SC ਦੇ ਫੈਸਲੇ ਤੋਂ ਬਾਅਦ ਕਿਸਾਨ ਆਗੂ ਬੋਲੇ- ਅੰਦੋਲਨ ਅਣਮਿੱਥੇ ਸਮੇਂ ਲਈ ਰਹੇਗਾ ਜਾਰੀ
Tuesday, Jan 12, 2021 - 06:41 PM (IST)
ਨਵੀਂ ਦਿੱਲੀ— ਖੇਤੀ ਕਾਨੂੰਨਾਂ ’ਤੇ ਰੋਕ ਲਾਉਣ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੰਗਲਵਾਰ ਸ਼ਾਮ ਨੂੰ ਪ੍ਰੈੱਸ ਕਾਨਫਰੰਸ ਬੁਲਾਈ। ਸਿੰਘੂ ਸਰਹੱਦ ’ਤੇ ‘ਸੰਯੁਕਤ ਕਿਸਾਨ ਮੋਰਚਾ’ ਦੀ ਪ੍ਰੈੱਸ ਕਾਨਫਰੰਸ ’ਚ ਬੋਲਦਿਆਂ ਕਿਸਾਨ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਅਜੇ ਤੱਕ ਸਾਨੂੰ ਅਦਾਲਤ ਦਾ ਕੋਈ ਫ਼ੈਸਲਾ ਲਿਖਤੀ ਰੂਪ ਵਿਚ ਨਹੀਂ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਕੱਲ੍ਹ ਰਾਤ ਅਸੀਂ ਕਾਫੀ ਮਹਤੱਵਪੂਰਨ ਪ੍ਰੈੱਸ ਨੋਟ ਜਾਰੀ ਕੀਤਾ ਸੀ। ਜਿਸ ’ਚ ਕਿਹਾ ਗਿਆ ਸੀ ਕਿ ਜੇਕਰ ਸੁਪਰੀਮ ਕੋਰਟ ਕੋਈ ਕਮੇਟੀ ਬਣਾਉਂਦਾ ਹੈ ਤਾਂ ਸਾਨੂੰ ਇਹ ਮਨਜ਼ੂਰ ਨਹੀਂ। ਅੱਜ ਸੁਪਰੀਮ ਕੋਰਟ ਨੇ 4 ਮੈਂਬਰੀ ਕਮੇਟੀ ਬਣਾਈ ਹੈ, ਜਿਸ ਨੂੰ ਅਸੀਂ ਨਹੀਂ ਮੰਨਦੇ। ਇਸ ਕਮੇਟੀ ’ਚ ਸਾਰੇ ਲੋਕ ਸਰਕਾਰ ਦੇ ਹੀ ਹਨ। ਦਰਸ਼ਨ ਪਾਲ ਨੇ ਕਿਹਾ ਕਿ ਸਪਰੀਮ ਕੋਰਟ ਨੇ 4 ਮੈਂਬਰੀ ਕਮੇਟੀ ਬਣਾਈ ਹੈ, ਇਸ ’ਚ ਭੁਪਿੰਦਰ ਸਿੰਘ ਮਾਨ, ਡਾ. ਪ੍ਰਮੋਦ ਕੁਮਾਰ ਜੋਸ਼ੀ, ਅਸ਼ੋਕ ਗੁਲਾਟੀ (ਖੇਤੀ ਮਾਹਰ) ਅਤੇ ਅਨਿਲ ਘਨਵੰਤ ਸ਼ਾਮਲ ਹਨ। ਕਮੇਟੀ ਦੇ ਚਾਰੋਂ ਮੈਂਬਰ ਕਾਨੂੰਨ ਦੇ ਹੱਕ ’ਚ ਵਿਚ ਲੇਖ ਲਿਖਦੇ ਰਹੇ ਹਨ।
ਇਹ ਵੀ ਪੜ੍ਹੋ : ਕਿਸਾਨੀ ਘੋਲ: ‘ਕਿਸਾਨ ਏਕਤਾ ਮੋਰਚਾ’ ਨੇ ਦਿੱਤਾ ਨਵਾਂ ਨਾਅਰਾ- ‘ਮੌਤ ਨਹੀਂ, ਜਿੱਤ ਚੁਣੋ’
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਇਹ ਅੰਦੋਲਨ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ। ਸਾਡਾ ਇਹ ਅੰਦੋਲਨ ਖ਼ਤਮ ਨਹੀਂ ਹੋਵੇਗਾ, ਸਗੋਂ ਪੂਰੇ ਦੇਸ਼ ’ਚ ਲੈ ਕੇ ਜਾਵਾਂਗੇ। ਸੁਪਰੀਮ ਕੋਰਟ ਦੇ ਜ਼ਰੀਏ ਸਰਕਾਰ ਆਪਣੀ ਨੀਤੀ ਨੂੰ ਲਾਗੂ ਕਰਵਾਉਣਾ ਚਾਹੁੰਦੀ ਹੈ। ਕਿਸਾਨ ਆਗੂਆਂ ਨੇ ਸਾਫ਼ ਕੀਤਾ ਹੈ ਕਿ 26 ਜਨਵਰੀ ਨੂੰ ਵੀ ਪ੍ਰਦਰਸ਼ਨ ਸ਼ਾਂਤੀਪੂਰਨ ਹੋਵੇਗਾ। ਕਿਸੇ ਤਰ੍ਹਾਂ ਦੀ ਕੋਈ ਹਿੰਸਾ ਨਹੀਂ ਹੋਵੇਗੀ, ਸੰਸਦ ਘੇਰਨ ਦੀਆਂ ਅਫ਼ਵਾਹਾਂ ਝੂਠੀਆਂ ਫੈਲਾਈਆਂ ਜਾ ਰਹੀਆਂ ਹਨ। ਹਿੰਸਾ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਲੋਹੜੀ ਵਾਲੇ ਦਿਨ ਤਿੰਨਾਂ ਕਾਨੂੰਨਾਂ ਨੂੰ ਸਾੜਿਆ ਜਾਵੇਗਾ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ: SC ਦਾ ਵੱਡਾ ਫ਼ੈਸਲਾ, ਅਗਲੇ ਹੁਕਮਾਂ ਤੱਕ ਖੇਤੀ ਕਾਨੂੰਨਾਂ ’ਤੇ ਲਾਈ ਰੋਕ, ਬਣਾਈ ਕਮੇਟੀ
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਅੱਜ ਫ਼ੈਸਲਾ ਲਿਆ ਹੈ, ਜਿਸ ਬਾਰੇ ਸਾਨੂੰ ਮੀਡੀਆ ਜ਼ਰੀਏ ਪਤਾ ਲੱਗਾ ਹੈ। ਉਨ੍ਹਾਂ ਕਿਹਾ ਕਿ ਕੋਰਟ ਨੇ ਕਮੇਟੀ ਬਣਾਈ ਹੈ, ਅਸੀਂ ਕਮੇਟੀ ਦੇ ਹੱਕ ’ਚ ਨਹੀਂ ਹਾਂ, ਮੈਂਬਰ ਭਾਵੇਂ ਕੋਈ ਵੀ ਹੋਵੇ। ਇਸ ਦਾ ਅਸੀਂ ਕੱਲ੍ਹ ਹੀ ਵਿਰੋਧ ਕਰ ਦਿੱਤਾ ਸੀ ਕਿ ਅਸੀਂ ਅਜਿਹੀ ਕੋਈ ਕਮੇਟੀ ਦੇ ਸਾਹਮਣੇ ਪੇਸ਼ ਨਹੀਂ ਹੋਵਾਂਗੇ। ਕਮੇਟੀ ਦਾ ਮਤਲਬ ਮੁੱਦੇ ਨੂੰ ਠੰਡੇ ਬਸਤੇ ’ਚ ਪਾਉਣਾ। ਅਸੀਂ ਕਿਸੇ ਕਮੇਟੀ ਦੀ ਮੰਗ ਨਹੀਂ ਕੀਤੀ। ਅਸੀਂ ਸਰਕਾਰ ਦੇ ਜਾਲ ’ਚ ਨਹੀਂ ਫਸਾਂਗੇ।
ਇਹ ਵੀ ਪੜ੍ਹੋ: ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਜਗਜੀਤ ਡੱਲੇਵਾਲਾ ਦਾ ਬਿਆਨ- ਨਹੀਂ ਰੁਕੇਗਾ ਕਿਸਾਨ ਅੰਦੋਲਨ
ਨੋਟ- ਕਿਸਾਨ ਅੰਦੋਲਨ ਅਤੇ ਖੇਤੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਲਾਈ ਰੋਕ ਨੂੰ ਤੁਸੀਂ ਕਿਵੇਂ ਵੇਖਦੇ ਹੋ, ਕੁਮੈਂਟ ਬਾਕਸ ’ਚ ਦੱਸੋ