ਫਾਰੂਕ ਅਬਦੁੱਲਾ ਨੇ ‘ਪ੍ਰਧਾਨ ਮੰਤਰੀ ਅਹੁਦੇ ਲਈ ਸਟਾਲਿਨ’ ਦਾ ਕੀਤਾ ਸਮਰਥਨ
Thursday, Mar 02, 2023 - 10:59 AM (IST)
ਚੇਨਈ (ਭਾਸ਼ਾ)- ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ (ਐੱਨ. ਸੀ.) ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਬੁੱਧਵਾਰ ਨੂੰ ਕਿਹਾ ਕਿ ਜੇਕਰ ਵਿਰੋਧੀ ਪਾਰਟੀਆਂ ਇਕੱਠੇ ਹੋ ਕੇ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਜਿੱਤਦੀਆਂ ਹਨ ਤਾਂ ਦ੍ਰਵਿੜ ਮੁਨੇਤਰ ਕਸ਼ਗਮ (ਡੀ. ਐੱਮ. ਕੇ.) ਦੇ ਚੋਟੀ ਦੇ ਨੇਤਾ ਅਤੇ ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ. ਕੇ. ਸਟਾਲਿਨ ਦੇ ਪ੍ਰਧਾਨ ਮੰਤਰੀ ਬਣਨ ਦੀ ਸੰਭਾਵਨਾ ਹੈ।
ਸਟਾਲਿਨ ਦੇ ਜਨਮ ਦਿਨ ਸਮਾਰੋਹ ’ਚ ਹਿੱਸਾ ਲੈਣ ਲਈ ਇੱਥੇ ਪਹੁੰਚਣ ’ਤੇ ਅਬਦੁੱਲਾ ਨੇ ਪ੍ਰਧਾਨ ਮੰਤਰੀ ਅਹੁਦੇ ਲਈ ਸੰਭਾਵਿਤ ਉਮੀਦਵਾਰਾਂ ਬਾਰੇ ਪੁੱਛੇ ਜਾਣ ’ਤੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ’ਚ ਇਕਜੁੱਟ ਵਿਰੋਧੀ ਧਿਰ ਦੀ ਜਿੱਤ ਤੋਂ ਬਾਅਦ ਉਚਿਤ ਸਮੇਂ ’ਤੇ ਦੇਸ਼ ਨੂੰ ਇਕਜੁੱਟ ਕਰਨ ਅਤੇ ਇਸ ਦੀ ਅਗਵਾਈ ਕਰਨ ਲਈ ਸਰਬੋਤਮ ਵਿਅਕਤੀ ਦਾ ਫੈਸਲਾ ਲਿਆ ਜਾ ਸਕਦਾ ਹੈ।
ਸਟਾਲਿਨ ਦੇ ਪ੍ਰਧਾਨ ਮੰਤਰੀ ਬਣਨ ਦੀ ਸੰਭਾਵਨਾ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਪੱਤਰਕਾਰਾਂ ਨੂੰ ਕਿਹਾ, ਕਿਉਂ ਨਹੀਂ? ਉਹ ਪ੍ਰਧਾਨ ਮੰਤਰੀ ਕਿਉਂ ਨਹੀਂ ਬਣ ਸਕਦੇ? ਵਿਰੋਧੀ ਧਿਰ ਦੀ ਏਕਤਾ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਸਟਾਲਿਨ ਅਤੇ ਡੀ. ਐੱਮ. ਕੇ. ਨੇ ਬਹੁਤ ਵਧੀਆ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦੀ ਅਨੇਕਤਾ ਦੀ ਰੱਖਿਆ ਹੁੰਦੀ ਹੈ ਤਾਂ ਏਕਤਾ ਦੀ ਰੱਖਿਆ ਹੁੰਦੀ ਹੈ।
ਤਾਮਿਲਨਾਡੂ ਦੀ ਸੱਤਾਧਾਰੀ ਪਾਰਟੀ ਨੇ ਵਿਰੋਧੀ ਧਿਰ ਅਤੇ ਰਾਸ਼ਟਰੀ ਏਕਤਾ ਨੂੰ ਪਾਲਣ ਨੂੰ ਲੈ ਕੇ ਵਧੀਆ ਕੰਮ ਕੀਤਾ ਹੈ।