ਕਿਸਾਨ ਮਹਾਪੰਚਾਇਤ: ਕਿਸਾਨਾਂ ਨੇ ਰਾਸ਼ਟਰਪਤੀ ਦੇ ਨਾਂ 6 ਸੂਤਰੀ ਮੰਗਾਂ ਦਾ ਸੌਂਪਿਆ ਮੰਗ ਪੱਤਰ

Monday, Dec 12, 2022 - 11:18 AM (IST)

ਸੋਨੀਪਤ (ਦੀਕਸ਼ਿਤ)- ਪੰਜਾਬ ਅਤੇ ਹਰਿਆਣਾ ਦੇ ਹਜ਼ਾਰਾਂ ਕਿਸਾਨਾਂ ਨੇ ਇਕ ਵਾਰ ਫਿਰ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਪੰਜਾਬ ਤੋਂ ਕਿਸਾਨ ਟਰੈਕਟਰਾਂ, ਵਾਹਨਾਂ ਅਤੇ ਬੱਸਾਂ ਵਿਚ ਐਤਵਾਰ ਨੂੰ ਸੋਨੀਪਤ ਪੁੱਜੇ। ਮਹਾਪੰਚਾਇਤ ਵਿਚ ਔਰਤਾਂ ਨੇ ਵੀ ਵੱਡੀ ਗਿਣਤੀ ਵਿਚ ਹਿੱਸਾ ਲਿਆ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਬੈਨਰ ਹੇਠ ਸੋਨੀਪਤ ਦੇ ਕੁੰਡਲੀ ਬਾਰਡਰ ਤੋਂ ਪਹਿਲਾਂ ਰਾਜੀਵ ਗਾਂਧੀ ਐਜੂਕੇਸ਼ਨ ਸਿਟੀ ਦੇ ਮੁੱਖ ਗੇਟ ’ਤੇ ਕਿਸਾਨ ਮਹਾਪੰਚਾਇਤ ਹੋਈ। ਕਿਸਾਨਾਂ ਨੇ ਨਾ ਸਿਰਫ਼ ਮਹਾਪੰਚਾਇਤ ਕਰ ਕੇ ਸਰਕਾਰ ਨੂੰ ਚੇਤਾਵਨੀ ਦਿੱਤੀ ਸਗੋਂ ਰਾਸ਼ਟਰਪਤੀ ਦੇ ਨਾਂ ਦਿੱਤੇ ਮੰਗ ਪੱਤਰ ’ਚ 6 ਮੰਗਾਂ ਵੀ ਪੇਸ਼ ਕੀਤੀਆਂ।

ਕਿਸਾਨਾਂ ਨੇ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਇਕ ਵਾਰ ਫਿਰ ਤੋਂ ਵੱਡਾ ਅੰਦੋਲਨ ਵਿੱਢਣਗੇ। ਕਿਸਾਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ 2024 ਦੀਆਂ ਚੋਣਾਂ ਤੋਂ ਪਹਿਲਾਂ ਬਹੁਤ ਕੁਝ ਹੋ ਸਕਦਾ ਹੈ। ਮਹਾਪੰਚਾਇਤ ਦੀ ਅਗਵਾਈ ਕਿਸਾਨ ਨੇਤਾ ਤੇ ਮੋਰਚਾ ਦੇ ਪ੍ਰਮੁੱਖ ਆਗੂਆਂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਅਤੇ ਅਭਿਮਨਿਊ ਕੁਹਾੜ ਨੇ ਕੀਤੀ। ਮਹਾਪੰਚਾਇਤ ਵਿਚ ਪਹੁੰਚੇ ਹਜ਼ਾਰਾਂ ਕਿਸਾਨਾਂ ਨੇ ਪਹਿਲਾਂ ਪਿਛਲੇ ਸਾਲ ਦੇ ਅੰਦੋਲਨ ’ਚ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ। ਫਿਰ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ। ਕਿਸਾਨਾਂ ਨੇ ਅੰਦੋਲਨ ਦੀ ਜਿੱਤ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ।

ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਸਵਾਮੀਨਾਥਨ ਕਮਿਸ਼ਨ ਦੇ ਸੀ-2 ਪਲੱਸ 50 ਫੀਸਦੀ ਫਾਰਮੂਲੇ ਅਨੁਸਾਰ ਐੱਮ. ਐੱਸ. ਪੀ. ਬਾਰੇ ਕਿਸਾਨਾਂ ਨੂੰ ਗਾਰੰਟੀ ਦੇਣ ਲਈ ਕਾਨੂੰਨ ਬਣਾਉਣਾ, ਕਿਸਾਨਾਂ ਨੂੰ ਪੂਰੀ ਤਰ੍ਹਾਂ ਕਰਜ਼ਾ ਮੁਕਤ ਕਰਨਾ, 2013 ਦੇ ਭੂਮੀ ਗ੍ਰਹਿਣ ਕਾਨੂੰਨ ਅਨੁਸਾਰ ਕਿਸਾਨਾਂ ਦੀ ਜ਼ਮੀਨ ਐਕਵਾਇਰ ਕਰਨ ਸਮੇਂ ਕੁਲੈਕਟਰ ਰੇਟ ਤੋਂ 4 ਗੁਣਾ ਵੱਧ ਮੁਆਵਜ਼ਾ ਦੇਣਾ, ਕਿਸਾਨਾਂ ਤੋਂ ਮੁਸ਼ਤਰਕਾ ਮਲਿਕਾਂ ਅਤੇ ਸ਼ਾਮਲਾਟ ਜ਼ਮੀਨਾਂ ਨਾ ਖੋਹਣਾ ਅਤੇ ਹਰਿਆਣਾ ਦੇ ਨਵੇਂ ਭੂਮੀ ਗ੍ਰਹਿਣ ਕਾਨੂੰਨ ਨੂੰ ਰੱਦ ਕਰਨਾ ਸ਼ਾਮਲ ਹਨ। ਇਸ ਤੋਂ ਇਲਾਵਾ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਇਨਸਾਫ਼ ਦਿਵਾਉਣ, ਗ੍ਰਹਿ ਰਾਜ ਮੰਤਰੀ ਅਜੈ ਟੈਣੀ ਦੀ ਗ੍ਰਿਫ਼ਤਾਰੀ ਤੇ ਮੁਕਤ ਵਪਾਰ ਸਮਝੌਤਿਆਂ ’ਤੇ ਪਾਬੰਦੀ ਲਾਉਣ ਦੀ ਮੰਗ ਵੀ ਕੀਤੀ ਗਈ।

ਐੱਸ. ਵਾਈ. ਐੱਲ ਕੋਈ ਮੁੱਦਾ ਨਹੀਂ : ਡੱਲੇਵਾਲ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਐੱਸ. ਵਾਈ. ਐੱਲ. ਕੋਈ ਮੁੱਦਾ ਨਹੀਂ ਹੈ। ਇਹ ਮੁੱਦਾ ਸਿਆਸੀ ਲੋਕਾਂ ਵੱਲੋਂ ਉਠਾਇਆ ਜਾ ਰਿਹਾ ਹੈ। ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਆਪਸ ਵਿਚ ਲੜਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਸਿਆਸਤਦਾਨ ਇਸ ਦਾ ਫਾਇਦਾ ਉਠਾ ਰਹੇ ਹਨ।


Tanu

Content Editor

Related News