ਗੌਤਮ ਅਡਾਨੀ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਲੋੜ : ਰਾਹੁਲ ਗਾਂਧੀ

Thursday, Nov 21, 2024 - 02:16 PM (IST)

ਗੌਤਮ ਅਡਾਨੀ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਲੋੜ : ਰਾਹੁਲ ਗਾਂਧੀ

ਨਵੀਂ ਦਿੱਲੀ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਉਦਯੋਗਪਤੀ ਗੌਤਮ ਅਡਾਨੀ 'ਤੇ ਅਮਰੀਕੀ ਵਕੀਲਾਂ ਵਲੋਂ ਲਗਾਏ ਗਏ ਦੋਸ਼ਾਂ ਨੂੰ ਲੈ ਕੇ ਅਡਾਨੀ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਗੌਤਮ ਅਡਾਨੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨ੍ਹਾਂ ਨਾਲ ਮਿਲੇ ਹੋਏ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਇਹ ਬਿਲਕੁਲ ਸਪੱਸ਼ਟ ਹੋ ਗਿਆ ਹੈ ਕਿ ਅਡਾਨੀ ਨੇ ਅਮਰੀਕਾ ਅਤੇ ਭਾਰਤ ਦੋਵਾਂ ਦੇਸ਼ਾਂ ਵਿਚ ਕਾਨੂੰਨ ਨੂੰ ਤੋੜਿਆ। ਮੈਂ ਹੈਰਾਨ ਹਾਂ ਕਿ ਅਡਾਨੀ ਆਜ਼ਾਦ ਕਿਉਂ ਘੁੰਮ ਰਹੇ ਹਨ ਜਦਕਿ ਕਈ ਮਾਮਲਿਆਂ ਵਿਚ ਮੁੱਖ ਮੰਤਰੀਆਂ ਤੱਕ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਅਡਾਨੀ ਨੂੰ ਸੁਰੱਖਿਆ ਦੇ ਰਹੇ ਹਨ ਅਤੇ ਅਡਾਨੀ ਨਾਲ ਅਪਰਾਧ 'ਚ ਸ਼ਾਮਲ ਹਨ। ਰਾਹੁਲ ਗਾਂਧੀ ਨੇ ਕਿਹਾ ਅਡਾਨੀ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ, ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ। ਇਸ ਵਿਚ ਸ਼ਾਮਲ ਲੋਕਾਂ ਦੇ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ। ਰਾਹੁਲ ਨੇ ਦਾਅਵਾ ਕੀਤਾ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਨਾਮ ਆਖ਼ਰਕਾਰ ਸਾਹਮਣੇ ਆਵੇਗਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਸਾਂਝੀ ਸੰਸਦੀ ਕਮੇਟੀ (JPC) ਦੇ ਗਠਨ ਦੀ ਮੰਗ ਜਾਰੀ ਰੱਖੇਗੀ।

ਅਮਰੀਕੀ ਵਕੀਲਾਂ ਨੇ ਅਡਾਨੀ ਅਤੇ ਉਸ ਦੇ ਭਤੀਜੇ ਸਾਗਰ ਅਡਾਨੀ 'ਤੇ ਸੂਰਜੀ ਊਰਜਾ ਦੇ ਠੇਕੇ ਹਾਸਲ ਕਰਨ ਲਈ ਭਾਰਤ ਦੇ ਸਰਕਾਰੀ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਦਾ ਦੋਸ਼ ਲਗਾਇਆ ਹੈ। ਇਸ ਕਥਿਤ ਯੋਜਨਾ ਤਹਿਤ 2020 ਤੋਂ 2024 ਤੱਕ 25 ਕਰੋੜ ਡਾਲਰ (ਕਰੀਬ 2236 ਕਰੋੜ ਰੁਪਏ) ਦੀ ਰਿਸ਼ਵਤ ਦਿੱਤੀ ਗਈ। ਅਡਾਨੀ 'ਤੇ ਭਾਰਤੀ ਉਪ ਮਹਾਂਦੀਪ ਵਿਚ ਸੋਲਰ ਪ੍ਰੋਜੈਕਟਾਂ ਲਈ ਠੇਕੇ ਅਤੇ ਫੰਡ ਹਾਸਲ ਕਰਨ ਲਈ ਭਾਰੀ ਰਿਸ਼ਵਤ ਦੇਣ ਅਤੇ ਇਸ ਨੂੰ ਅਮਰੀਕੀ ਨਿਵੇਸ਼ਕਾਂ ਤੋਂ ਲੁਕਾਉਣ ਦਾ ਦੋਸ਼ ਹੈ। ਅਡਾਨੀ ਦੇ ਨਾਲ ਦੋਸ਼ ਲਗਾਏ ਗਏ ਹੋਰਨਾਂ ਵਿਚ ਅਡਾਨੀ ਗ੍ਰੀਨ ਐਨਰਜੀ ਦੇ ਕਾਰਜਕਾਰੀ ਨਿਰਦੇਸ਼ਕ ਉਸ ਦੇ ਭਤੀਜੇ ਸਾਗਰ ਅਡਾਨੀ ਅਤੇ ਕੰਪਨੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਵਿਨੀਤ ਜੈਨ ਸ਼ਾਮਲ ਹਨ।


author

Tanu

Content Editor

Related News