''ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ''ਹੰਕਾਰ'' ਅਤੇ ''ਜਿੱਦ'' ਛੱਡ ਦੇਣੀ ਚਾਹੀਦੈ''
Wednesday, Dec 16, 2020 - 05:32 PM (IST)
ਨਵੀਂ ਦਿੱਲੀ (ਭਾਸ਼ਾ)— ਦਿੱਲੀ ਦੇ ਵਿਕਾਸ ਮੰਤਰੀ ਗੋਪਾਲ ਰਾਏ ਨੇ ਬੁੱਧਵਾਰ ਯਾਨੀ ਕਿ ਅੱਜ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀ ਸਰਹੱਦ 'ਤੇ ਕਿਸਾਨ ਕੜਾਕੇ ਦੀ ਠੰਡ ਵਿਚ ਪ੍ਰਦਰਸ਼ਨ ਕਰ ਰਹੇ ਹਨ ਅਤੇ ਅਜਿਹੇ ਵਿਚ ਸਰਕਾਰ ਨੂੰ 'ਹੰਕਾਰ' ਅਤੇ 'ਜਿੱਦ' ਛੱਡ ਦੇਣੀ ਚਾਹੀਦੀ ਹੈ। ਆਮ ਆਦਮੀ ਪਾਰਟੀ (ਆਪ) ਦੀ ਦਿੱਲੀ ਇਕਾਈ ਦੇ ਕਨਵੀਨਰ ਗੋਪਾਲ ਰਾਏ ਨੇ ਕਿਹਾ ਕਿ ਕੇਜਰੀਵਾਲ ਅਗਵਾਈ ਵਾਲੀ ਸਰਕਾਰ ਅਤੇ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੇ ਸੰਘਰਸ਼ ਨਾਲ ਹਮੇਸ਼ਾ ਖੜ੍ਹੀ ਹੈ ਅਤੇ ਪ੍ਰਦਰਸ਼ਨ ਦੌਰਾਨ ਉਨ੍ਹਾਂ ਲਈ ਕੁਝ ਵਿਵਸਥਾਵਾਂ ਵੀ ਕਰ ਰਹੀ ਹੈ।
ਸਿੰਘੂ ਸਰਹੱਦ 'ਤੇ ਜਾਣ ਤੋਂ ਬਾਅਦ ਰਾਏ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਲਈ ਲੰਗਰ ਸੇਵਾ, ਪਾਣੀ ਅਤੇ ਪਖਾਨੇ ਦੀ ਵਿਵਸਥਾ ਕੀਤੀ ਹੈ। ਕਰੀਬ ਤਿੰਨ ਹਫ਼ਤਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਇੱਥੇ ਮੌਜੂਦ ਹਨ। ਉਨ੍ਹਾਂ ਨੇ ਕਿਹਾ ਕਿ ਸਾਡੇ ਸਵੈ-ਸੇਵਕ, ਵਿਧਾਇਕ ਅਤੇ ਕੌਂਸਲਰ ਵੀ ਸੇਵਾਵਾਂ ਦੇ ਰਹੇ ਹਨ। ਆਮ ਆਦਮੀ ਪਾਰਟੀ ਅਤੇ ਉਸ ਦੀ ਸਰਕਾਰ ਪੂਰੀ ਤਰ੍ਹਾਂ ਨਾਲ ਕਿਸਾਨਾਂ ਦਾ ਸਮਰਥਨ ਕਰਦੀ ਹੈ।
ਰਾਏ ਨੇ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਵਲੋਂ ਪਾਸ ਨਵੇਂ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਆਪਣੇ ਪ੍ਰਦਰਸ਼ਨ ਦੌਰਾਨ ਮੁਸ਼ਕਲਾਂ ਅਤੇ ਕੜਾਕੇ ਦੀ ਠੰਡ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ, ਅਜਿਹੇ ਵਿਚ ਇਹ ਪ੍ਰਦਰਸ਼ਨ ਬਦਕਿਸਮਤੀ ਹੈ। ਕਿਸਾਨ ਇੱਥੇ ਪਿਛਲੇ 20 ਦਿਨਾਂ ਤੋਂ ਡਟੇ ਹਨ, ਲਿਹਾਜ਼ਾ ਕੇਂਦਰ ਸਰਕਾਰ ਨੂੰ ਆਪਣਾ ਹੰਕਾਰ ਅਤੇ ਜਿੱਦ ਤਿਆਗ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਮਨਜ਼ੂਰ ਕਰ ਲੈਣਾ ਚਾਹੀਦਾ ਹੈ। ਰਾਏ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਜੇਕਰ ਕਿਸਾਨਾਂ ਨੂੰ ਰਾਮਲੀਲਾ ਮੈਦਾਨ ਵਿਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇ ਦਿੰਦੀ ਤਾਂ ਇਸ ਗਤੀਰੋਧ ਅਤੇ ਸੜਕ ਜਾਮ ਤੋਂ ਬਚਿਆ ਜਾ ਸਕਦਾ ਸੀ। ਸਰਕਾਰ ਨੂੰ ਅੱਜ ਨਹੀਂ ਤਾਂ ਕੱਲ੍ਹ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਹੀ ਪੈਣਗੀਆਂ।
ਨੋਟ: ਗੋਪਾਲ ਰਾਏ ਦੀ ਇਸ ਸੁਝਾਅ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ