ਬਦਲ ਗਿਆ ਸਰਕਾਰੀ ਦਫਤਰਾਂ ਦੇ ਖੁੱਲਣ ਦਾ ਸਮਾਂ, ''ਆਪ'' ਸਰਕਾਰ ਨੇ ਜਾਰੀ ਕੀਤੇ ਹੁਕਮ

Monday, Nov 18, 2024 - 07:33 PM (IST)

ਬਦਲ ਗਿਆ ਸਰਕਾਰੀ ਦਫਤਰਾਂ ਦੇ ਖੁੱਲਣ ਦਾ ਸਮਾਂ, ''ਆਪ'' ਸਰਕਾਰ ਨੇ ਜਾਰੀ ਕੀਤੇ ਹੁਕਮ

ਨੈਸ਼ਨਲ ਡੈਸਕ : ਮੌਸਮ ਵਿੱਚ ਠੰਡ ਵੱਧਣ ਦੇ ਨਾਲ-ਨਾਲ ਪ੍ਰਦੂਸ਼ਣ ਦਾ ਪੱਧਰ ਵੀ ਵੱਧਦਾ ਜਾ ਰਿਹਾ ਹੈ। ਜਿਸ ਕਾਰਨ ਹੁਣ ਸਰਕਾਰ ਨੇ ਸਰਕਾਰੀ ਦਫਤਰਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਨੇ ਇਹ ਫੈਸਲਾ ਗ੍ਰੈਪ ਦੇ ਨਿਯਮਾਂ ਤਹਿਤ ਲਿਆ ਹੈ। ਦਿੱਲੀ ਸਰਕਾਰ ਨੇ ਸਰਕਾਰੀ ਦਫਤਰਾਂ ਦੇ ਕੰਮਕਾਜ ਲਈ ਵੱਖ-ਵੱਖ ਸਮੇਂ ਦਾ ਐਲਾਨ ਕੀਤਾ ਹੈ। ਦਿੱਲੀ ਸਰਕਾਰ ਦੇ ਆਮ ਪ੍ਰਸ਼ਾਸਨ ਵਿਭਾਗ ਨੇ ਇਹ ਹੁਕਮ ਜਾਰੀ ਕੀਤਾ ਹੈ। ਇਸ ਹੁਕਮ ਦੇ ਅਨੁਸਾਰ, ਐਮਸੀਡੀ ਦਫ਼ਤਰ ਸਵੇਰੇ 8:30 ਵਜੇ ਤੋਂ ਸ਼ਾਮ 5 ਵਜੇ ਤੱਕ ਅਤੇ ਦਿੱਲੀ ਸਰਕਾਰ ਦੇ ਦਫ਼ਤਰ ਸਵੇਰੇ 10 ਵਜੇ ਤੋਂ ਸ਼ਾਮ 6:30 ਵਜੇ ਤੱਕ ਕੰਮ ਕਰਨਗੇ। ਇਹ ਹੁਕਮ 28 ਫਰਵਰੀ 2025 ਤੱਕ ਲਾਗੂ ਰਹੇਗਾ।

LNJP ਵਿੱਚ ਵਿਸ਼ੇਸ਼ ਟਾਸਕ ਫੋਰਸ ਬਣਾਉਣ ਦੇ ਨਿਰਦੇਸ਼

ਇਸ ਦੌਰਾਨ ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਦੱਸਿਆ ਕਿ ਦਿੱਲੀ ਸਰਕਾਰ ਨੇ ਸਿਹਤ ਵਿਭਾਗ ਨੂੰ ਪ੍ਰਦੂਸ਼ਣ ਨਾਲ ਸਬੰਧਤ ਮੈਡੀਕਲ ਐਮਰਜੈਂਸੀ ਦੀ ਸਥਿਤੀ ਨਾਲ ਨਜਿੱਠਣ ਲਈ ਲੋਕਨਾਇਕ ਜੈਪ੍ਰਕਾਸ਼ (ਐੱਲ. ਐੱਨ. ਜੇ. ਪੀ.) ਹਸਪਤਾਲ ਵਿੱਚ ਵਿਸ਼ੇਸ਼ ਟਾਸਕ ਫੋਰਸ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਓਡ-ਈਵਨ ਯੋਜਨਾ ਨੂੰ ਲਾਗੂ ਕਰਨ ਨਾਲ ਜੁੜੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਪ੍ਰਦੂਸ਼ਣ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਸਰਕਾਰ ਸਾਰੇ ਜ਼ਰੂਰੀ ਕਦਮ ਚੁੱਕੇਗੀ।

ਗੋਪਾਲ ਰਾਏ ਨੇ ਕਿਹਾ, "ਮੈਂ ਸਿਹਤ ਵਿਭਾਗ ਨੂੰ ਮੈਡੀਕਲ ਐਮਰਜੈਂਸੀ ਨਾਲ ਨਜਿੱਠਣ ਲਈ ਐਲਐਨਜੇਪੀ ਹਸਪਤਾਲ ਵਿੱਚ ਇੱਕ ਵਿਸ਼ੇਸ਼ ਟਾਸਕ ਫੋਰਸ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।"

ਸੁੱਤੀ ਪਈ ਹੈ ਕੇਂਦਰ ਸਰਕਾਰ : ਗੋਪਾਲ ਰਾਏ

ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਪੂਰਾ ਉੱਤਰ ਭਾਰਤ ਹਵਾ ਪ੍ਰਦੂਸ਼ਣ ਦੇ ਗੰਭੀਰ ਪੱਧਰ ਦਾ ਸਾਹਮਣਾ ਕਰ ਰਿਹਾ ਹੈ ਪਰ ਕੇਂਦਰ ਸਰਕਾਰ ਸੁੱਤੀ ਹੋਈ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਉੱਤਰੀ ਭਾਰਤ ਵਿੱਚ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ ਨਾਲ ਨਜਿੱਠਣ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਸਨ। ਉਨ੍ਹਾਂ ਕਿਹਾ, "ਇਸ ਨਾਜ਼ੁਕ ਸਮੇਂ 'ਤੇ ਤੁਰੰਤ ਕਾਰਵਾਈ ਦੀ ਲੋੜ ਦੇ ਬਾਵਜੂਦ, ਭਾਜਪਾ ਚੁੱਪ ਹੈ ਅਤੇ ਕੇਂਦਰ ਸਰਕਾਰ ਸੌਂ ਰਹੀ ਹੈ।"

ਦਿੱਲੀ ਦੇ ਮੰਤਰੀ ਨੇ ਦਾਅਵਾ ਕੀਤਾ, "ਜੇਕਰ ਕੇਂਦਰ ਸਰਕਾਰ ਨੇ ਸਹਿਯੋਗ ਦਿੱਤਾ ਹੁੰਦਾ ਅਤੇ ਸਮੇਂ ਸਿਰ ਕਾਰਵਾਈ ਕੀਤੀ ਹੁੰਦੀ ਤਾਂ ਦਿੱਲੀ ਦੇ ਲੋਕਾਂ ਨੂੰ ਇਨ੍ਹਾਂ ਖ਼ਤਰਨਾਕ ਹਾਲਾਤਾਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ।" ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਸੰਕਟਕਾਲੀਨ ਕਦਮ ਚੁੱਕੇ। ਏਅਰ ਕੁਆਲਿਟੀ ਇੰਡੈਕਸ (AQI) ਦੇ 450 ਨੂੰ ਪਾਰ ਕਰਨ ਤੋਂ ਬਾਅਦ, ਦਿੱਲੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ ਵਿੱਚ GRAP ਦੇ ਚੌਥੇ ਪੜਾਅ ਦੇ ਤਹਿਤ ਕਈ ਉਪਾਅ ਕੀਤੇ ਹਨ।
 


author

DILSHER

Content Editor

Related News