ਸਰਕਾਰੀ ਹਸਪਤਾਲ ''ਚ ਲੱਗੀ ਅੱਗ, 150 ਮਰੀਜ਼ਾਂ ਨੂੰ ਬਚਾਇਆ ਗਿਆ
Tuesday, Mar 18, 2025 - 03:29 PM (IST)

ਰਾਜੌਰੀ/ਜੰਮੂ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸਰਕਾਰੀ ਮੈਡੀਕਲ ਕਾਲਜ (GMC) 'ਚ ਮੰਗਲਵਾਰ ਨੂੰ ਅੱਗ ਲੱਗ ਗਈ, ਜਿਸ ਤੋਂ ਬਾਅਦ 150 ਤੋਂ ਵੱਧ ਮਰੀਜ਼ਾਂ ਨੂੰ ਹਸਪਤਾਲ 'ਚੋਂ ਬਾਹਰ ਕੱਢਿਆ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਕ ਮੰਗਲਵਾਰ ਸਵੇਰੇ ਰਾਜੌਰੀ ਸ਼ਹਿਰ ਸਥਿਤ ਹਸਪਤਾਲ ਦੀ ਪਹਿਲੀ ਮੰਜ਼ਿਲ 'ਚ ਅੱਗ ਲੱਗ ਗਈ।
ਫਾਇਰ ਐਂਡ ਐਮਰਜੈਂਸੀ ਸੇਵਾਵਾਂ ਦੇ ਸਹਾਇਕ ਡਾਇਰੈਕਟਰ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਅੱਗ 'ਤੇ ਇਕ ਘੰਟੇ ਦੇ ਅੰਦਰ ਕਾਬੂ ਪਾ ਲਿਆ ਗਿਆ ਪਰ ਇਸ ਘਟਨਾ ਵਿਚ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਵਾਰਡਾਂ 'ਚ ਧੂੰਆਂ ਭਰਨ ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਸੇਵਾਦਾਰਾਂ ਨੂੰ ਹਸਪਤਾਲ ਦੀ ਇਮਾਰਤ 'ਚੋਂ ਬਾਹਰ ਕੱਢਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਅੱਗ ਬੁਝਾਉਣ ਲਈ ਤਿੰਨ ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ ਹਨ।
ਅਧਿਕਾਰੀਆਂ ਨੇ ਕਿਹਾ ਕਿ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਰਾਜੌਰੀ ਦੇ ਡਿਪਟੀ ਕਮਿਸ਼ਨਰ ਅਭਿਸ਼ੇਕ ਸ਼ਰਮਾ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਆਪਣੀ ਟੀਮ ਨਾਲ ਹਸਪਤਾਲ ਦਾ ਦੌਰਾ ਕੀਤਾ। ਡਿਪਟੀ ਕਮਿਸ਼ਨਰ ਸ਼ਰਮਾ ਨੇ ਕਿਹਾ ਕਿ ਸਾਡੀ ਤਰਜੀਹ ਹਸਪਤਾਲ ਦੇ ਬਾਹਰੀ ਰੋਗੀ ਵਿਭਾਗ (ਓ. ਪੀ. ਡੀ) ਸੇਵਾਵਾਂ ਸਮੇਤ ਆਮ ਕਾਰਵਾਈਆਂ ਨੂੰ ਬਹਾਲ ਕਰਨਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਅਧਿਕਾਰੀਆਂ ਨੇ ਦੱਸਿਆ ਕਿ ਹਸਪਤਾਲ ਦੇ ਸਟਾਫ ਅਤੇ ਕਈ ਵਲੰਟੀਅਰਾਂ ਨੇ ਤੇਜ਼ੀ ਨਾਲ ਕੰਮ ਕੀਤਾ ਅਤੇ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਫਾਇਰ ਫਾਈਟਰਜ਼ ਨੇ ਅੱਗ 'ਤੇ ਕਾਬੂ ਪਾ ਲਿਆ।