’ਚ ਕਈ ਪਟੀਸ਼ਨਾਂ ’ਤੇ ਇਕੱਠੇ ਸੁਣਵਾਈ ਹੋਈ ਹੈ। ਕੋਰਟ ਦੀ ਸੁਣਵਾਈ ਤੋਂ ਬਾਅਦ ਹੀ ਕਿਸਾਨ ਹੁਣ ਅੱਗੇ ਦੀ ਰਣਨੀਤੀ ਤਿਆਰ ਕਰਨਗੇ। ਕਿਸਾਨ ਜਥੇਬੰਦੀਆਂ ਨੇ 11 ਜਨਵਰੀ ਨੂੰ ਬੈਠਕ ਬੁਲਾਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਰਕਾਰ ਨਾਲ ਅਗਲੀ ਬੈਠਕ ਵਿਚ ਵੀ ਕੋਈ ਨਤੀਜਾ ਨਿਕਲਣ ਦੀ ਉਮੀਦ ਨਹੀਂ ਹੈ। 

ਦੱਸ ਦੇਈਏ ਕਿ ਸ਼ੁੱਕਰਵਾਰ 8 ਜਨਵਰੀ ਨੂੰ ਵਿਗਿਆਨ ਭਵਨ ’ਚ ਗੱਲਬਾਤ ਮਹਿਜ ਦੋ ਘੰਟੇ ਚੱਲੀ। ਇਸ ਤੋਂ ਕਿਸਾਨ ਆਗੂਆਂ ਨੇ ਹੱਥਾਂ ’ਚ ‘ਜਿੱਤਾਂਗੇ ਜਾਂ ਮਰਾਂਗੇ’ ਲਿਖੀਆਂ ਤਖ਼ਤੀਆਂ ਲੈ ਕੇ ਮੌਨ ਧਾਰਨ ਕਰ ਲਿਆ। ਕਿਸਾਨ ਆਗੂਆਂ ਨੇ ਦੁਪਹਿਰ ਦੇ ਖਾਣੇ ਲਈ ਵੀ ਬਰੇਕ ਨਹੀਂ ਲਿਆ ਤਾਂ ਉੱਧਰ ਗੱਲਬਾਤ ਵਿਚ ਸ਼ਾਮਲ ਤਿੰਨੋਂ ਮੰਤਰੀ ਆਪਸੀ ਚਰਚਾ ਲਈ ਚਲੇ ਗਏ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕਾਨੂੰਨ ਵਾਪਸ ਨਹੀਂ ਹੋ ਜਾਂਦੇ, ਉਨ੍ਹਾਂ ਦੀ ਘਰ ਵਾਪਸੀ ਨਹੀਂ ਹੋਵੇਗੀ। ਦੱਸ ਦੇਈਏ ਕਿ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਕੜਾਕੇ ਦੀ ਠੰਡ ਵਿਚ ਵੀ ਅੰਦੋਲਨ ਕਰ ਰਹੇ ਕਿਸਾਨ ਪਹਿਲਾਂ ਹੀ ਤੈਅ ਯੋਜਨਾ ਮੁਤਾਬਕ 26 ਜਨਵਰੀ ਨੂੰ ਦਿੱਲੀ ’ਚ ਟਰੈਕਟਰ ਮਾਰਚ ਕੱਢਣਗੇ।

Tanu

This news is Content Editor Tanu