ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪਾਈ ਵੋਟ, ਕਿਹਾ- ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਜ਼ਰੂਰ ਪਾਓ
Saturday, May 25, 2024 - 03:20 PM (IST)
ਨਵੀਂ ਦਿੱਲੀ- ਲੋਕ ਸਭਾ ਚੋਣਾਂ ਦੇ 6ਵੇਂ ਪੜਾਅ ਲਈ ਅੱਜ ਯਾਨੀ ਕਿ 25 ਮਈ ਵੋਟਾਂ ਪੈ ਰਹੀਆਂ ਹਨ। ਇਸ ਪੜਾਅ ਵਿਚ 6 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 58 ਸੀਟਾਂ 'ਤੇ ਵੋਟਾਂ ਪੈ ਰਹੀਆਂ ਹਨ। ਦਿੱਲੀ ਦੀਆਂ 7 ਅਤੇ ਹਰਿਆਣਾ ਦੀਆਂ 10 ਸੀਟਾਂ ਸਮੇਤ ਉੱਤਰ ਪ੍ਰਦੇਸ਼ ਦੀ 14, ਬਿਹਾਰ ਦੀਆਂ 8, ਪੱਛਮੀ ਬੰਗਾਲ ਦੀਆਂ 8, ਝਾਰਖੰਡ ਦੀਆਂ 4 ਅਤੇ ਓਡੀਸ਼ਾ ਦੀਆਂ 6 ਸੀਟਾਂ ਅਤੇ ਇਸ ਦੇ ਨਾਲ ਹੀ ਜੰਮੂ ਕਸ਼ਮੀਰ ਦੀ ਅਨੰਤਨਾਗ-ਰਾਜੌਰੀ ਸੀਟ ਲਈ ਵੀ ਇਸੇ ਪੜਾਅ 'ਚ ਵੋਟਿੰਗ ਹੋ ਰਹੀ ਹੈ। ਦੱਸ ਦੇਈਏ ਕਿ ਅੱਜ 6ਵੇਂ ਪੜਾਅ ਦੀ ਵੋਟਿੰਗ ਮਗਰੋਂ 7ਵੇਂ ਅਤੇ ਆਖ਼ਰੀ ਪੜਾਅ ਲਈ 1 ਜੂਨ ਨੂੰ ਵੋਟਿੰਗ ਹੋਵੇਗੀ ਅਤੇ 4 ਜੂਨ ਨੂੰ ਨਤੀਜੇ ਆਉਣਗੇ।
ਵੋਟਿੰਗ ਨੂੰ ਲੈ ਕੇ ਜਿੱਥੇ ਲੋਕਾਂ ਵਿਚ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ, ਉੱਥੇ ਹੀ ਕਈ ਨੇਤਾਵਾਂ ਵਲੋਂ ਵੀ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ ਗਿਆ। ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਵੋਟ ਪਾਈ। ਦਿੱਲੀ ਵਿਖੇ ਵੋਟ ਪਾਉਣ ਮਗਰੋਂ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇਸ਼ ਹੋਣ 'ਤੇ ਸਾਨੂੰ ਸਾਰਿਆਂ ਨੂੰ ਮਾਣ ਹੈ। ਮੈਂ ਚਾਹੁੰਦਾ ਹਾਂ ਕਿ ਲੋਕਤੰਤਰ ਦੀ ਮਜ਼ਬੂਤੀ ਲਈ, ਵਿਕਸਿਤ ਭਾਰਤ ਲਈ ਹਰ ਦੇਸ਼ ਵਾਸੀ ਵੋਟ ਦੇ ਅਧਿਕਾਰ ਦੇ ਇਸਤੇਮਾਲ ਕਰੇ।
ਦੱਸ ਦੇਈਏ ਰਾਮਨਾਥ ਕੋਵਿੰਦ ਤੋਂ ਪਹਿਲਾਂ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਜੈਸ਼ੰਕਰ, ਆਤਿਸ਼ੀ, ਸੌਰਭ ਭਾਰਦਵਾਜ, ਗੌਤਮ ਗੰਭੀਰ, ਅਰਵਿੰਦ ਕੇਜਰੀਵਾਲ ਨੇ ਆਪਣੇ ਪਰਿਵਾਰ ਸਮੇਤ ਵੋਟ ਪਾਈ। ਗਰਮੀ ਦੇ ਕਹਿਰ ਦੇ ਬਾਵਜੂਦ ਵੋਟਿੰਗ ਨੂੰ ਲੈ ਕੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।