ਭਾਰਤੀ ਪਹਿਲਵਾਨਾਂ ਨੇ WFI ਮੁਖੀ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਖਤਮ ਕਰਨ ਦਾ ਐਲਾਨ ਕਰਦਿਆਂ ਕਹੀ ਇਹ ਗੱਲ
Sunday, Jun 25, 2023 - 11:54 PM (IST)
ਨਵੀਂ ਦਿੱਲੀ : ਭਾਰਤ ਦੀਆਂ ਚੋਟੀ ਦੀਆਂ ਕੁਝ ਅੰਤਰਰਾਸ਼ਟਰੀ ਰੈਂਕਿੰਗ ਵਾਲੀਆਂ ਮਹਿਲਾ ਪਹਿਲਵਾਨਾਂ ਨੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ, ਜੋ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਸਨ, 'ਤੇ ਜਿਣਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ। ਇਸ ਦੇ ਨਾਲ ਹੀ ਬ੍ਰਿਜ ਭੂਸ਼ਣ ਖ਼ਿਲਾਫ਼ ਕੇਸ ਦਰਜ ਕਰਨ ਅਤੇ ਫਿਰ ਉਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਿਛਲੇ 5 ਮਹੀਨਿਆਂ ਤੋਂ ਵਿਰੋਧ ਪ੍ਰਦਰਸ਼ਨ ਚੱਲ ਰਿਹਾ ਸੀ। ਪ੍ਰਦਰਸ਼ਨਕਾਰੀ ਭਾਰਤੀ ਪਹਿਲਵਾਨਾਂ ਨੇ ਐਤਵਾਰ ਨੂੰ WFI ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਆਪਣਾ ਅੰਦੋਲਨ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਕਿਤੇ ਫਟਿਆ ਬੱਦਲ, ਕਿਤੇ ਡਿੱਗੀ ਇਮਾਰਤ, ਦੇਸ਼ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ
ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਕਿਹਾ ਕਿ ਬ੍ਰਿਜ ਭੂਸ਼ਣ ਖ਼ਿਲਾਫ਼ ਲੜਾਈ ਸੜਕ ’ਤੇ ਨਹੀਂ ਸਗੋਂ ਅਦਾਲਤ ਵਿੱਚ ਲੜੀ ਜਾਵੇਗੀ। ਉਨ੍ਹਾਂ ਟਵੀਟ ਕਰਦਿਆਂ ਐਲਾਨ ਕੀਤਾ ਕਿ ਉਹ ਆਪਣੀ ਲੜਾਈ ਸੜਕ ਦੀ ਬਜਾਏ ਅਦਾਲਤ ਵਿੱਚ ਲੜਨਗੇ। ਪਹਿਲਵਾਨਾਂ ਵੱਲੋਂ ਲਗਾਏ ਜਿਣਸੀ ਸ਼ੋਸ਼ਣ ਦੇ ਦੋਸ਼ਾਂ ਦੇ ਮੱਦੇਨਜ਼ਰ ਪਹਿਲਵਾਨ ਡਬਲਯੂਐੱਫਆਈ ਮੁਖੀ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ।
ਬਿਆਨ ਪੋਸਟ ਕਰਨ ਤੋਂ ਕੁਝ ਮਿੰਟਾਂ ਬਾਅਦ ਵਿਨੇਸ਼ ਫੋਗਾਟ ਅਤੇ ਸਾਕਸ਼ੀ ਮਲਿਕ ਨੇ ਟਵੀਟ ਕੀਤਾ ਕਿ ਉਹ ਕੁਝ ਦਿਨਾਂ ਲਈ ਸੋਸ਼ਲ ਮੀਡੀਆ ਤੋਂ ਬ੍ਰੇਕ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਡਬਲਯੂਐੱਫਆਈ 'ਚ ਸੁਧਾਰਾਂ ਸਬੰਧੀ ਵਾਅਦੇ ਮੁਤਾਬਕ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਅਸੀਂ 11 ਜੁਲਾਈ ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਸਰਕਾਰ ਵੱਲੋਂ ਕੀਤੇ ਵਾਅਦਿਆਂ ਦੇ ਪੂਰਾ ਹੋਣ ਦੀ ਉਡੀਕ ਕਰਾਂਗੇ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।