ਕਿਸਾਨਾਂ ਨੇ ਖੂਨ ਨਾਲ ਪੱਤਰ ਲਿਖ ਕੇ ਰਾਸ਼ਟਰਪਤੀ ਤੋਂ ਮੰਗੀ ਇੱਛਾ ਮੌਤ

09/24/2021 9:51:26 PM

ਭਿਵਾਨੀ - ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਖੇਤਾਂ ਵਿੱਚ ਬਿਜਲੀ ਦੇ ਟਾਵਰ ਲਗਾਏ ਜਾਣ ਦੇ ਵਿਰੋਧ ਵਿੱਚ ਨਿਮੜੀਵਾਲੀ ਪਿੰਡ ਵਿੱਚ ਧਰਨਾ ਦੇ ਰਹੇ ਕਿਸਾਨਾਂ ਨੇ ਖੂਨ ਨਾਲ ਪੱਤਰ ਲਿਖ ਕੇ ਰਾਸ਼ਟਰਪਤੀ ਤੋਂ ਮੁਆਵਜ਼ਾ ਦੀ ਮੰਗ ਅਤੇ ਇੱਛਾ ਮੌਤ ਦੇਣ ਦੀ ਮੰਗ ਕੀਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਬਿਨਾਂ ਮੁਆਵਜ਼ਾ ਦਿੱਤੇ ਅਤੇ ਉਨ੍ਹਾਂ ਦੀ ਮਰਜ਼ੀ ਦੇ ਬਿਨਾਂ ਜ਼ਬਰਦਸਤੀ ਉਨ੍ਹਾਂ ਦੇ ਖੇਤਾਂ ਵਿੱਚ ਟਾਵਰ ਲਗਾ ਦਿੱਤੇ ਗਏ ਹਨ ਜਿਸ ਦੇ ਖ਼ਿਲਾਫ਼ ਕਰੀਬ ਡੇਢ ਦਰਜਨ ਪਿੰਡਾਂ ਦੇ ਕਿਸਾਨ ਨਿਮੜੀਵਾਲੀ ਪਿੰਡ ਵਿੱਚ ਪਿਛਲੇ 100 ਦਿਨ ਤੋਂ ਧਰਨਾ ਦੇ ਰਹੇ ਹਨ।

ਇਹ ਵੀ ਪੜ੍ਹੋ - ਰੋਹਿਣੀ ਅਦਾਲਤ ਗੋਲੀਬਾਰੀ ਮਾਮਲਾ: ਵਕੀਲਾਂ ਵੱਲੋਂ ਜਾਂਚ ਦੀ ਮੰਗ, ਕੰਮ ਦੇ ਬਾਈਕਾਟ ਦਾ ਕੀਤਾ ਐਲਾਨ

ਇਸ ਮੌਕੇ ਧਰਨਾ ਦੇ ਰਹੇ ਕਿਸਾਨਾਂ ਨੂੰ ਸੰਬੋਧਿਤ ਕਰਦੇ ਹੋਏ ਭਾਰਤੀ ਕਿਸਾਨ ਯੁਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਆਰਿਆ ਨੇ ਕਿਹਾ ਕਿ ਦੇਸ਼ ਭਰ ਦੀ ਜਨਤਾ ਦਾ ਢਿੱਡ ਭਰਨ ਵਾਲੇ ਰੱਬ ਅੱਜ ਭਾਜਪਾ ਸਰਕਾਰ ਦੀ ਕਿਸਾਨ ਵਿਰੋਧੀ ਨੀਤੀਆਂ ਕਾਰਨ ਇੱਛਾ ਮੌਤ ਮੰਗਣ 'ਤੇ ਮਜ਼ਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਨਿਮੜੀਵਾਲੀ ਅਤੇ ਆਲੇ ਦੁਆਲੇ ਦੇ ਪਿੰਡਾਂ ਵਿੱਚ ਵੱਡੀਆਂ-ਵੱਡੀਆਂ ਬਿਜਲੀ ਦੀਆਂ ਲਾਈਨਾਂ ਕੱਢੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਪਿੰਡਾਂ ਦੀ ਸੀਮਾ ਵਿੱਚ ਤਾਰਾਂ ਦਾ ਜਾਲ ਵਿਛ ਗਿਆ ਹੈ, ਜਿਸ ਕਾਰਨ ਉਹ ਇਸ ਜ਼ਮੀਨ ਦਾ ਕਿਸੇ ਪ੍ਰਕਾਰ ਨਾਲ ਵਰਤੋਂ ਨਹੀਂ ਕਰ ਸਕਦੇ ਅਤੇ ਉਨ੍ਹਾਂ ਦੀ ਆਰਥਿਕ ਸਥਿਤੀ ਸੰਕਟ ਵਿੱਚ ਪੈ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਟਾਵਰਾਂ  ਦੇ ਬਦਲੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਉਹ 100 ਦਿਨਾਂ ਤੋਂ ਧਰਨੇ 'ਤੇ ਬੈਠੇ ਹਨ ਪਰ ਸਰਕਾਰ, ਕੰਪਨੀ ਅਤੇ ਪ੍ਰਸ਼ਾਸਨ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਿਹਾ।

ਆਰਿਆ ਨੇ ਦਾਅਵਾ ਕੀਤਾ ਕਿ ਇੱਥੇ ਤੱਕ ਕਿ ਵਿਧਾਇਕ ਨੇ ਉਨ੍ਹਾਂ ਨੂੰ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ ਦਾ ਭਰੋਸਾ ਦੇ ਕੇ ਧਰਨੇ ਤੋਂ ਚੁੱਕਿਆ ਸੀ ਪਰ ਅੱਜ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ, ਇਸ ਲਈ ਕਿਸਾਨਾਂ ਨੇ ਰਾਸ਼ਟਰਪਤੀ ਦੇ ਨਾਮ ਖੂਨ ਨਾਲ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਜਾਂ ਤਾਂ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਜਾਂ ਫਿਰ ਇੱਛਾ ਮੌਤ ਦਿੱਤੀ ਜਾਵੇ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

Inder Prajapati

This news is Content Editor Inder Prajapati