ਮਠਿਆਈ ਦੀ ਦੁਕਾਨ ਦੇ ਬਾਹਰ ਚੱਲੀਆਂ ਤਾੜ-ਤਾੜ ਗੋਲੀਆਂ, ਇਲਾਕੇ ''ਚ ਫੈਲੀ ਸਨਸਨੀ
Saturday, Aug 24, 2024 - 10:30 AM (IST)

ਨਵੀਂ ਦਿੱਲੀ- ਪੱਛਮੀ ਦਿੱਲੀ ਦੇ ਤਿਲਕ ਨਗਰ ਇਲਾਕੇ ਵਿਚ ਦੋ ਹਥਿਆਰਬੰਦ ਹਮਲਾਵਰਾਂ ਨੇ ਇਕ ਮਠਿਆਈ ਦੀ ਦੁਕਾਨ 'ਤੇ ਗੋਲੀਬਾਰੀ ਕੀਤੀ। ਹਾਲਾਂਕਿ ਗਨੀਮਤ ਇਹ ਰਹੀ ਕਿ ਇਸ ਘਟਨਾ ਵਿਚ ਕੋਈ ਜ਼ਖ਼ਮੀ ਨਹੀਂ ਹੋਇਆ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਰਾਤ 11 ਵਜੇ 'ਸਿੰਗਲਾ ਸਟੀਵ ਸ਼ਾਪ' ਦੇ ਬਾਹਰ ਹੋਈ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ ਮੁਤਾਬਕ ਦੋ ਲੋਕ ਮੋਟਰਸਾਈਕਲ 'ਤੇ ਆਏ ਅਤੇ ਉਨ੍ਹਾਂ ਨੇ ਦੁਕਾਨ ਦੇ ਸਾਹਮਣੇ ਦੇ ਸ਼ੀਸ਼ੇ 'ਤੇ ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਫਰਾਰ ਹੋ ਗਏ। ਗੋਲੀਬਾਰੀ ਦੀ ਘਟਨਾ ਮਗਰੋਂ ਇਲਾਕੇ ਵਿਚ ਸਨਸਨੀ ਫੈਲ ਗਈ।
ਅਧਿਕਾਰੀਆਂ ਮੁਤਾਬਕ ਘਟਨਾ ਵਾਲੀ ਥਾਂ ਤੋਂ 4 ਖਾਲੀ ਕਾਰਤੂਸ ਬਰਾਮਦ ਕੀਤੇ ਗਏ ਹਨ ਪਰ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਮਾਮਲੇ ਵਿਚ FIR ਦਰਜ ਕਰ ਲਈ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀ ਮੁਤਾਬਕ ਇਹ ਜ਼ਬਰਨ ਵਸੂਲੀ ਦਾ ਮਾਮਲਾ ਲੱਗਦਾ ਹੈ। ਉਨ੍ਹਾਂ ਨੇ ਕਿਹਾ ਕਿ ਵਧੇਰੇ ਜਾਣਕਾਰੀ ਇਕੱਠੀ ਕਰਨ ਅਤੇ ਹਮਲਾਵਰਾਂ ਦਾ ਪਤਾ ਲਾਉਣ ਲਈ ਕਈ ਟੀਮਾਂ ਦਾ ਗਠਨ ਕੀਤਾ ਗਿਆ ਹੈ।